ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਕਈ ਪੂਰੀ ਤਰ੍ਹਾਂ ਤਿਆਰ ਹੈ ਤੇ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ਉੱਪਰ ਆਪਣੇ ਦਮ ’ਤੇ ਚੋਣ ਲੜ ਕੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਸਭਾ ਹਲਕਾ ਫਰੀਦਕੋਟ ਤੋਂ ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਦੇ ਹੱਕ ’ਚ ਕਸਬਾ ਭਗਤਾ ਭਾਈ ਵਿੱਚ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਤੇ ਬਾਕੀ ਪੰਜ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਕੈਪਟਨ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਇਹ ਦੋਨੋਂ ਸਰਕਾਰਾਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈਆਂ ਹਨ।
ਸ੍ਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਉਹ ਅਤੇ ਪ੍ਰੋ. ਸਾਧੂ ਸਿੰਘ ਨੇ ਲੋਕ ਸਭਾ ਵਿੱਚ ਜਨਤਾ ਦੀਆਂ ਮੁਸ਼ਕਲਾਂ ਨੂੰ ਬਿਹਤਰ ਢੰਗ ਨਾਲ ਉਠਾਉਣ ਤੋਂ ਇਲਾਵਾ ਐਮ.ਪੀ. ਫੰਡ ਦੀ ਪਾਰਦਰਸ਼ੀ ਢੰਗ ਨਾਲ ਵੰਡ ਕੀਤੀ। ਉਨ੍ਹਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਸੂਬੇ ਦਾ ਦਿੱਲੀ ਦੀ ਤਰਜ਼ ’ਤੇ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ।
ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਅਤੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ਼ ਅਜਾਇਬ ਸਿੰਘ ਹਮੀਰਗੜ੍ਹ ਨੇ ਕਿਹਾ ਕਿ ਪੰਜਬ ਦੇ ਲੋਕ ਅਕਾਲੀ-ਭਾਜਪਾ ਗੱਠਜੋੜ ਤੇ ਮੌਜੂਦਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਨਿਰਾਸ਼ ਹਨ ਤੇ ਇਸ ਵਾਰ ਸਾਰੀਆਂ 13 ਸੀਟਾਂ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਗੁਰਦਿੱਤ ਸਿੰਘ ਸੇਖੋਂ, ਨਛੱਤਰ ਸਿੰਘ ਸਿੱਧੂ, ਰਾਜਵਿੰਦਰ ਭਗਤਾ, ਕੇਵਲ ਸਿੰਘ ਭਗਤਾ ਆਦਿ ਹਾਜ਼ਰ ਸਨ।
INDIA ਆਪ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ: ਭਗਵੰਤ ਮਾਨ