ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁਖੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਹਮਲਾਵਰ ਰੁਖ ਬਰਕਰਾਰ ਰੱਖਦਿਆਂ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ 2017 ਵਿੱਚ ਉਸ ਦਾ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਹੋਇਆ ਸੀ। ਉਨ੍ਹਾਂ ਅਜਿਹੇ ਮਾਮਲਿਆਂ ਸਬੰਧੀ ਖੁੱਲੀ ਬਹਿਸ ਵਾਸਤੇ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਵੀ ਦਿੱਤੀ ਹੈ। ਅੱਜ ਬਾਅਦ ਦੁਪਹਿਰ ਇੱਥੇ ਆਪਣੇ ਗ੍ਰਹਿ ’ਚ ਸੱਦੇ ਪੱਤਰਕਾਰ ਸੰਮੇਲਨ ਵਿੱਚ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਮਨਮੋਹਨ ਸਿੰਘ ਸਠਿਆਲਾ ਆਦਿ ਨੇ ਕੁਝ ਤਸਵੀਰਾਂ ਮੀਡੀਆ ਸਾਹਮਣੇ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ਕੈਪਟਨ ਪਰਿਵਾਰ ਅਤੇ ਬਾਦਲ ਪਰਿਵਾਰ ਵਿਚਾਲੇ ਨੇੜਤਾ ਹੈ। ਦੋਵੇਂ ਪਰਿਵਾਰ ਇਕ ਦੂਜੇ ਦੇ ਸਮਾਗਮਾਂ ਵਿੱਚ ਵੀ ਸ਼ਾਮਲ ਹੁੰਦੇ ਹਨ। ਉਨ੍ਹਾਂ ਸੁਖਬੀਰ ਸਿੰਘ ਬਾਦਲ ਵੱਲੋਂ ਟਕਸਾਲੀਆਂ ਨੂੰ ਕਾਂਗਰਸ ਦੀ ‘ਬੀ’ ਟੀਮ ਆਖਣ ’ਤੇ ਸਖ਼ਤ ਇਤਰਾਜ਼ ਜ਼ਾਹਿਰ ਕਰਦਿਆਂ ਮੁੜ ਆਖਿਆ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁਖ ਹੋ ਕੇ ਸਹੁੰ ਚੁੱਕਣ ਨੂੰ ਤਿਆਰ ਹਨ। ਉਨ੍ਹਾਂ ਆਖਿਆ ਕਿ ਜੇਕਰ ਸੁਖਬੀਰ ਸੱਚਾ ਹੈ ਤਾਂ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਗੁਰੂ ਦੀ ਹਜ਼ੂਰੀ ਵਿੱਚ ਆਖੇ ਕਿ ਉਸ ਦੀ ਵਿਧਾਨ ਸਭਾ ਚੋਣਾਂ 2017 ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ‘ਡੀਲ’ ਨਹੀਂ ਹੋਈ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਡੇਰਾ ਸਿਰਸਾ ਦੇ ਮੁਖੀ ਨਾਲ ਵੀ ਵੋਟਾਂ ਦੇ ਮਾਮਲੇ ਨੂੰ ਲੈ ਕੇ ਇਨ੍ਹਾਂ ਦਾ ਸਮਝੌਤਾ ਹੋਇਆ ਸੀ। ਸ੍ਰੀ ਬ੍ਰਹਮਪੁਰਾ ਨੇ ਦਾਅਵਾ ਕੀਤਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਖੁਦ ਦੱਸਿਆ ਸੀ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਲੰਬੀ ਹਲਕੇ ਤੋਂ ਅਤੇ ਰਵਨੀਤ ਸਿੰਘ ਬਿੱਟੂ ਜਲਾਲਾਬਾਦ ਤੋਂ ਵਿਧਾਨ ਸਭਾ ਚੋਣਾਂ ਨਾ ਲੜਦੇ ਤਾਂ ਇਹ ਦੋਵੇਂ ਸੀਟਾਂ ਅਕਾਲੀ ਦਲ ਨੇ ਹਾਰ ਜਾਣੀਆਂ ਸਨ। ਉਨ੍ਹਾਂ ਉਸ ਵੇਲੇ ਵੀ ਇਸ ਮਾਮਲੇ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਕੋਲ ਇਸ ਗੱਲ ਦਾ ਵਿਰੋਧ ਕੀਤਾ ਸੀ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਉਹ ਮੀਡੀਆ ਸਾਹਮਣੇ ਇਸ ਮਾਮਲੇ ਨੂੰ ਲੈ ਕੇ ਉਸ ਨਾਲ ਬਹਿਸ ਕਰਨ ਨੂੰ ਤਿਆਰ ਹਨ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ’ਤੇ ਵੀ ਗੰਭੀਰ ਦੋਸ਼ ਲਾਏ ਹਨ। ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਵਰਕਰ ਮੀਟਿੰਗ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਆਖਿਆ ਕਿ ਦਸ ਸਾਲ ਦੇ ਰਾਜ ਦੌਰਾਨ ਇਨ੍ਹਾਂ ਨੂੰ ਕਦੇ ਵਰਕਰ ਯਾਦ ਨਹੀਂ ਆਏ।
INDIA ਅਕਾਲੀ ਦਲ ਤੇ ਕਾਂਗਰਸ ਵਿਚਾਲੇ ਹੋਇਆ ਸਮਝੌਤਾ: ਬ੍ਰਹਮਪੁਰਾ