ਚੰਡੀਗੜ੍ਹ- ਪੰਜਾਬ ਵਿੱਚ ਕਰੋਨਾਵਾਇਰਸ ਨਾਲ ਮੌਤਾਂ ਹੋਣ ਦਾ ਸਿਲਸਿਲਾ ਪਿਛਲੇ ਤਿੰਨ ਦਿਨਾਂ ਤੋਂ ਜਾਰੀ ਹੈ। ਅੱਜ ਲੁਧਿਆਣਾ ਵਿੱਚ ਪੰਜਾਬ ਪੁਲੀਸ ਦੇ ਏਸੀਪੀ ਅਨਿਲ ਕੋਹਲੀ ਦੀ ਮੌਤ ਹੋ ਗਈ। ਪੰਜਾਬ ਵਿੱਚ ਏਸੀਪੀ ਦੀ ਮੌਤ ਨੂੰ ਸੂਬੇ ਵਿੱਚ ਪਹਿਲੇ ਕਿਸੇ ਗਜ਼ਟਿਡ ਅਫ਼ਸਰ ਦੀ ਮੌਤ ਮੰਨਿਆ ਜਾ ਰਿਹਾ ਹੈ। ਉਧਰ ਮੌਤਾਂ ਦੀ ਗਿਣਤੀ 16 ਤੱਕ ਅੱਪੜ ਗਈ ਹੈ।
ਸੂਬੇ ਵਿੱਚ ਅੱਜ 22 ਹੋਰ ਵਿਅਕਤੀਆਂ ਦੀ ਪਛਾਣ ਹੋਣ ਮਗਰੋਂ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 234 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਮੁਤਬਕ ਸਿਰਫ਼ ਪਟਿਆਲਾ ਸ਼ਹਿਰ ਵਿੱਚ ਹੀ ਅੱਜ 15 ਨਵੇਂ ਮਾਮਲੇ ਸਾਹਮਣੇ ਆਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਵਿੱਚ ਪੀੜਤ ਵਿਅਕਤੀਆਂ ਦੀ ਕੁੱਲ ਗਿਣਤੀ 26 ਤੱਕ ਪਹੁੰਚ ਗਈ ਹੈ।
ਇਸੇ ਤਰ੍ਹਾਂ ਜਲੰਧਰ ਵਿੱਚ ਵੀ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਇਸ ਜ਼ਿਲ੍ਹੇ ਵਿੱਚ 6 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 42 ਹੋ ਗਈ ਹੈ। ਪਟਿਆਲਾ ਅਤੇ ਲੁਧਿਆਣਾ ਵੀ ਹੁਣ ‘ਹੌਟਸਪੌਟ’ ਦੇ ਦਾਇਰੇ ਹੇਠ ਆ ਗਏ ਹਨ। ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜਿਨ੍ਹਾਂ ਜ਼ਿਲ੍ਹਿਆਂ ਵਿੱਚ 15 ਤੋਂ ਵੱਧ ਮਾਮਲੇ ਸਾਹਮਣੇ ਆ ਜਾਣ ਤਾਂ ਉਸ ਜ਼ਿਲ੍ਹੇ ਅਤੇ ਖੇਤਰ ਨੂੰ ਹੌਟਸਪੌਟ ਐਲਾਨ ਦਿੱਤਾ ਜਾਂਦਾ ਹੈ।
ਇਸ ਤੋਂ ਪਹਿਲਾਂ ਮੁਹਾਲੀ, ਨਵਾਂਸ਼ਹਿਰ, ਜਲੰਧਰ ਅਤੇ ਪਠਾਨਕੋਟ ਨੂੰ ਹੌਟਸਪੌਟ ਐਲਾਨਿਆ ਜਾ ਚੁੱਕਾ ਹੈ। ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਇੱਕ ਮਾਮਲਾ ਸਾਹਮਣੇ ਆਇਆ ਹੈ। ਸਿਹਤ ਵਿਭਾਗ ਦਾ ਮੰਨਣਾ ਹੈ ਕਿ ਪਟਿਆਲਾ ਅਤੇ ਜਲੰਧਰ ਵਿੱਚ ਇਸ ਸਮੇਂ ਮਰੀਜ਼ਾਂ ਦੀ ਗਿਣਤੀ ਵਧਣ ਕਰਕੇ ਸਥਿਤੀ ਨਾਜ਼ੁਕ ਮੰਨੀ ਜਾ ਰਹੀ ਹੈ।
ਸਿਹਤ ਵਿਭਾਗ ਮੁਤਾਬਕ 31 ਵਿਅਕਤੀਆਂ ਨੇ ਇਸ ਵਾਇਰਸ ਤੋਂ ਨਿਜਾਤ ਹਾਸਲ ਕੀਤੀ ਹੈ ਅਤੇ ਦੋ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੰਜਾਬ ਦੇ 19 ਜ਼ਿਲ੍ਹਿਆਂ ਤੱਕ ਇਹ ਵਾਇਰਸ ਹੁਣ ਤੱਕ ਪੈਰ ਪਸਾਰ ਚੁੱਕਾ ਹੈ ਅਤੇ ਪਿਛਲੇ ਦੋ ਹਫਤਿਆਂ ਤੋਂ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵੱਡਾ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਉਨ੍ਹਾਂ ਪਿੰਡਾਂ ਵਿੱਚ ਵੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਜਿਨ੍ਹਾਂ ਵਿੱਚ ਮ੍ਰਿਤਕ ਏਸੀਪੀ ਦੇ ਅੰਗ ਰੱਖਿਅਕਾਂ ਨੂੰ ਪੁਲੀਸ ਉਨ੍ਹਾਂ ਦੇ ਘਰ ਛੱਡ ਕੇ ਆਈ ਸੀ। ਇਨ੍ਹਾਂ ਵਿੱਚੋਂ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਕਰਮਚਾਰੀ ਵਿੱਚ ਲਾਗ਼ ਦੇ ਲੱਛਣ ਸਾਹਮਣੇ ਆ ਚੁੱਕੇ ਹਨ ਅਤੇ ਪੂਰੇ ਪਿੰਡ ਨੂੰ ਪੁਲੀਸ ਦੀ ਗਲਤੀ ਹੋਣ ਕਰਕੇ ਸੀਲ ਕਰ ਦਿੱਤਾ ਗਿਆ ਹੈ।