ਚੰਡੀਗੜ੍ਹ (ਸਮਾਜਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੱਤੀ ਹੈ ਕਿ ਤੇਲ ’ਤੇ ਵੈਟ ਵਧਾਉਣ ਬਾਰੇ ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਕੇਂਦਰ ਨਾਲੋਂ ਗੱਠਜੋੜ ਤੋੜਨ। ਅਮਰਿੰਦਰ ਨੇ ਸੁਖਬੀਰ ਬਾਦਲ ਨੂੰ ਭਾਜਪਾ ਵਿੱਚ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ ’ਤੇ ਨੱਚਣਾ ਬੰਦ ਕਰਨ ਦੀ ਨਸੀਹਤ ਵੀ ਦਿੱਤੀ ਹੈ।
ਕੈਪਟਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬ ਦੇ ਲੋਕਾਂ ਦੀ ਜਾਨ ਜੋਖ਼ਮ ਵਿਚ ਪਾ ਕੇ ਰਾਜਨੀਤੀ ਕਰਨ ਦੀ ਥਾਂ ਕੇਂਦਰ ਸਰਕਾਰ ’ਤੇ ਤੇਲ ਕੀਮਤਾਂ ਘਟਾਉਣ ਲਈ ਦਬਾਅ ਬਣਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2016 ਤੋਂ ਐਨ.ਡੀ.ਏ. ਨੇ ਡੀਜ਼ਲ ’ਤੇ ਟੈਕਸਾਂ ਵਿਚ 900 ਫ਼ੀਸਦੀ ਅਤੇ ਪੈਟਰੋਲ ’ਤੇ 700 ਫ਼ੀਸਦੀ ਵਾਧਾ ਕੀਤਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਕਿਹਾ ਕਿ ਪਹਿਲਾਂ ਉਹ ਕੇਂਦਰ ਸਰਕਾਰ ਨੂੰ ਕੀਮਤਾਂ ’ਚ ਵਾਧਾ ਵਾਪਸ ਲੈਣ ਲਈ ਆਖੇ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਅਕਾਲੀਆਂ ਨੇ ਕੋਵਿਡ ਸੰਕਟ ਦੌਰਾਨ ਪੰਜਾਬ ਨੂੰ ਵਿੱਤੀ ਰਾਹਤ ਮੁਹੱਈਆ ਕਰਵਾਉਣ ਲਈ ਕੇਂਦਰ ’ਤੇ ਦਬਾਓ ਕਿਉਂ ਨਹੀਂ ਬਣਾਇਆ? ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤੇ ਜਾਣ ਮੌਕੇ ਅਕਾਲੀਆਂ ਖ਼ਾਸਕਰ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਇਸ ਦਾ ਦੱਬਵੀਂ ਸੁਰ ਵਿੱਚ ਵੀ ਵਿਰੋਧ ਕਿਉਂ ਨਹੀਂ ਕੀਤਾ।