ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਗਈ ਪਹਿਲਕਦਮੀ ਦਾ ਸਵਾਗਤ ਕਰਦਿਆਂ ਅੰਦੋਨਲਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰੀ ਦੀ ਪੇਸ਼ਕਸ਼ ਮੰਨ ਲੈਣ ਕਿਉਂਕਿ ਕਿ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਨਿਕਲੇਗਾ। ਪੰਜਾਬ ਦੇ ਕਿਸਾਨਾਂ ਦੇ ਦਿੱਲੀ ਕੂਚ ਦੌਰਾਨ ਹਰਿਆਣਾ ਸਰਕਾਰ ਵੱਲੋਂ ਖੜ੍ਹੀਆਂ ਕੀਤੀਆਂ ਰੋਕਾਂ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਂਟਰ ਪੰਜਾਬ ਦੇ ਕਿਸਾਨਾਂ ਤੋਂ ਮੁਆਫ਼ੀ ਨਹੀਂ ਮੰਗ ਲੈਂਦੇ, ਉਦੋਂ ਤੱਕ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਨਾਲ ਗੱਲਬਾਤ ਦੀ ਕੋਈ ਸਾਂਝ ਵੀ ਨਹੀਂ ਰੱਖੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨ ਅੰਦੋਲਨ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੀ ਸ਼ਮੂਲੀਅਤ ਨਹੀਂ ਹੈ ਸਗੋਂ ਇਹ ਕਿਸਾਨਾਂ ਦਾ ਸੁਭਾਵਿਕ ਪ੍ਰਤੀਕਰਮ ਹੈ, ਜੋ ਆਪਣੇ ਭਵਿੱਖ ਦੀ ਲੜਾਈ ਲੜ ਰਹੇ ਹਨ।
ਕੈਪਟਨ ਨੇ ਮਨੋਹਰ ਲਾਲ ਖੱਟਰ ’ਤੇ ਝੂਠ ਬੋਲਣ ਦੇ ਦੋਸ਼ ਲਾਉਂਦਿਆਂ ਕਿਹਾ, ‘‘ਖੱਟਰ ਇਹ ਝੂਠ ਬੋਲ ਰਿਹਾ ਹੈ ਕਿ ਉਸ ਨੇ ਕਈ ਵਾਰ ਮੇਰੇ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਮੈਂ ਜਵਾਬ ਨਹੀਂ ਦਿੱਤਾ। ਪਰ ਹੁਣ ਉਸ ਨੇ ਮੇਰੇ ਕਿਸਾਨਾਂ ਨਾਲ ਜੋ ਕੁਝ ਕੀਤਾ ਹੈ, ਮੈਂ ਉਸ ਨਾਲ ਬਿਲਕੁਲ ਗੱਲ ਨਹੀਂ ਕਰਨੀ, ਚਾਹੇ 10 ਵਾਰ ਕੋਸ਼ਿਸ਼ ਕਰਕੇ ਦੇਖ ਲਵੇ। ਜਦੋਂ ਤੱਕ ਖੱਟਰ ਮੁਆਫ਼ੀ ਨਹੀਂ ਮੰਗਦਾ ਅਤੇ ਇਹ ਨਹੀਂ ਮੰਨ ਲੈਂਦਾ ਕਿ ਮੈਂ ਪੰਜਾਬ ਦੇ ਕਿਸਾਨਾਂ ਨਾਲ ਗਲਤ ਕੀਤਾ, ਮੈਂ ਉਸ ਨੂੰ ਮੁਆਫ਼ ਨਹੀਂ ਕਰਾਂਗਾ।’’ ਕੈਪਟਨ ਨੇ ਕਿਹਾ ਕਿ ਹਰਿਆਣਾ ਵੱਲੋਂ ਪੰਜਾਬ ਦੇ ਕਿਸਾਨਾਂ ਉਪਰ ਅੱਥਰੂ ਗੈਸ ਛੱਡਣ, ਲਾਠੀਚਾਰਜ ਕਰਨ ਅਤੇ ਜਲ ਤੋਪਾਂ ਦੀਆਂ ਬੁਛਾੜਾਂ ਮਾਰਨ ਤੋਂ ਬਾਅਦ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋਏ, ਜਿਸ ਕਰਕੇ ਉਨ੍ਹਾਂ ਵੱਲੋਂ ਖੱਟਰ ਨਾਲ ਗੱਲ ਕਰਨ ਦੀ ਕੋਈ ਤੁੱਕ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਜੇਕਰ ਉਹ (ਕੈਪਟਨ) ਕਿਸਾਨਾਂ ਦੇ ਮੁੱਦੇ ਉਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਈ ਵਾਰ ਗੱਲ ਕਰ ਸਕਦੇ ਹਨ ਤਾਂ ਉਹ ਆਪਣੇ ਗੁਆਂਢੀ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਪਿੱਛੇ ਕਿਉਂ ਹਟਦੇ, ਜੇਕਰ ਖੱਟਰ ਨੇ ਸੱਚਮੁੱਚ ਹੀ ਰਾਬਤਾ ਕਾਇਮ ਕੀਤਾ ਹੁੰਦਾ।
