ਜਲੰਧਰ (ਸਮਾਜ ਵੀਕਲੀ) : ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਮਕਸੂਦਾਂ ਆਉਣ ’ਤੇ ਤਿੱਖਾ ਵਿਰੋਧ ਕੀਤਾ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨਾਲ ਧੱਕਾ-ਮੁੱਕੀ ਵੀ ਕੀਤੀ। ਰੋਹ ਵਿੱਚ ਆਏ ਕਿਸਾਨਾਂ ਨੇ ਭਾਜਪਾ ਦੀ ਮੀਟਿੰਗ ਵਾਲੀ ਥਾਂ ਦੇ ਅੱਗੇ ਧਰਨਾ ਲਾ ਦਿੱਤਾ ਤੇ ਕਾਲੇ ਝੰਡੇ ਲੈ ਕੇ ਪ੍ਰਦਰਸ਼ਨ ਕੀਤਾ।
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਇੱਥੇ ਕੋਰ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲੈਣ ਆਏ ਸਨ। ਕਿਸਾਨਾਂ ਨੂੰ ਜਿਉਂ ਹੀ ਪਤਾ ਲੱਗਾ ਕਿ ਅਸ਼ਵਨੀ ਸ਼ਰਮਾ ਜਲੰਧਰ ਆ ਰਹੇ ਹਨ ਤਾਂ ਉਨ੍ਹਾਂ ਨੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਬੁਲਾ ਲਿਆ। ਕਿਸਾਨਾਂ ਨੇ ਦੁਪਹਿਰ 12 ਤੋਂ ਸ਼ਾਮ 6 ਵਜੇ ਤਕ ਅਸ਼ਵਨੀ ਸ਼ਰਮਾ ਦਾ ਘਿਰਾਓ ਜਾਰੀ ਰੱਖਿਆ। ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਪੁਲੀਸ ਨੇ ਕਿਸਾਨਾਂ ਦੇ ਡਾਂਗਾਂ ਮਾਰੀਆਂ ਅਤੇ ਧੱਕਾ-ਮੁੱਕੀ ਕੀਤੀ। ਇਸ ਦੇ ਬਾਵਜੂਦ ਕਿਸਾਨ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਰੱਖੀ ਮੀਟਿੰਗ ਵਾਲੀ ਥਾਂ ਦੇ ਨੇੜੇ ਪਹੁੰਚ ਗਏ।
ਰੋਸ ਪ੍ਰਦਰਸ਼ਨ ਦੀ ਅਗਵਾਈ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਬੀਕੇਯੂ (ਰਾਜੇਵਾਲ) ਅਤੇ ਬੀਕੇਯੂ ਕਾਦੀਆਂ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨਾਲ ਪੁਲੀਸ ਨੇ ਧੱਕਾ-ਮੁੱਕੀ ਕੀਤੀ। ਜਥੇਬੰਦੀ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਜਦੋਂ ਤਕ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੰਤੋਖ ਸਿੰਘ ਸੰਧੂ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਭਾਜਪਾ ਗੱਲ ਕਰਨ ਤੋਂ ਭੱਜ ਰਹੀ ਹੈ।