ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ

ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਕੀਤੀ ਕਾਰਵਾਈ, ਬੇਅਦਬੀ ਕਾਂਡ ਦੀ ਜਾਂਚ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਵੱਲੋਂ ਬਰਗਾੜੀ (ਫ਼ਰੀਦਕੋਟ) ’ਚ ਹੋਈ ਬੇਅਦਬੀ ਦੀ ਘਟਨਾ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਹਿਮ ਮੈਂਬਰ ਅਤੇ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਕਮਿਸ਼ਨ ਦੀਆਂ ਹਦਾਇਤਾਂ ’ਤੇ ਅੱਜ ਰਾਜ ਸਰਕਾਰ ਨੇ ਇਸ ਪੁਲੀਸ ਅਧਿਕਾਰੀ ਨੂੰ ਆਈਜੀ (ਕਾਊਂਟਰ ਇੰਟੈਲੀਜੈਂਸ) ਅੰਮ੍ਰਿਤਸਰ ਥਾਪ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ ਮੁੱਖ ਸਕੱਤਰ ਨੂੰ ਜੋ ਪੱਤਰ ਲਿਖਿਆ ਗਿਆ ਹੈ ਉਸ ਵਿੱਚ ਕੁੰਵਰਵਿਜੈ ਪ੍ਰਤਾਪ ਸਿੰਘ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਗਏ ਹਨ। ਇਨ੍ਹਾਂ ਦੋਸ਼ਾਂ ਦੇ ਆਧਾਰ ’ਤੇ ਹੀ ਆਈਪੀਐਸ ਅਧਿਕਾਰੀ ਖ਼ਿਲਾਫ਼ ਕਾਰਵਾਈ ਦੀ ਹਦਾਇਤ ਕੀਤੀ ਹੈ। ਸਰਕਾਰ ਵੱਲੋਂ ਆਈਜੀ ਰੈਂਕ ਦੇ ਇਸ ਅਧਿਕਾਰੀ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉਹ ਸਿਟ ਦੇ ਮੈਂਬਰ ਹੋਣ ਦੇ ਨਾਲ ਨਾਲ ਬਿਊਰੋ ਆਫ਼ ਇਨਵੈਸਟੀਗੇਸ਼ਨ ’ਚ ਆਈ.ਜੀ. ਅਤੇ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਦੇ ਮੁਖੀ ਵਜੋਂ ਵੀ ਸੇਵਾ ਨਿਭਾਅ ਰਹੇ ਸਨ।
ਪੁਲੀਸ ਅਧਿਕਾਰੀ ਦੇ ਤਬਾਦਲੇ ਨਾਲ ਕੈਪਟਨ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਵਿੱਚ ਇਸ ਪੁਲੀਸ ਅਫ਼ਸਰ ਵੱਲੋਂ ਹੀ ਮੋਹਰੀ ਭੂਮਿਕਾ ਨਿਭਾਏ ਜਾਣ ਦੇ ਤੱਥ ਸਾਹਮਣੇ ਆ ਰਹੇ ਸਨ। ਚੋਣ ਕਮਿਸ਼ਨ ਨੇ ਸੰਸਦੀ ਚੋਣਾਂ ਦੇ ਅਮਲ ਦੌਰਾਨ ਚੋਣ ਜ਼ਾਬਤਾ ਲਾਗੂ ਰਹਿਣ ਦੇ ਸਮੇਂ ਤੱਕ ਸਿਟ ਦੇ ਮੈਂਬਰ ਨੂੰ ਸਿਟ ਦੀਆਂ ਗਤੀਵਿਧੀਆਂ ਬਾਰੇ ਜ਼ੁਬਾਨ ਬੰਦ ਰੱਖਣ ਦੀਆਂ ਹਦਾਇਤਾਂ ਵੀ ਕੀਤੀਆਂ ਹਨ। ਸਿਟ ਦੀਆਂ ਪ੍ਰਾਪਤੀਆਂ ਨੂੰ ਹਾਕਮ ਧਿਰ ਵੱਲੋਂ ਆਗਾਮੀ ਸੰਸਦੀ ਚੋਣਾਂ ਦੌਰਾਨ ਵੱਡੇ ਹਥਿਆਰ ਵਜੋਂ ਵਰਤਣ ਦੇ ਆਸਾਰ ਸਨ। ਕਮਿਸ਼ਨ ਨੇ ਕਾਂਗਰਸ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ। ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਆਈਜੀ ਰੈਂਕ ਦੇ ਪੁਲੀਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫਤਾਰੀ ਵਿੱਚ ਵੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਹੀ ਅਹਿਮ ਭੂਮਿਕਾ ਮੰਨੀ ਜਾਂਦੀ ਸੀ। ਪੁਲੀਸ ਸੂਤਰਾਂ ਦਾ ਕਹਿਣਾ ਹੈ ਕਿ ਆਈਪੀਐਸ ਅਧਿਕਾਰੀ ਦੇ ਤਬਾਦਲੇ ਮਗਰੋਂ ਬੇਅਦਬੀ ਤੇ ਗੋਲੀ ਕਾਂਡ ਦੀ ਤਫ਼ਤੀਸ਼ ਲੀਹੋਂ ਲਹਿ ਜਾਣ ਦਾ ਖ਼ਦਸ਼ਾ ਹੈ ਕਿਉਂਕਿ ਸਿਟ ਦੇ ਹੋਰਨਾਂ ਮੈਂਬਰਾਂ ਵੱਲੋਂ ਸਰਗਰਮ ਭੂਮਿਕਾ ਨਿਭਾਏ ਜਾਣ ਸਬੰਧੀ ਕੋਈ ਅਹਿਮ ਗਤੀਵਿਧੀ ਨਹੀਂ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਨੇ ਸੰਸਦੀ ਚੋਣਾਂ ਦੇ ਐਲਾਨ ਤੋਂ ਕੁਝ ਦਿਨਾਂ ਬਾਅਦ ਹੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਸੂਬੇ ਤੋਂ ਬਾਹਰ ਕਰਾਉਣ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਤੇ ਕਮਿਸ਼ਨ ਨੇ ਇਸ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕੀਤੀ ਹੈ। ਅਕਾਲੀ ਦਲ ਨੇ ਸ਼ਿਕਾਇਤ ਨਾਲ ਇਸ ਪੁਲੀਸ ਅਧਿਕਾਰੀ ਵੱਲੋਂ ਮੀਡੀਆ ਨਾਲ ਕੀਤੀ ਗੱਲਬਾਤ ਦੀ ਇੱਕ ਵੀਡੀਓ ਵੀ ਨੱਥੀ ਕੀਤੀ ਸੀ। ਇਹ ਸ਼ਿਕਾਇਤ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਦੇ ਦਸਤਖ਼ਤਾਂ ਹੇਠ ਕੀਤੀ ਗਈ ਸੀ। ਚੋਣ ਕਮਿਸ਼ਨ ਵੱਲੋਂ 5 ਅਪਰੈਲ ਨੂੰ ਲਿਖੇ ਪੱਤਰ ਰਾਹੀਂ ਰਾਜ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਆਈਜੀ ਰੈਂਕ ਦੇ ਇਸ ਅਧਿਕਾਰੀ ਦੇ ਮਾਮਲੇ ਵਿੱਚ ਕਾਰਵਾਈ ਅਮਲ ’ਚ ਲਿਆ ਕੇ 8 ਅਪਰੈਲ ਸ਼ਾਮੀਂ 5 ਵਜੇ ਤੱਕ ਸੂਚਿਤ ਕਰਨ ਲਈ ਕਿਹਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਜਦੋਂ ਵਧੀਕ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲਈ ਸਿਟ ਦਾ ਗਠਨ ਕੀਤਾ ਗਿਆ ਸੀ ਤਾਂ ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਵਿਰੋਧ ਕੀਤਾ ਸੀ। ਅਕਾਲੀ ਦਲ ਨੇ ਇਸ ਪੁਲੀਸ ਅਧਿਕਾਰੀ ਨੂੰ ਪਹਿਲਾਂ ਵੀ ਸਿਟ ਤੋਂ ਵੱਖ ਕਰਨ ਦੀ ਮੰਗ ਕੀਤੀ ਸੀ। ਅਕਾਲੀ ਦਲ ਵੱਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਮਗਰੋਂ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਉਧਰ ਕਾਂਗਰਸ ਨੇ ਪੁਲੀਸ ਅਧਿਕਾਰੀ ਦੇ ਤਬਾਦਲੇ ਨੂੰ ਮੁੱਦਾ ਬਣਾ ਕੇ ਅਕਾਲੀ ਦਲ ’ਤੇ ਸਿਆਸੀ ਹਮਲੇ ਕਰਨ ਦੀ ਤਿਆਰੀ ਖਿੱਚ ਲਈ ਹੈ।

Previous articleਭਾਜਪਾ ਨੇ ਰਾਮ ਮੰਦਰ ਦਾ ਰਾਗ ਮੁੜ ਅਲਾਪਿਆ
Next articleਏਅਰ ਫੋਰਸ ਵੱਲੋਂ ਪਾਕਿ ਐਫ-16 ਜਹਾਜ਼ ਡੇਗਣ ਦੇ ਸਬੂਤ ਜਾਰੀ