ਕੈਪਟਨ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਅਤੇ ਇੱਥੋਂ ਤੱਕ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਆਉਣ ਉਤੇ ਕੋਈ ਇਤਰਾਜ਼ ਨਹੀਂ ਹੈ ਤਾਂ ਇਨ੍ਹਾਂ ਵਿਚਾਲੇ ਟੰਗ ਅੜਾਉਣ ਵਾਲਾ ਖੱਟਰ ਕੌਣ ਹੁੰਦਾ? ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, ‘ਮੈਂ ਧੁਰ ਅੰਦਰੋਂ ਰਾਸ਼ਟਰਵਾਦੀ ਹਾਂ, ਮੈਂ ਸਰਹੱਦੀ ਸੂਬਾ ਚਲਾਉਂਦਾ ਹਾਂ ਅਤੇ ਅਜਿਹਾ ਕੁਝ ਕਦੇ ਵੀ ਨਹੀਂ ਕੀਤਾ ਕਿ ਜਿਸ ਨਾਲ ਅਮਨ-ਕਾਨੂੰਨ ਦੀ ਵਿਵਸਥਾ ਲਈ ਮੁਸ਼ਕਲ ਪੈਦਾ ਹੁੰਦੀ ਹੋਵੇ।’ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੇ ਪਿਛਲੇ 60 ਦਿਨਾਂ ਤੋਂ ਬਿਨਾਂ ਕਿਸੇ ਸਮੱਸਿਆ ਤੋਂ ਸੂਬੇ ਦੇ ਰੇਲ ਟਰੈਕ ਰੋਕੇ, ਜਿਸ ਨਾਲ ਸੂਬੇ ਨੂੰ 43000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਸਹਿਣਾ ਪਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਮੈਂ ਖੱਟਰ ਦੀਆਂ ਬੇਤੁੱਕੀਆਂ ਗੱਲਾਂ ਦਾ ਕੋਈ ਜਵਾਬ ਨਹੀਂ ਦੇਵਾਂਗਾ। ਕੀ ਮੇਰੇ ਕੋਲ ਕਿਸਾਨਾਂ ਨੂੰ ਭੜਕਾਉਣ ਤੋਂ ਇਲਾਵਾ ਕੋਈ ਹੋਰ ਚੰਗਾ ਕੰਮ ਕਰਨ ਲਈ ਨਹੀਂ ਹੈ?’ ਕਈ ਵਾਰ ਉਹ ਕਹਿੰਦੇ ਹਨ ਕਿ ਇਹ ਖ਼ਾਲਿਸਤਾਨੀ ਹਨ ਜੋ ਰੋਸ ਪ੍ਰਦਰਸ਼ਨ ਕਰਾ ਰਹੇ ਹਨ ਅਤੇ ਕਈ ਵਾਰ ਪ੍ਰਦਰਸ਼ਨਾਂ ਲਈ ਮੇਰੇ ਉਤੇ ਦੋਸ਼ ਲਾਉਂਦੇ ਹਨ। ਉਨ੍ਹਾਂ ਨੂੰ ਆਪਣਾ ਫ਼ੈਸਲਾ ਕਰ ਲੈਣ ਦਿਓ।’ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਾਨੂੰਨ ਦਾ ਪਾਲਣ ਕਰਨ ਵਾਲੇ ਨਾਗਰਿਕ ਹਨ ਅਤੇ ਦੂਜੇ ਪਾਸੇ ਹਰਿਆਣਾ ਹੈ, ਜਿਸ ਨੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਅਤੇ ਕਿਸਾਨਾਂ ਨੂੰ ਜਬਰੀ ਰੋਕਣ ਲਈ ਕੌਮੀ ਮਾਰਗ ਉਤੇ ਅੜਿੱਕੇ ਖੜ੍ਹੇ ਕੀਤੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕਈ ਦਿਨ ਪਹਿਲਾਂ ਇੱਥੋਂ ਤੱਕ ਕਿ ਰੇਲ ਨਾਕਾਬੰਦੀ ਹਟਾਉਣ ਤੋਂ ਪਹਿਲਾਂ ਹੀ ਦਿੱਲੀ ਜਾਣ ਦਾ ਆਪਣਾ ਫ਼ੈਸਲਾ ਸੁਣਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਇਸ ਵਿੱਚ ਕਿਵੇਂ ਪੈ ਸਕਦੇ ਸਨ?
ਮੁੱਖ ਮੰਤਰੀ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਮਸਲੇ ਦਾ ਨਿਬੇੜਾ ਹੋਵੇ ਅਤੇ ਟਕਰਾਅ ਖ਼ਤਮ ਹੋ ਜਾਵੇ ਅਤੇ ਉਹ ਮਸਲੇ ਦੇ ਹੱਲ ਲਈ ਜੋ ਸਹਾਇਤਾ ਕਰ ਸਕਦੇ ਹਨ, ਉਹ ਕਰਨਗੇ। ਉਨ੍ਹਾਂ ਕਿਹਾ, “ਜੇਕਰ ਭਾਰਤ ਸਰਕਾਰ ਇਸ ਮੁੱਦੇ ਦੇ ਹੱਲ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਬਣਨ ਲਈ ਕਹਿੰਦੀ ਹੈ ਤਾਂ ਅਸੀਂ ਜ਼ਰੂਰ ਜਾਵਾਂਗੇ।” ਉਨ੍ਹਾਂ ਅੱਗੇ ਕਿਹਾ “ਮੇਰਾ ਉਦੇਸ਼ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਹੈ।’’