ਨਵੀਂ ਦਿੱਲੀ (ਸਮਾਜਵੀਕਲੀ) – ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰਾਂ ਦੇ ਸਹਿਯੋਗ ਨਾਲ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਰੋਕਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਦੇਸ਼ ਭਰ ਵਿੱਚ 21 ਦਿਨਾਂ ਲਈ ਕੀਤੇ ਗਏ ਲੌਕਡਾਊਨ ਦੌਰਾਨ ਜਮ੍ਹਾਂਖੋਰੀ ਨੂੰ ਠੱਲ੍ਹ ਪਾਉਣ ਲਈ ਉਚੇਚੇ ਕਦਮ ਚੁੱਕੇ ਜਾਣ।
ਗ੍ਰਹਿ ਮੰਤਰਾਲੇ ਦੀ ਜੁਆਇੰਟ ਸੈਕਟਰੀ ਪੁਨਿਆ ਸਲਿਲਾ ਸ੍ਰੀਵਾਸਤਵ ਨੇ ਮੰਗਲਵਾਰ ਨੂੰ ਕਿਹਾ ਕਿ ਸ੍ਰੀ ਸ਼ਾਹ ਵੱਲੋਂ ਲੌਕਡਾਊਨ ਨੂੰ ਲਾਗੂ ਕਰਨ ਅਤੇ ਜ਼ਰੂਰੀ ਵਸਤਾਂ ਦੀ ਵਿਸਥਾਰਪੂਰਵਕ ਸਮੀਖਿਆ ਕਰਨ ਮਗਰੋਂ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ। ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਿੱਤ ਵਰਤੋਂ ਦੀਆਂ ਵਸਤਾਂ ਦੀ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਰੋਕਣ ਲਈ ਗ੍ਰਹਿ ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਹੈ।
ਅਧਿਕਾਰੀ ਨੇ ਕਿਹਾ ਕਿ ਸਰਕਾਰ, ਦਵਾਈਆਂ ਸਮੇਤ ਹੋਰ ਜ਼ਰੂਰੀ ਵਸਤਾਂ ਦੀ ਨਿਗਰਾਨੀ ਕਰ ਰਹੀ ਹੈ। ਸਿਵਲ ਹਵਾਬਾਜ਼ੀ ਮੰਤਰਾਲੇ ਨੇ ਸੋਮਵਾਰ ਤੱਕ ਜ਼ਰੂਰੀ ਵਸਤਾਂ ਦੇ 200 ਟਨ ਬੇੜੇ ਅਤੇ ਰੇਲਵੇ ਨੇ 8,897 ਰੈਕ ਤੇ 4.57 ਲੱਖ ਡੱਬੇ ਭੇਜੇ ਹਨ। ਲੌਕਡਾਊਨ ਦੌਰਾਨ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਕਾਫ਼ੀ ਤਿਉਹਾਰ ਆ ਰਹੇ ਹਨ ਅਤੇ ਕਈ ਭਾਈਚਾਰਿਆਂ ਦੇ ਆਗੂਆਂ ਨੇ ਲੋਕਾਂ ਨੂੰ ਲੌਕਡਾਊਨ ਦੌਰਾਨ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।