ਫਗਵਾੜਾ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਗਰੋਂ ਅਕਾਲੀ ਸਰਕਾਰ ਬਣਨ ਉੱਤੇ ਦੋਆਬੇ ’ਚ ਇੱਕ ਸਰਕਾਰੀ ਯੂਨੀਵਰਸਿਟੀ ਕਾਇਮ ਕੀਤੀ ਜਾਵੇਗੀ ਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ’ਚ ਵੱਡਾ ਘਪਲਾ ਕਰਨ ਵਾਲੇ ਸਾਧੂ ਸਿੰਘ ਧਰਮਸੋਤ ਤੇ ਸਬੰਧਿਤ ਲੋਕਾਂ ਨੂੰ ਤੁਰੰਤ ਜੇਲ੍ਹਾਂ ’ਚ ਡੱਕਿਆ ਜਾਵੇਗਾ। ਸ੍ਰੀ ਬਾਦਲ ਇੱਥੇ ਮੇਹਟਾਂ-ਮੇਹਲੀ ਬਾਈਪਾਸ ’ਤੇ ਵਜ਼ੀਫ਼ਾ ਘੁਟਾਲੇ ਖ਼ਿਲਾਫ਼ ਰੋਸ ਧਰਨੇ ਨੂੰ ਸੰਬੋਧਨ ਕਰ ਰਹੇ ਸਨ।
ਸੁਖਬੀਰ ਬਾਦਲ ਨੇ ਕਿਹਾ ਕਿ ਡਾ. ਅੰਬੇਦਕਰ ਵੱਲੋਂ ਦੇਸ਼ ਦਾ ਸੰਵਿਧਾਨ ਲਿਖਣ ਦੀ ਬਦੌਲਤ ਸਾਧੂ ਸਿੰਘ ਧਰਮਸੋਤ ਵਰਗੇ ਆਗੂਆਂ ਨੂੰ ਇਨ੍ਹਾਂ ਕੁਰਸੀਆਂ ਦਾ ਮਾਣ ਪ੍ਰਾਪਤ ਹੋਇਆ ਸੀ, ਪਰ ਮੰਦਭਾਗੀ ਗੱਲ ਹੈ ਕਿ ਇਹ ਲੋਕ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੀ ਥਾਂ ਖ਼ੁਦ ਹੀ ਆਪਣੇ ਬੱਚਿਆਂ ਦਾ ਵਜ਼ੀਫ਼ਾ ਖਾ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਸਾਲ ਡੱਟ ਕੇ ਸਰਕਾਰ ਦੀਆਂ ਵਧੀਕੀਆਂ ਨੂੰ ਲੋਕਾਂ ਸਾਹਮਣੇ ਨੰਗਾ ਕਰਨ ਤਾਂ ਜੋ ਇਸ ਸਰਕਾਰ ਦਾ ਅਸਲ ਚਿਹਰਾ ਸਾਹਮਣੇ ਆ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੰਨਾ ਵੱਡਾ ਘਪਲਾ ਹੋਣ ਦੇ ਬਾਵਜੂਦ ਆਪਣੇ ਮੰਤਰੀਆਂ ਨੂੰ ਕਲੀਨ ਚਿੱਟ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਮੁੱਖ ਮੰਤਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਮੁੱਕਰ ਸਕਦਾ ਹੈ ਤਾਂ ਉਹ ਅਜਿਹੇ ਭ੍ਰਿਸ਼ਟ ਲੋਕਾਂ ਕੋਲ ਆਪਣੀ ਜ਼ਮੀਰ ਕਿਉਂ ਨਹੀਂ ਵੇਚ ਸਕਦਾ? ਸ੍ਰੀ ਬਾਦਲ ਨੇ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੇ ਵੀ ਕਾਂਗਰਸ ਦੀ ਮਦਦ ਕੀਤੀ ਸੀ ਜਿਸ ਕਾਰਨ ਉਨ੍ਹਾਂ ਦੀ ਇਸ ਗੱਲ ਨੂੰ ਲੈ ਕੇ ਭਾਜਪਾ ਆਗੂਆਂ ਨਾਲ ਤਕਰਾਰ ਵੀ ਹੋਈ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀਆਂ ਦੀ ਮੁੜ ਸਰਕਾਰ ਬਣਨ ’ਤੇ ਸਾਰੀਆਂ ਸਕੀਮਾਂ ਮੁੜ ਚਲਾਈਆਂ ਜਾਣਗੀਆਂ। ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਸਮੇਤ ਦੋਆਬੇ ਦੇ ਆਗੂਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਹੁਣ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਰਾਜ਼ੀ ਹੁੰਦੀ ਨਜ਼ਰ ਆ ਰਹੀ ਹੈ ਤੇ ਕਿਸਾਨ ਆਗੂਆਂ ਨੂੰ ਹੁਣ ਇਸ ਸਬੰਧੀ ਦਿੱਲੀ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਹਰਸਿਮਰਤ ਮੰਤਰੀ ਸੀ ਤਾਂ ਉਦੋਂ ਇਹ ਗੱਲਬਾਤ ਕਰਨ ਨੂੰ ਤਿਆਰ ਨਹੀਂ ਸਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਨਾ ਪੁੱਛ ਕੇ ਉਹ ਪੰਜਾਬ ਵੱਲ ਪਿੱਠ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦਾ ਮਸਲਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੀ ਆਰਥਿਕ ਸਥਿਤੀ ਬੁਰੀ ਤਰ੍ਹਾਂ ਵਿਗੜ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਿਆ ਜਾਵੇ।
ਰੈਲੀ ਨੂੰ ਚਰਨਜੀਤ ਸਿੰਘ ਅਟਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਮਹਿੰਦਰ ਕੌਰ ਜੋਸ਼, ਵਿਧਾਇਕ ਪਵਨ ਟੀਨੂੰ, ਸਰਬਜੀਤ ਸਿੰਘ ਮੱਕੜ, ਸੋਹਣ ਸਿੰਘ ਠੰਡਲ, ਗੁਰਪ੍ਰਤਾਪ ਸਿੰਘ ਵਡਾਲਾ, ਡਾ. ਸੁਖਵਿੰਦਰ ਸੁੱਖੀ, ਵਿਧਾਇਕ ਬਲਦੇਵ ਸਿੰਘ ਖਹਿਰਾ, ਜਰਨੈਲ ਸਿੰਘ ਵਾਹਦ, ਸਰਵਣ ਸਿੰਘ ਕੁਲਾਰ, ਰਣਜੀਤ ਸਿੰਘ ਖੁਰਾਨਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਸਰਬਜੋਤ ਸਿੰਘ ਸਾਬੀ, ਸੁਖਦੀਪ ਸਿੰਘ ਸਕਾਰ ਆਦਿ ਨੇ ਵੀ ਸੰਬੋਧਨ ਕੀਤਾ।