ਸ਼੍ਰੋਮਣੀ ਅਕਾਲੀ ਦਲ ਨੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਦੇ ਅਹੁਦੇ ’ਤੇ ਭਾਜਪਾ ਨਾਲ ਹਾਲ ਦੀ ਘੜੀ ਨਾਰਾਜ਼ਗੀ ਜ਼ਾਹਿਰ ਕਰਨ ਦਾ ਪੈਂਤੜਾ ਤਿਆਗ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਦਿੱਲੀ ਵਿੱਚ ਲਗਾਤਾਰ ਦੋ ਦਿਨ ਹੋਈਆਂ ਮੀਟਿੰਗਾਂ ਤੋਂ ਬਾਅਦ ਇਹੀ ਸਿੱਟਾ ਕੱਢਿਆ ਗਿਆ ਕਿ ਭਾਜਪਾ ਵੱਲੋਂ ਜਿੱਚ ਕੀਤੇ ਜਾਣ ਦੇ ਬਾਵਜੂਦ ਸਾਥ ਨਿਭਾਇਆ ਜਾਵੇ। ਸੂਤਰਾਂ ਦਾ ਦੱਸਣਾ ਹੈ ਕਿ ਸੋਮਵਾਰ ਸ਼ਾਮੀਂ ਹੋਈ ਮੀਟਿੰਗ ਦੌਰਾਨ ਅਕਾਲੀ ਲੀਡਰਸ਼ਿਪ ਵੱਲੋਂ ਇਹੋ ਮਨ ਬਣਾਇਆ ਗਿਆ ਸੀ ਕਿ ਡਿਪਟੀ ਚੇਅਰਮੈਨ ਦੀ ਚੋਣ ਮੌਕੇ ਬਾਈਕਾਟ ਕਰ ਦਿੱਤਾ ਜਾਵੇ। ਛੋਟੇ ਬਾਦਲ ਦੀ ਪ੍ਰਧਾਨਗੀ ਹੇਠ ਹੋਈਆਂ ਮੀਟਿੰਗਾਂ ਵਿੱਚ ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਨਰੇਸ਼ ਗੁਜਰਾਲ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਆਦਿ ਸ਼ਾਮਲ ਸਨ। ਮੰਗਲਵਾਰ ਸਵੇਰੇ ਸਮੇਂ ਹੋਈ ਮੀਟਿੰਗ ਦੌਰਾਨ ਵੀ ਇਸ ਫੈਸਲੇ ’ਤੇ ਕਾਇਮ ਰਹਿਣ ਦਾ ਅਹਿਦ ਕੀਤਾ ਗਿਆ ਪਰ ਸ਼ਾਮ ਸਮੇਂ ਸੁਖਬੀਰ ਸਿੰਘ ਬਾਦਲ ਅਤੇ ਅਮਿਤ ਸ਼ਾਹ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਅਕਾਲੀ ਦਲ ਨੇ ਭਾਜਪਾ ਦੇ ਖਿਲਾਫ਼ ਨਾ ਜਾਣ ਦਾ ਫੈਸਲਾ ਕੀਤਾ। ਸੀਨੀਅਰ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਪਾਰਟੀ ਦੀ ਲੀਡਰਸ਼ਿਪ ਨੂੰ ਭਾਜਪਾ ਦੀ ਹਾਂ ’ਚ ਹਾਂ ਮਿਲਾਉਣ ਦਾ ਹੀ ਮਸ਼ਵਰਾ ਦਿੱਤਾ ਗਿਆ।
ਅਕਾਲੀ ਦਲ ਦੀਆਂ ਗਤੀਵਿਧੀਆਂ ਤੋਂ ਇਹੀ ਗੱਲ ਸਾਹਮਣੇ ਆਈ ਹੈ ਕਿ ਪਾਰਟੀ ਵੱਲੋਂ ਭਾਜਪਾ ਲੀਡਰਸ਼ਿਪ ਦੇ ਸਾਹਮਣੇ ਡਿਪਟੀ ਚੇਅਰਮੈਨ ਦੇ ਅਹੁਦੇ ਲਈ ਨਰੇਸ਼ ਗੁਜਰਾਲ ਦੇ ਨਾਮ ਦੇ ਪ੍ਰਸਤਾਵ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਪਾਰਟੀ ਨੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ। ਪਾਰਟੀ ਸੂਤਰਾਂ ਦਾ ਦੱਸਣਾ ਹੈ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਰਿਹਾਇਸ਼ ’ਤੇ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਕੁਝ ਇਸ ਤਰ੍ਹਾਂ ਦੀ ਸੁਰ ਅਲਾਪੀ ਗਈ ਜਿਸ ਨਾਲ ਭਾਜਪਾ ਆਗੂਆਂ ਨੂੰ ਨਾਰਾਜ਼ਗੀ ਦਾ ਅਹਿਸਾਸ ਕਰਾਉਣ ਦਾ ਯਤਨ ਕੀਤਾ ਗਿਆ। ਸੂਤਰਾਂ ਮੁਤਾਬਕ ਸੀਨੀਅਰ ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਜੇ ਡਿਪਟੀ ਚੇਅਰਮੈਨ ਦੇ ਮੁੱਦੇ ’ਤੇ ਭਾਜਪਾ ਦੇ ਉਮੀਦਵਾਰ ਦੀ ਹਮਾਇਤ ਕਰਨੀ ਹੈ ਤਾਂ ਸਿੱਖਾਂ ਦੀ ਕੋਈ ਮੰਗ ਹੀ ਕੇਂਦਰ ਸਰਕਾਰ ਤੋਂ ਮੰਨਵਾ ਲਈ ਜਾਵੇ।
INDIA ਅਕਾਲੀਆਂ ਨੇ ਭਾਜਪਾ ਨਾਲ ਨਾਰਾਜ਼ਗੀ ‘ਸਹੇੜਨ’ ਦਾ ਇਰਾਦਾ ਟਾਲਿਆ