ਫਤਹਿਗੜ੍ਹ ਸਾਹਿਬ- ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਮੌਜੂਦਾ ਸਰਕਾਰ ਉਪਰ ਵਿਕਾਸ ਕਾਰਜਾਂ ਦੌਰਾਨ ਵਿਤਕਰਾ ਕਰਨ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਉਨ੍ਹਾਂ ਨੇ ਸਾਥੀਆਂ ਸਮੇਤ ਜ਼ਿਲ੍ਹਾ ਮਾਲ ਅਫ਼ਸਰ ਅਮਰਦੀਪ ਸਿੰਘ ਥਿੰਦ ਰਾਹੀਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਇਕ ਮੰਗ ਪੱਤਰ ਵੀ ਭੇਜਿਆ, ਜਿਸ ਵਿਚ ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ ਪੱਖੀ ਵਾਰਡਾਂ ਨਾਲ ਵਿਕਾਸ ਕਾਰਜਾਂ ਦੌਰਾਨ ਜਾਣਬੁੱਝ ਕੇ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਹਿੰਦ ਨਗਰ ਕੌਂਸਲ ਵਾਰਡ ਨੰਬਰ 5 ਵਿਚ ਜੀਟੀ ਰੋਡ ਦੇ ਨਾਲ ਲੱਗਦੇ ਇਲਾਕੇ ਵਿਚ ਸੀਵਰੇਜ, ਵਾਟਰ ਸਪਲਾਈ ਅਤੇ ਗਲੀਆਂ ਪੱਕੀਆਂ ਨਾ ਹੋਣ ਕਰਕੇ ਵਸਨੀਕ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸੀਵਰੇਜ ਪ੍ਰਾਜੈਕਟ ਅਕਾਲੀ-ਭਾਜਪਾ ਸਰਕਾਰ ਨੇ ਸਰਹਿੰਦ ਨਗਰ ਕੌਂਸਲ ਦੀ ਹੱਦ ਅੰਦਰ 2016 ਵਿਚ ਸ਼ੁਰੂ ਕੀਤਾ ਸੀ ਅਤੇ ਦਸੰਬਰ 2017 ਵਿਚ ਇਹ ਪ੍ਰਾਜੈਕਟ ਮੁਕੰਮਲ ਹੋਣਾ ਸੀ, ਪਰ ਮੌਜੂਦਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰਾਜੈਕਟ ਨੂੰ ਲਟਕਾਇਆ ਜਾ ਰਿਹਾ ਹੈ।