ਚੰਡੀਗੜ੍ਹ (ਸਮਾਜ ਵੀਕਲੀ) : ‘ਆਪ’ ਸਰਕਾਰ ਦੇ ਪੰਜਾਬ ਵਿੱਚ ਛੇ ਮਹੀਨੇ ਪੂਰੇ ਹੋਣ ’ਤੇ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਵੱਲੋਂ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਜਨਤਕ ਕੀਤਾ ਹੈ। ਸ੍ਰੀ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਛੇ ਮਹੀਨਿਆਂ ਵਿੱਚ ਉਹ ਕੰਮ ਕਰ ਦਿਖਾਏ ਹਨ, ਜੋ ਪਿਛਲੀਆਂ ਸਰਕਾਰਾਂ ਪੰਜ ਸਾਲਾਂ ਵਿੱਚ ਵੀ ਨਹੀਂ ਕਰਦੀਆਂ ਸਨ। ਸ੍ਰੀ ਕੰਗ ਨੇ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਆਪਣੀਆਂ ਸਰਕਾਰਾਂ ਵੇਲੇ ਦੇ ਪਹਿਲੇ ਛੇ ਮਹੀਨਿਆਂ ਦੀ ਕਾਰਗੁਜ਼ਾਰੀ ਜਨਤਕ ਕਰਕੇ ਦਿਖਾਉਣ। ਪਾਰਟੀ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ ਛੇ ਮਹੀਨਿਆਂ ਵਿੱਚ 20 ਹਜ਼ਾਰ ਨੌਕਰੀਆਂ ਦਿੱਤੀਆਂ ਹਨ ਤੇ ਨੌਂ ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ।
ਖੇਤੀ ਖੇਤਰ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਸ਼ੁਰੂਆਤ ਕੀਤੀ ਹੈ। ਸ੍ਰੀ ਕੰਗ ਨੇ ਕਿਹਾ ਕਿ ਸਰਕਾਰ ਨੇ ਬਲਬੀਰ ਸਿੰਘ ਸੀਨੀਅਰ ਦੇ ਨਾਂ ’ਤੇ ਸਪੋਰਟਸ ਸਕਾਲਰਸ਼ਿਪ ਸ਼ੁਰੂ ਕੀਤੀ ਹੈ ਤੇ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ਦੇ ਸਿਤਾਰਿਆਂ ਨੂੰ ਵੀ ਸਨਮਾਨਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਸਾਬਕਾ ਮੰਤਰੀਆਂ ਤੇ ਸੀਨੀਅਰ ਅਫ਼ਸਰਾਂ ’ਤੇ ਸ਼ਿਕੰਜੇ ਕੱਸੇ ਗਏ ਹਨ। ਸਿਹਤ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੀ 100 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ‘ਆਪ’ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਅਤੇ ਸੰਗਠਿਤ ਅਪਰਾਧ ਨਾਲ ਜੁੜੇ 300 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ 4000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly