ਨਵੀਂ ਦਿੱਲੀ (ਸਮਾਜ ਵੀਕਲੀ) : ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਖੇਤੀ ਸੈਕਟਰ ਵਿੱਚ ਸੁਧਾਰਾਂ ਦੇ ਅਮਲ ਨੂੰ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਅਜੇ ਵੀ ਕਈ ਖੇਤਰ ਅਜਿਹੇ ਹਨ, ਜਿੱਥੇ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਆਪਣੀ ਇਸ ਆਸ ਨੂੰ ਦੁਹਰਾਇਆ ਕਿ ਪ੍ਰਦਰਸ਼ਨਕਾਰੀ ਕਿਸਾਨ ਤਿੰਨ ਖੇਤੀ ਕਾਨੂੰਨਾਂ ਬਾਰੇ ਆਪਣੇ ਤੌਖਲਿਆਂ ਨੂੰ ਦੂਰ ਕਰਨ ਲਈ ਕੇਂਦਰ ਸਰਕਾਰ ਨਾਲ ਸੰਵਾਦ ਮੁੜ ਸ਼ੁਰੂ ਕਰਨ ਲਈ ਛੇਤੀ ਹੀ ਅੱਗੇ ਆਉਣਗੇ।
ਮੰਤਰੀ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਿਸੇ ਵੀ ਅੰਦੋਲਨ ਦਾ ਹੱਲ ਸਿਰਫ਼ ਗੱਲਬਾਤ ਰਾਹੀਂ ਹੀ ਕੱਢਿਆ ਜਾ ਸਕਦਾ ਹੈ। ਉਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਗੇੜ ਦੀ ਗੱਲਬਾਤ ਲਈ ਤਰੀਕ ਤੇ ਸਮਾਂ ਮਿੱਥਣ। ਚੇਤੇ ਰਹੇ ਕਿ ਸਰਕਾਰ ਨੇ ਕਿਸਾਨ ਯੂਨੀਅਨਾਂ ਨੂੰ ਤਜਵੀਜ਼ਾਂ ਦਾ ਇਕ ਖਰੜਾ ਭੇਜਿਆ ਹੋਇਆ ਹੈ, ਜਿਸ ਵਿੱਚ ਤਿੰਨ ਖੇਤੀ ਕਾਨੂੰਨਾਂ ’ਚ ਸੱਤ ਸੋਧਾਂ ਕੀਤੇ ਜਾਣ ਦੀ ਪੇਸ਼ਕਸ਼ ਕੀਤੀ ਗਈ ਹੈ।