ਅੰਮ੍ਰਿਤਸਰ, ਸਮਾਜ ਵੀਕਲੀ: ਅਕਾਲ ਤਖ਼ਤ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ (80) ਅੱਜ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਸਕਾਰ 28 ਮਈ ਨੂੰ ਗੁਰਦੁਆਰਾ ਸੰਗਰਾਣਾ ਸਾਹਿਬ ਨੇੜੇ ਕੀਤਾ ਜਾਵੇਗਾ। ਗਿਆਨੀ ਭਗਵਾਨ ਸਿੰਘ ਕੁਝ ਦਿਨਾਂ ਤੋਂ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਜ਼ੇਰੇ ਇਲਾਜ ਸਨ, ਜਿੱਥੇ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਬੇੇਟੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਦਿਲ ਦਾ ਦੌਰਾ ਪਿਆ ਸੀ ਅਤੇ ਅੱਜ ਦੁਪਹਿਰ ਵੇਲੇ ਉਹ ਸਦੀਵੀ ਵਿਛੋੜਾ ਦੇ ਗਏ। ਪਿੱਛੇ ਪਰਿਵਾਰ ’ਚ ਉਨ੍ਹਾਂ ਦੇ 4 ਬੇਟੇ ਹਨ। ਗਿਆਨੀ ਭਗਵਾਨ ਸਿੰਘ 1975 ਵਿੱਚ ਸ਼੍ਰੋਮਣੀ ਕਮੇਟੀ ਵਿੱਚ ਪੰਜ ਪਿਆਰਿਆਂ ਦੇ ਜਥੇ ਵਿੱਚ ਸੇਵਾ ’ਤੇ ਆਏ ਸਨ, ਜਿਸ ਮਗਰੋਂ ਉਨ੍ਹਾਂ 1985 ਤੋਂ ਅਕਾਲ ਤਖ਼ਤ ਵਿਖੇ ਪੰਜ ਸਾਲ ਗ੍ਰੰਥੀ ਵਜੋਂ ਸੇਵਾਵਾਂ ਨਿਭਾਈਆਂ ਅਤੇ 1990 ਵਿੱਚ ਹੈੱਡ ਗ੍ਰੰਥੀ ਬਣੇ।
ਗਿਆਨੀ ਭਗਵਾਨ ਸਿੰਘ ਦੇ ਚਲਾਣੇ ’ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਿਸੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਉਨ੍ਹਾਂ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly