ਨਜ਼ਦੀਕੀ ਪਿੰਡ ਬੱਬੇਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਘਰ ਦੇ ਨੇੜੇ ਸਥਿਤ ਸੁਵਿਧਾ ਸੈਂਟਰ ਦੇ ਬਾਹਰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਚਾਰ ਗੋਲੀਆਂ ਚਲਾਈਆਂ। ਇਸ ਗੋਲਾਬਾਰੀ ਵਿੱਚ ਕੋਈ ਜਾਨੀ ਨੁਕਸਾਨ ਜਾਂ ਜ਼ਖ਼ਮੀ ਤਾਂ ਨਹੀਂ ਹੋਇਆ ਪਰ ਘਟਨਾ ਦੇ ਬਾਅਦ ਮਾਹੌਲ ਤਣਾਅ ਵਾਲਾ ਬਣਿਆ ਹੋਇਆ ਹੈ। ਗੋਲੀਆਂ ਚਲਾਉਣ ਮਗਰੋਂ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ। ਇਹ ਘਟਨਾ ਸ਼ਾਮ ਕਰੀਬ ਸੱਤ ਵਜੇ ਦੀ ਹੈ। ਪਿੰਡ ਦੇ ਪਾਰਕ ਵਿੱਚ ਕੁਝ ਨੌਜਵਾਨ ਬੈਠੇ ਹੋਏ ਸਨ ਤਾਂ ਸ੍ਰੀ ਹਰਗੋਬਿੰਦਪੁਰ ਰੋਡ ਵੱਲੋਂ ਆਏ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਪਾਰਕ ਵਿੱਚ ਬੈਠੇ ਨੌਜਵਾਨਾਂ ਨੂੰ ਆਵਾਜ਼ ਮਾਰ ਕੇ ਬੁਲਾਇਆ ਅਤੇ ਹਵਾ ਵਿੱਚ ਗੋਲੀਆਂ ਚਲਾਉਂਦੇ ਹੋਏ ਮੋਟਰਸਾਈਕਲ ਸਵਾਰ ਪਿੰਡ ਭੁੱਲੇ ਚੱਕ ਵੱਲ ਫ਼ਰਾਰ ਹੋ ਗਏ। ਐੱਸਐੱਸਪੀ ਗੁਰਦਾਸਪੁਰ ਸਵਰਨਦੀਪ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਘਟਨਾ ਦਾ ਸਬੰਧ ਪੰਚਾਇਤੀ ਚੋਣਾਂ ਨਾਲ ਬਿਲਕੁਲ ਨਹੀਂ ਹੈ। ਉਨ੍ਹਾਂ ਕਿਹਾ ਕਿ ਅਣਪਛਾਤੇ ਹਮਲਾਵਰਾਂ ਦੀ ਪਛਾਣ ਲਈ ਨੇੜੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਆਨ ਕਲਮਬੰਦ ਕਰਨ ਮਗਰੋਂ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਛੇਤੀ ਹੀ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਜਾਣਗੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਸਿਟੀ ਦੇਵ ਦੱਤ ਸ਼ਰਮਾ ਅਤੇ ਤਿਬੜ ਪੁਲੀਸ ਸਟੇਸ਼ਨ ਦੇ ਮੁਖੀ ਸ਼ਾਮ ਲਾਲ ਮੌਕੇ ’ਤੇ ਪਹੁੰਚੇ ਅਤੇ ਲੋਕਾਂ ਦੇ ਬਿਆਨ ਕਲਮਬੰਦ ਕੀਤੇ। ਜ਼ਿਕਰਯੋਗ ਹੈ ਕਿ ਪਿੰਡ ਬੱਬੇਹਾਲੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਦਾ ਜੱਦੀ ਪਿੰਡ ਹੈ। ਉਨ੍ਹਾਂ ਖ਼ਿਲਾਫ਼ ਬੀਤੇ ਦਿਨੀਂ ਜ਼ਮੀਨ ਦੀ ਧੋਖਾਧੜੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤਕ ਰੰਜ਼ਿਸ਼ ਦੱਸਿਆ ਸੀ।