ਚੰਡੀਗੜ੍ਹ (ਸਮਾਜਵੀਕਲੀ) : ਸ਼੍ਰੋਮਣੀ ਅਕਾਲੀ ਦਲ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਹੁਣ ਨਵਾਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋਫੈਸ਼ਨਲ ਸਲਾਹਕਾਰ ਦੀ ਨਿਯੁਕਤੀ ਨੂੰ ਗੈਰਕਾਨੂੰਨੀ ਦੱਸਦਿਆਂ ਮੰਤਰੀ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨ ਤੇ ਮਾਮਲੇ ਦੀ ਪੜਤਾਲ ਦੀ ਮੰਗ ਕੀਤੀ ਹੈ।
ਮਜੀਠੀਆ ਨੇ ਕਿਹਾ ਕਿ ਸਿਧਾਰਥ ਸ਼ੰਕਰ ਸ਼ਰਮਾ ਨਾਂ ਦੇ ਪ੍ਰੋਫੈਸ਼ਨਲ ਸਲਾਹਕਾਰ ਦੀ ਨਿਯੁਕਤੀ ਸਹਿਕਾਰਤਾ ਮੰਤਰੀ ਨੇ ਗੈਰਕਾਨੂੰਨੀ ਤੌਰ ’ਤੇ ਕੀਤੀ ਅਤੇ ਇਸ ਵਾਸਤੇ ਮੰਤਰੀ ਮੰਡਲ ਤੋਂ ਲੋੜੀਂਦੀ ਪ੍ਰਵਾਨਗੀ ਨਹੀਂ ਲਈ ਗਈ ਤੇ 2.60 ਲੱਖ ਰੁਪਏ ਮਹੀਨਾ ਤਨਖ਼ਾਹ ਦਿੱਤੀ ਗਈ, ਜੋ ਕਿ ਸੂਬੇ ਦੇ ਇਤਿਹਾਸ ਵਿੱਚ ਕਦੇ ਸੁਣੀ ਨਹੀਂ ਗਈ।
ਉਨ੍ਹਾਂ ਕਿਹਾ ਕਿ ਇਹ ਤਨਖਾਹ ਮੁੱਖ ਮੰਤਰੀ ਤੇ ਮੁੱਖ ਸਕੱਤਰ ਦੀ ਤਨਖਾਹ ਤੋਂ ਵੀ ਵੱਧ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਇਕ ਘੱਟ ਪੜ੍ਹੇ-ਲਿਖੇ ਵਿਅਕਤੀ ਨੂੰ ਮੁੱਖ ਸਕੱਤਰ, ਜਿਸ ਨੂੰ 25 ਸਾਲ ਦਾ ਤਜਰਬਾ ਹੈ, ਤੋਂ ਵੀ ਵੱਧ ਤਨਖਾਹ ਦਿੱਤੀ ਜਾ ਰਹੀ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਹਿਕਾਰਤਾ ਮੰਤਰੀ ਵੱਲੋਂ ਵੱਖ ਵੱਖ ਸਹਿਕਾਰੀ ਵਿਭਾਗਾਂ ਨੂੰ ਇਸ ਸਬੰਧੀ ਬੋਰਡ ਆਫ ਡਾਇਰੈਕਟਰਜ਼ ਰਾਹੀਂ ਮਤੇ ਪਾਸ ਕਰਕੇ ਤਨਖਾਹ ਵਿੱਚ ਬਰਾਬਰ ਦੀ ਹਿੱਸੇਦਾਰੀ ਪਾਉਣ ਦੀ ਹਦਾਇਤ ਕੀਤੀ ਗਈ।
ਉਨ੍ਹਾਂ ਦੋਸ਼ ਲਾਇਆ ਕਿ 8 ਵਿਭਾਗ ਇੱਕ ਵਿਅਕਤੀ ਨੂੰ ਤਨਖਾਹ ਨਹੀਂ ਦੇ ਸਕਦੇ। ਅਕਾਲੀ ਆਗੂ ਨੇ ਕਿਹਾ ਕਿ ਸਿਧਾਰਥ ਸ਼ੰਕਰ ਨੇ ਸਹਿਕਾਰਤਾ ਵਿਭਾਗ ਵਿੱਚ ਸਲਾਹਕਾਰ ਵਜੋਂ ਨਿਯੁਕਤੀ ਤੋਂ ਪਹਿਲਾਂ ਵੱਖ-ਵੱਖ ਬੀਮਾ ਕੰਪਨੀਆਂ ਵਿੱਚ ਕੰਮ ਕੀਤਾ ਹੈ ਤੇ ਉਸ ਕੋਲ ਸਹਿਕਾਰਤਾ ਵਿਭਾਗ ਵਿੱਚ ਕੰਮ ਕਰਨ ਦਾ ਕੋਈ ਤਜਰਬਾ ਨਹੀਂ ਹੈ।