ਨਵੀਂ ਦਿੱਲੀ (ਸਮਾਜਵੀਕਲੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਜਧਾਨੀ ਦਿੱਲੀ ਵਿੱਚ ਕੋਵਿਡ-19 ਦੀ ਸਥਿਤੀ ’ਤੇ ਗੱਲਬਾਤ ਲਈ ਐਤਵਾਰ ਨੂੰ ਉਪ ਰਾਜਪਾਲ ਅਨਿਲ ਬੈਜਲ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਦਿੱਲੀ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸੱਦੀ ਗਈ ਹੈ।
ਦਿੱਲੀ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 36 ਹਜ਼ਾਰ ਹੈ ਤੇ ਹੁਣ ਤਕ 1200 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਟਵੀਟ ਵਿੱਚ ਕਿਹਾ ਗਿਆ ਹੈ, ‘ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਡਾ. ਹਰਸ਼ਵਰਧਨ ਕੌਮੀ ਰਾਜਧਾਨੀ ਵਿੱਚ ਕੋਵਿਡ-19 ਦੇ ਸਬੰਧ ਵਿੱਚ ਹਾਲਾਤ ਦੀ ਸਮੀਖਿਆ ਲਈ ਦਿੱਲੀ ਦੇ ਉਪ ਰਾਜਪਾਲ, ਮੁੱਖ ਮੰਤਰੀ ਅਤੇ ਐਸਡੀਐਮਏ ਮੈਂਬਰਾਂ ਨਾਲ 14 ਜੂਨ ਨੂੰ ਸਵੇਰੇ 11 ਵਜੇ ਮੀਟਿੰਗ ਕਰਨਗੇ।’ ਇਸ ਦੌਰਾਨ ਏਮਜ਼ ਦੇ ਡਾਇਰੈਕਟਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਰਹਿਣਗੇ।