ਜੇਲ੍ਹ ਅਮਲੇ ਦੀ ‘ਮਿਲੀਭੁਗਤ’ ਕਾਰਨ ਸਰਕਾਰ ਨੇ ਲਿਆ ‘ਪ੍ਰਸ਼ਾਸਕੀ’ ਫੈਸਲਾ
ਪੰਜਾਬ ਦੇ ਜੇਲ੍ਹ ਵਿਭਾਗ ਨੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਅਦਾਲਤੀ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਵਿੱਚ ਬੰਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਦਾ ਦੱਸਣਾ ਹੈ ਕਿ ਉਮਰਾਨੰਗਲ ਨੂੰ ਸੰਗਰੂਰ ਦੀ ਕੇਂਦਰੀ ਜੇਲ੍ਹ ਅਤੇ ਸ਼ਰਮਾ ਨੂੰ ਰੋਪੜ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਪ੍ਰਮੁੱਖ ਸਕੱਤਰ (ਜੇਲ੍ਹਾਂ) ਕਿਰਪਾ ਸ਼ੰਕਰ ਸਿਰੋਜ ਨੇ ਵਿਭਾਗ ਦੇ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋਹਾਂ ਪੁਲੀਸ ਅਧਿਕਾਰੀਆਂ ਨੂੰ ਪ੍ਰਸ਼ਾਸਕੀ ਅਧਾਰ ’ਤੇ ਵੱਖੋ ਵੱਖਰੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਸੂਤਰਾਂ ਮੁਤਾਬਕ ਜੇਲ੍ਹ ਅਮਲੇ ਦੇ ਦੋਹਾਂ (ਉਮਰਾਨੰਗਲ ਤੇ ਸ਼ਰਮਾ) ਨਾਲ ਘਿਓ-ਖਿਚੜੀ ਹੋਣ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਹੀ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਨੂੰ ਵੀ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਅਕਾਲੀ ਭਾਜਪਾ ਸਰਕਾਰ ਸਮੇਂ ਅਕਤੂਬਰ 2015 ’ਚ ਵਾਪਰੀਆਂ ਘਟਨਾਵਾਂ ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਉਮਰਾਨੰਗਲ ਨੂੰ ਕੋਟਕਪੂਰਾ ’ਚ ਪੁਲੀਸ ਗੋਲੀਕਾਂਡ ਅਤੇ ਸੇਵਾ ਮੁਕਤ ਪੁਲੀਸ ਅਧਿਕਾਰੀ ਚਰਨਜੀਤ ਸ਼ਰਮਾ ਨੂੰ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਪੁਲੀਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਪੁਲੀਸ ਵੱਲੋਂ ਦੋਹਾਂ ਨੂੰ ਪਟਿਆਲਾ ਜੇਲ੍ਹ ਵਿੱਚ ਅਦਾਲਤੀ ਹਿਰਾਸਤ ਅਧੀਨ ਹਵਾਲਾਤੀਆਂ ਵਜੋਂ ਬੰਦ ਕੀਤਾ ਗਿਆ ਸੀ।
ਫਰੀਦਕੋਟ ਅਦਾਲਤ ਵੱਲੋਂ ਚਰਨਜੀਤ ਸ਼ਰਮਾ ਅਤੇ ਉਮਰਾਨੰਗਲ ਨੂੰ ਜੇਲ੍ਹ ਭੇਜਣ ਦੇ ਹੁਕਮਾਂ ਮਗਰੋਂ ਜੇਲ੍ਹ ਵਿਭਾਗ ਨੇ ਦੋਹਾਂ ਨੂੰ ਪਟਿਆਲਾ ਜੇਲ੍ਹ ਵਿੱਚ ਭੇਜਣ ਦਾ ਫੈਸਲਾ ਲਿਆ ਸੀ। ਪਟਿਆਲਾ ਜੇਲ੍ਹ ਦੇ ਅਮਲੇ ਅਤੇ ਅਫ਼ਸਰਾਂ ’ਤੇ ਉਕਤ ਦੋਹਾਂ ਪੁਲੀਸ ਅਫ਼ਸਰਾਂ ਨੂੰ ਰਾਹਤ ਦੇਣ ਦੇ ਦੋਸ਼ ਲੱਗੇ। ਇੱਥੋਂ ਤੱਕ ਕਿ ਮੁਲਾਕਾਤੀਆਂ ਦੇ ਨਾਮ ਦਾ ਇੰਦਰਾਜ ਕੀਤੇ ਬਿਨਾਂ ਹੀ ਮੁਲਾਕਾਤਾਂ ਕਰਾਉਣ ਦੇ ਤੱਥ ਵੀ ਸੀਨੀਅਰ ਅਧਿਕਾਰੀਆਂ ਦੇ ਸਾਹਮਣੇ ਲਿਆਂਦੇ ਗਏ। ਜੇਲ੍ਹ ਵਿਭਾਗ ਵੱਲੋਂ ਉਮਰਾਨੰਗਲ ਤੇ ਸ਼ਰਮਾ ਨੂੰ ਵੱਖ ਵੱਖ ਜੇਲ੍ਹਾਂ ਵਿੱਚ ਤਬਦੀਲ ਕਰਨ ਲਈ ਇਨ੍ਹਾਂ ਦੋਹਾਂ ਦੀ ਜਾਨ ਨੂੰ ਖ਼ਤਰਾ ਤੇ ਪ੍ਰਸ਼ਾਸਕੀ ਕਾਰਨ ਦੱਸੇ ਗਏ ਹਨ। ਜੇਲ੍ਹ ਵਿਭਾਗ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਰੋਪੜ ਅਤੇ ਪਟਿਆਲਾ ਦੀਆਂ ਜੇਲ੍ਹਾਂ ਦੋਹਾਂ ਲਈ ਸੁਰੱਖਿਅਤ ਹਨ। ਜੇਲ੍ਹ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਟਿਆਲਾ ਜੇਲ੍ਹ ਵਿੱਚ ਗੈਂਗਸਟਰ ਬੰਦੀ ਹਨ ਜਿਸ ਕਰਕੇ ਆਈਜੀ ਅਤੇ ਸੇਵਾ ਮੁਕਤ ਪੁਲੀਸ ਅਫ਼ਸਰ ਨੂੰ ਵੱਖੋ ਵੱਖਰੀਆਂ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਨੇ ਨਮੋਸ਼ੀ ਤੋਂ ਬਚਣ ਲਈ ਇਹ ਕਾਰਵਾਈ ਕੀਤੀ ਹੈ। ਇਨ੍ਹਾਂ ਨੂੰ ਵੱਖ ਵੱਖ ਜੇਲ੍ਹਾਂ ’ਚ ਤਬਦੀਲ ਕੀਤੇ ਜਾਣ ਦਾ ਕਾਰਨ ਵੀ ਜੇਲ੍ਹ ਅਮਲੇ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਹਨ। ਇਸ ਮੁੱਦੇ ਨੂੰ ਵਿਰੋਧੀਆਂ ਵੱਲੋਂ ਤੂਲ ਦਿੱਤੇ ਜਾਣ ਦੇ ਆਸਾਰ ਸਨ।