- ਸਾਬਕਾ ਸੀਬੀਆਈ ਅਧਿਕਾਰੀ ਦੀ ਦਿੱਲੀ ਪੁਲੀਸ ਕਮਿਸ਼ਨਰ ਵਜੋਂ ਨਿਯੁਕਤੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਾਰ
ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਵਿਧਾਨ ਸਭਾ ਨੇ ਸਾਬਕਾ ਸੀਬੀਆਈ ਅਧਿਕਾਰੀ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲੀਸ ਕਮਿਸ਼ਨਰ ਵਜੋਂ ਨਿਯੁਕਤੀ ਵਿਰੁੱਧ ਮਤਾ ਪਾਸ ਕੀਤਾ ਹੈ। ਮਤੇ ਵਿੱਚ ਗ੍ਰਹਿ ਮੰਤਰਾਲੇ ਨੂੰ ਅਸਥਾਨਾ ਦੀ ਨਿਯੁਕਤੀ ਰੱਦ ਕਰਨ ਲਈ ਕਿਹਾ ਗਿਆ। ਮਤਾ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਜੀਵ ਝਾਅ ਨੇ ਅੱਗੇ ਵਧਾਇਆ।
ਗ੍ਰਹਿ ਮੰਤਰਾਲੇ ਨੇ ਬੀਤੇ ਦਿਨ ਅਸਥਾਨਾ ਨੂੰ ਦਿੱਲੀ ਪੁਲੀਸ ਕਮਿਸ਼ਨਰ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ। ਉਹ 31 ਜੁਲਾਈ ਨੂੰ ਬਾਰਡਰ ਸਕਿਉਰਿਟੀ ਫੋਰਸ (ਬੀਐੱਸਐੱਫ) ਦੇ ਡਾਇਰੈਕਟਰ ਜਨਰਲ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਵਾਲੇ ਸਨ। ‘ਆਪ’ ਨੇ ਦਿੱਲੀ ਵਿਧਾਨ ਸਭਾ ’ਚ ਕਿਹਾ ਕਿ ਅਸਥਾਨਾ ਦੀ ਨਿਯੁਕਤੀ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਉਲੰਘਣਾ ਹੈ। ਝਾਅ ਨੇ ਕਿਹਾ ਕਿ 2019 ਵਿੱਚ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਇਆ ਕਿ ਛੇ ਮਹੀਨਿਆਂ ਤੋਂ ਘੱਟ ਕਾਰਜਕਾਲ ਵਾਲੇ ਕਿਸੇ ਵੀ ਅਧਿਕਾਰੀ ਨੂੰ ਉੱਚ ਅਹੁਦੇ ਲਈ ਨਾਮਜ਼ਦ ਨਹੀਂ ਕੀਤਾ ਜਾਣਾ ਚਾਹੀਦਾ।
ਭਾਰਤੀ ਜਨਤਾ ਪਾਰਟੀ ਦੇ ਰਾਮਵੀਰ ਸਿੰਘ ਬਿਧੂੜੀ ਜੋ ਕਿ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਨ, ਨੇ ਅਸਥਾਨਾ ਦੀ ਨਿਯੁਕਤੀ ਦਾ ਬਚਾਅ ਕਰਦਿਆਂ ਉਨ੍ਹਾਂ ਦੇ ਸਰਵਿਸ ਰਿਕਾਰਡ ਬਾਰੇ ਦੱਸਿਆ। ਬਿਧੂੜੀ ਨੇ ਕਿਹਾ ਕਿ ਉਨ੍ਹਾਂ ਦੀ ਸੇਵਾਕਾਲ ਤੇ ਕਾਰਜਾਂ ਨੇ ਇਸ ਦੇਸ਼ ਵਿੱਚ ਮਿਸਾਲ ਕਾਇਮ ਕੀਤੀ ਹੈ। ਜਿਹੜੇ ਇਮਾਨਦਾਰ ਹਨ ਉਨ੍ਹਾਂ ਨੂੰ ਅਸਥਾਨਾ ਦੀ ਨਿਯੁਕਤੀ ’ਤੇ ਚਿੰਤਾ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਭ੍ਰਿਸ਼ਟਾਚਾਰੀਆਂ ਵਿਰੁੱਧ ਸਖਤ ਕਾਰਵਾਈ ਕਰਦੇ ਹਨ। ਕਾਂਗਰਸ ਨੇ ਵੀ ਅਸਥਾਨਾ ਦੀ ਨਿਯੁਕਤੀ ਨੂੰ ‘ਪੂਰੀ ਤਰ੍ਹਾਂ ਗੈਰਕਾਨੂੰਨੀ’ ਦੱਸਿਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly