ਚੰਡੀਗੜ੍ਹ (ਸਮਾਜ ਵੀਕਲੀ): ਅੰਬਾਲਾ ਜ਼ਿਲ੍ਹੇ ਵਿੱਚ ਪੈਂਦੇ ਨਾਰਾਇਣਗੜ੍ਹ ’ਚ ਭਾਜਪਾ ਆਗੂਆਂ ਦਾ ਵਿਰੋਧ ਕਰ ਰਿਹਾ ਕਿਸਾਨ, ਭਾਜਪਾ ਦੇ ਸੰਸਦ ਮੈਂਬਰ ਦੀ ਗੱਡੀ ਨਾਲ ਟਕਰਾਉਣ ਕਰਕੇ ਜ਼ਖ਼ਮੀ ਹੋ ਗਿਆ। ਪੀੜਤ ਦੀ ਪਛਾਣ ਭਵਨਪ੍ਰੀਤ ਵਜੋਂ ਹੋਈ ਹੈ ਜਿਸ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਸਬੰਧੀ ਕਿਸਾਨ ਆਗੂਆਂ ਨੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੇ ਸੰਸਦ ਮੈਂਬਰ ਨਾਇਬ ਸੈਣੀ ਅਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਇੱਥੇ ਨਾਰਾਇਣਗੜ੍ਹ-ਸਢੌਰਾ ਸੜਕ ’ਤੇ ਸਥਿਤ ਸੈਣੀ ਭਵਨ ’ਚ ਸਮਾਰੋਹ ’ਚ ਸ਼ਾਮਲ ਹੋਣ ਆਏ ਸਨ। ਇਸ ਗੱਲ ਦਾ ਪਤਾ ਲੱਗਦਿਆਂ ਹੀ ਕਿਸਾਨ ਜਥੇਬੰਦੀਅਆਂ ਸੈਣੀ ਭਵਨ ਨੇੜੇ ਇਕੱਠੀਆਂ ਹੋ ਗਈਆਂ ਜਿਨ੍ਹਾਂ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੰਸਦ ਮੈਂਬਰ ਅਤੇ ਕੈਬਨਿਟ ਮੰਤਰੀ ਦਾ ਵਿਰੋਧ ਕੀਤਾ। ਇਸ ਦੌਰਾਨ ਪੁਲੀਸ ਤੇ ਕਿਸਾਨਾਂ ਵਿਚਕਾਰ ਕਾਫੀ ਸਮਾਂ ਖਿੱਚ-ਧੂਹ ਹੁੰਦੀ ਰਹੀ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਇਕੱਠ ਨੂੰ ਵੇਖਦਿਆਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸੈਣੀ ਨੇ ਜਾਣ-ਬੁੱਝ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਨੂੰ ਟੱਕਰ ਮਾਰੀ ਹੈ। ਉਨ੍ਹਾਂ ਕਿਹਾ ਕਿ ਜਿਸ ਕਾਰ ਨੇ ਭਵਨਪ੍ਰੀਤ ਨੂੰ ਟੱਕਰ ਮਾਰੀ ਹੈ ਉਹ ਸੰਸਦ ਮੈਂਬਰ ਦੀ ਗੱਡੀ ਸੀ। ਕਿਸਾਨ ਆਗੂਆਂ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਮਾਮਲੇ ’ਚ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ 10 ਅਕਤੂਬਰ ਤੱਕ ਕਾਰਵਾਈ ਨਾ ਕੀਤੀ ਗਈ ਤਾਂ ਥਾਣੇ ਦਾ ਘਿਰਾਓ ਕੀਤਾ ਜਾਵੇਗਾ। ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਮਗਰੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly