ਆਮ ਆਦਮੀ ਪਾਰਟੀ ਵੱਲੋਂ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ

ਲੁਧਿਆਣਾ- ਦੇਸ਼ ਵਿੱਚ ਦਿਨੋਂ-ਦਿਨ ਵਧਦੀ ਮਹਿੰਗਾਈ ਦੇ ਵਿਰੋਧ ਵਿੱਚ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਉਪ ਨੇਤਾ ਤੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕੀਤੀ। ਪ੍ਰਦਰਸ਼ਨਕਾਰੀ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਗਏ। ਇਸ ਦੌਰਾਨ ਉਨ੍ਹਾਂ ਨੇ ਹੱਥਾਂ ਵਿੱਚ ਖਾਲੀ ਭਾਂਡੇ ਫੜੇ ਹੋਏ ਸਨ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜੀ ਕੀਤੀ। ਇਹ ਰੋਸ ਮਾਰਚ ਡਿਪਟੀ ਕਮਿਸ਼ਨਰ ਦਫ਼ਤਰ ਜਾ ਕੇ ਖਤਮ ਹੋਇਆ, ਜਿੱਥੇ ‘ਆਪ’ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ। ਉਨ੍ਹਾਂ ਸੂਬਾ ਤੇ ਕੇਂਦਰ ਸਰਕਾਰ ਕੋਲੋਂ ਮਹਿੰਗਾਈ ਨੂੰ ਜਲਦ ਤੋਂ ਜਲਦ ਘੱਟ ਕਰਨ ਲਈ ਕਦਮ ਚੁਕਣ ਅਤੇ ਪੰਜਾਬ ਵਿੱਚ ਸਿਖਿੱਆ ਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਲਿਆਉਣ ਲਈ ਦਿੱਲੀ ਸਰਕਾਰ ਦੇ ਫਾਰਮੂਲੇ ਨੂੰ ਅਪਨਾਉਣਾ ਦੀ ਮੰਗ ਕੀਤੀ।
ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮਹਿੰਗਾਈ ’ਤੇ ਰੋਕ ਲਗਾਉਣ ਵਿੱਚ ਕੇਂਦਰ ਤੇ ਸੂਬਾ ਸਰਕਾਰ ਨਾਕਾਮ ਹੋ ਰਹੀਆਂ ਹਨ। ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੇ ਭਾਅ ਅਸਮਾਨੀ ਪੁੱਜ ਗਏ ਹਨ। ਤੇਲ ਦੀਆਂ ਕੀਮਤਾਂ ਕਾਰਨ ਹੀ ਬਾਕੀ ਵਸਤਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬੇ ਵਿੱਚ ਤੇਲ ਦੀਆਂ ਕੀਮਤਾਂ ’ਤੇ ਟੈਕਸ ਘੱਟ ਕਰ ਕੇ ਲੋਕਾਂ ਨੂੰ ਕੁੱਝ ਰਾਹਤ ਦੇਵੇ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਸਿਹਤ ਤੇ ਸਿੱਖਿਆ ਦੀਆਂ ਸਹੂਲਤਾਂ ਬਹੁਤ ਜ਼ਰੂਰੀ ਹਨ ਜੋ ਕਿ ਦਿੱਲੀ ਵਿੱਚ ਮੁਫ਼ਤ ਦੇ ਭਾਅ ਹਨ ਜਦੋਂ ਕਿ ਪੰਜਾਬ ਵਿੱਚ ਇਹ ਦੋਵੇਂ ਸਭ ਤੋਂ ਮਹਿੰਗੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੀ ਤਰਜ਼ ’ਤੇ ਪੰਜਾਬ ਸਰਕਾਰ ਵੀ ਸਿੱਖਿਆ ਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਕਰੇ।

Previous articleਦੱਖਣੀ ਅਫਰੀਕਾ ਦੀ ਟੁੰਜੀ ਬਣੀ ਮਿਸ ਯੂਨੀਵਰਸ
Next articleਦੱਖਣੀ ਏਸ਼ਿਆਈ ਖੇਡਾਂ: ਭਾਰਤ 300 ਤਗ਼ਮਿਆਂ ਦੇ ਨੇੜੇ