ਜਲੰਧਰ (ਸਮਾਜ ਵੀਕਲੀ): ਪੰਜਾਬ ਦੇ ਸਿੱਖਿਆ ਮੰਤਰੀ ਤੇ ਸੂਬਾਈ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਈਡੀ ਦੇ ਅਧਿਕਾਰੀਆਂ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ ਪੰਜਾਬ ਵਿਚ ਇਕ ਤਰ੍ਹਾਂ ਨਾਲ ਭਾਜਪਾ ਲਈ ਲੁਕਵੀਂ ਚੋਣ ਲੜ ਰਹੇ ਹਨ। ਪਰਗਟ ਸਿੰਘ ਨੇ ਜਲੰਧਰ ਛਾਉਣੀ ਦੇ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਚੋਣ ਰੈਲੀਆਂ ਦੌਰਾਨ ਲੋਕਾਂ ਨੂੰ ਸੁਚੇਤ ਕੀਤਾ ਕਿ ਭਾਜਪਾ ਚਰਨਜੀਤ ਸਿੰਘ ਚੰਨੀ ਦੀ ਹਰਮਨਪਿਆਰਤਾ ਤੋਂ ਪੂਰੀ ਤਰ੍ਹਾਂ ਘਬਰਾਈ ਹੋਈ ਹੈ। ਇਸੇ ਕਰਕੇ ਈਡੀ ਦੇ ਅਧਿਕਾਰੀਆਂ ਨੂੰ ਪਾਰਟੀ ਦਾ ਏਜੰਡਾ ਦੇ ਕੇ ਮੁੱਖ ਮੰਤਰੀ ਚੰਨੀ ਦੇ ਅਕਸ ਨੂੰ ਢਾਅ ਲਾਉਣ ਲਈ ਜ਼ੋਰ ਲਾ ਰਹੀ ਹੈ।
ਪਰਗਟ ਸਿੰਘ ਨੇ ਈਡੀ ਦੇ ਜੁਆਇੰਟ ਡਾਇਰੈਕਟਰ ਦੀ ਮਿਸਾਲ ਦਿੰਦਿਆਂ ਦੱਸਿਆ ਕਿ ਸੇਵਾਮੁਕਤੀ ਮਗਰੋਂ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਵਿਚ ਭਾਜਪਾ ਦੀ ਟਿਕਟ ’ਤੇ ਚੋਣ ਲੜਾਈ ਜਾ ਰਹੀ ਹੈ। ਇਸ ਤੋਂ ਸਪੱਸ਼ਟ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਚੰਨੀ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ 5 ਜਨਵਰੀ ਨੂੰ ਫਿਰੋਜ਼ਪੁਰ ’ਚ ਜਿਹੜੀ ਭਾਜਪਾ ਦੀ ਰੈਲੀ ਫਲਾਪ ਹੋਈ ਸੀ ਉਸ ਦੀ ਖੁੰਦਕ ਕੱਢਣ ਲਈ ਈਡੀ ਦੀ ਟੀਮ ਨੂੰ ਮੁੱਖ ਮੰਤਰੀ ਦੇ ਵਿਰੁੱਧ ਵਰਤਣ ਲਈ ਭੇਜਿਆ ਗਿਆ ਹੈ। ਉਨ੍ਹਾਂ ਨੇ ਪਿੰਡ ਮੀਰਾਪੁਰ, ਫਤਹਿਪੁਰ, ਹਮੀਰੀ ਖੇੜਾ, ਬਰਸਾਲ, ਉਧੋਪੁਰ, ਜੁਗਰਾਲ ਆਦਿ ਪਿੰਡਾਂ ਵਿਚ ਲੋਕਾਂ ਨੂੰ ਕਾਂਗਰਸ ਨੂੰ ਮੁੜ ਜਿਤਾਉਣ ਦੀ ਅਪੀਲ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly