ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਵਿੱਚ ਵੱਡੇ ਰਾਜਨੀਤਕ ਵਿਅਕਤੀਆਂ ਦੇ ‘ਸਿਆਸੀ ਕਤਲ’ ਹੋਣ ਦਾ ਖਦਸ਼ਾ ਪ੍ਰਗਟਾਉਂਦਿਆਂ ਗੈਂਗਸਟਰਾਂ ਅਤੇ ਸੱਤਾਧਾਰੀ ਕਾਂਗਰਸ ਪਾਰਟੀ ਦੇ ਆਗੂਆਂ ਦਰਮਿਆਨ ਬਣੇ ਗੱਠਜੋੜ ਦੀ ਕੇਂਦਰੀ ਜਾਂਚ ਬਿਓਰੋ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਮਜੀਠਾ ਹਲਕੇ ਨਾਲ ਸਬੰਧਤ ਮਹਿਲਾ ਸਰਪੰਚ ਦੇ ਪਤੀ ਤੇ ਸਾਬਕਾ ਸਰਪੰਚ ‘ਬਾਬਾ’ ਗੁਰਦੀਪ ਸਿੰਘ ਦੇ ਕਤਲ ਨੂੰ ਸਿਆਸੀ ਕਤਲ ਕਰਾਰ ਦਿੰਦਿਆਂ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਵੱਲੋਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਜ਼ੁਬਾਨ ਬੰਦ ਰੱਖਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਇਸ ਮੁੱਦੇ ’ਤੇ ਵਿਚਾਰ ਲਈ ਪਾਰਟੀ ਵੱਲੋਂ ਭਲਕੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਗੈਂਗਸਟਰਾਂ ਨਾਲ ਸਬੰਧਾਂ ਦੇ ਦੋਸ਼ਾਂ ਨੂੰ ਦੁਹਰਾਉਂਦਿਆਂ ਦਾਅਵਾ ਕੀਤਾ ਕਿ ਜੇਲ੍ਹਾਂ ਵਿੱਚ ਅਫ਼ਸਰਾਂ ਦੀਆਂ ਤਾਇਨਾਤੀਆਂ ਪੈਸੇ ਲੈ ਕੇ ਕੀਤੀਆਂ ਜਾਂਦੀਆਂ ਹਨ ਤੇ ਗੈਂਗਸਟਰਾਂ ਵੱਲੋਂ ਜੇਲ੍ਹਾਂ ਵਿੱਚ ਹੀ ਆਗੂਆਂ ’ਤੇ ਹਮਲੇ ਕੀਤੇ ਜਾ ਰਹੇ ਹਨ। ਅਕਾਲੀ ਦਲ ਦੇ ਆਗੂਆਂ ਨੇ ਫ਼ਰੀਦਕੋਟ ਜੇਲ੍ਹ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ’ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਖੱਬੇ ਪੱਖੀ ਆਗੂ ’ਤੇ ਹੋਏ ਹਮਲੇ ਨੇ ਸਾਬਤ ਕਰ ਦਿੱਤਾ ਹੈ ਕਿ ਜੇਲ੍ਹਾਂ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਸੁਰੱਖਿਅਤ ਅੱਡਾ ਬਣ ਗਈਆਂ ਹਨ। ਡਾ. ਚੀਮਾ ਅਤੇ ਮਜੀਠੀਆ ਨੇ ਗੈਂਗਸਟਰਾਂ ਵੱਲੋਂ ਜੇਲ੍ਹ ਅੰਦਰੋਂ ‘ਫੇਸਬੁੱਕ’ ਉਪਰ ਪੋਸਟ ਕੀਤੀਆਂ ਜਾਂਦੀਆਂ ਫੋਟੋਆਂ ਅਤੇ ਧਮਕੀਆਂ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਜੇਲ੍ਹਾਂ ਵਿੱਚ ਅਪਰਾਧੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਸਰਕਾਰੀ ਸ਼ਹਿ ’ਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ ਅਧਿਕਾਰੀਆਂ ਵੱਲੋਂ ਜਿਸ ਤਰ੍ਹਾਂ ਸਿਆਸਤਦਾਨਾਂ-ਗੈਂਗਸਟਰਾਂ ਦੇ ਗੱਠਜੋੜ ਨੂੰ ਕਲੀਨ ਚਿਟ ਦਿੱਤੀ ਜਾ ਰਹੀ ਹੈ, ਉਹ ਮੰਦਭਾਗਾ ਰੁਝਾਨ ਹੈ। ਅਕਾਲੀ ਆਗੂਆਂ ਨੇ ‘ਬਾਬਾ’ ਗੁਰਦੀਪ ਸਿੰਘ ਦੇ ਕਤਲ ਪਿੱਛੇ ਕਾਂਗਰਸ ਦੀ ਸ਼ਹਿ ਹਾਸਲ ਅਪਰਾਧੀਆਂ ਦਾ ਸਿੱਧਾ ਹੱਥ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਤੋਂ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਨੇ ਜੱਗੂ ਭਗਵਾਨਪੁਰੀਆ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਬਾਰੇ ਆਵਾਜ਼ ਉਠਾਉਣੀ ਸ਼ੁਰੂ ਕੀਤੀ ਹੈ, ਉਦੋਂ ਤੋਂ ਹੀ ਅਕਾਲੀਆਂ ਨੂੰ ਧਮਕੀਆਂ ਮਿਲਣ ਲੱਗੀਆਂ ਹਨ। ਸ੍ਰੀ ਮਜੀਠੀਆ ਨੇ ਦਾਅਵਾ ਕੀਤਾ ਕਿ ਮਜੀਠੀਆ ਹਲਕੇ ਨਾਲ ਸਬੰਧਤ ਅਕਾਲੀ ਦਲ ਦੇ ਵਰਕਰਾਂ ਅਤੇ ਨੇਤਾਵਾਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਗੁਰਦੀਪ ਸਿੰਘ ਨੂੰ ਵੀ ਧਮਕੀ ਦਿੱਤੀ ਗਈ ਸੀ ਅਤੇ ਬਾਅਦ ਵਿੱਚ ਕਤਲ ਕਰ ਦਿੱਤਾ ਗਿਆ। ਸ੍ਰੀ ਮਜੀਠੀਆ ਨੇ ਕੁਝ ਅਜਿਹੇ ਅਪਰਾਧੀਆਂ ਦੀਆਂ ਫੋਟੋਆਂ ਵੀ ਮੀਡੀਆ ਨੂੰ ਦਿਖਾਈਆਂ ਜਿਨ੍ਹਾਂ ’ਤੇ ਗੁਰਦੀਪ ਸਿੰਘ ਦੇ ਕਤਲ ਪਿੱਛੇ ਹੱਥ ਹੋਣ ਦਾ ਦੋਸ਼ ਹੈ। ਸਾਬਕਾ ਮੰਤਰੀ ਨੇ ਕਿਹਾ ਕਿ 24 ਨਵੰਬਰ ਨੂੰ ਡੀਜੀਪੀ ਦਿਨਕਰ ਗੁਪਤਾ ਨੂੰ ਲਿਖਤੀ ਤੌਰ ’ਤੇ ਸ਼ਿਕਾਇਤ ਦਿੱਤੀ ਗਈ ਸੀ ਜਿਸ ’ਚ ਜੱਗੂ ਭਗਵਾਨਪੁਰੀਆ ਦੀਆਂ ਗਤੀਵਿਧੀਆਂ ਅਤੇ ਸਿਆਸੀ ਲੋਕਾਂ ਨੂੰ ਧਮਕੀਆਂ ਦੇਣ ਦਾ ਹਵਾਲਾ ਸੀ। ਉਨ੍ਹਾਂ ਕਿਹਾ ਕਿ ਪੁਲੀਸ ਮੁਖੀ ਨੇ ਇਸ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਅਕਾਲੀ ਆਗੂ ਨੇ ਕਿਹਾ ਕਿ ਇਸ ਤੋਂ ਬਾਅਦ 24 ਦਸੰਬਰ ਨੂੰ ਅੰਮ੍ਰਿਤਸਰ (ਦਿਹਾਤੀ) ਦੇ ਐੱਸਐੱਸਪੀ ਨੂੰ ਵੀ ਸ਼ਿਕਾਇਤ ਦੇ ਕੇ ਇਹ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਸੀ ਪਰ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੂਕ ਦਰਸ਼ਕ ਬਣਿਆ ਹੋਇਆ ਹੈ। ਬਿਕਰਮ ਮਜੀਠੀਆ ਨੇ ਕਿਹਾ,‘‘ਮੇਰੇ ਆਲੇ ਦੁਆਲੇ ਰਹਿਣ ਵਾਲੇ ਬੰਦਿਆਂ ਨੂੰ ਗੈਂਗਸਟਰਾਂ ਵੱਲੋਂ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜੇਕਰ ਸਰਕਾਰ ਨੇ ਨਿਰਪੱਖ ਏਜੰਸੀ ਨੂੰ ਜਾਂਚ ਨਾ ਦਿੱਤੀ ਤਾਂ ਪਾਰਟੀ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ ਤੇ ਲਾਮਬੰਦੀ ਕੀਤੀ ਜਾਵੇਗੀ।’’ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਪਰਾਧੀਆਂ ਵੱਲੋਂ ਸਿਆਸੀ ਕਤਲਾਂ ਦੀ ਰਚੀ ਜਾ ਰਹੀ ਸਾਜ਼ਿਸ਼ ਬੇਪਰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਮੰਤਰੀ ’ਤੇ ਦੋਸ਼ ਲੱਗ ਜਾਣ ਤਾਂ ਮਾਮਲਾ ਗੰਭੀਰ ਹੋ ਜਾਂਦਾ ਹੈ ਅਤੇ ਅਜਿਹੀ ਹਾਲਤ ਵਿੱਚ ਉਸ ਨੂੰ ਚਲਦਾ ਕਰਕੇ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਜਾਣ। ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਮੰਤਰੀ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਪੁਲੀਸ ਪੂਰੀ ਤਰ੍ਹਾਂ ਲਾਚਾਰ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਬਿਨਾਂ ਕਿਸੇ ਠੋਸ ਜਾਂਚ ਪੜਤਾਲ ਅਤੇ ਤੱਥਾਂ ਨੂੰ ਘੋਖੇ ਬਿਨਾਂ ਕਲੀਨ ਚਿਟ ਦੇ ਦਿੱਤੀ ਜਦਕਿ ਇਹ ਮਾਮਲਾ ਲੋਕਾਂ ਦੀ ਜ਼ਿੰਦਗੀ-ਮੌਤ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਗੈਂਗਸਟਰਾਂ ਵੱਲੋਂ ਸੂਬੇ ਵਿੱਚ ਫਿਰੌਤੀ ਲੈਣ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਇਸ ਮੌਕੇ ਸਰਬਜੋਤ ਸਿੰਘ ਸਾਬੀ, ਰੋਜ਼ੀ ਬਰਕੰਦੀ, ਬੰਟੀ ਰੋਮਾਣਾ ਅਤੇ ਚਰਨਜੀਤ ਸਿੰਘ ਬਰਾੜ ਵੀ ਮੌਜੂਦ ਸਨ।