ਪਿੰਡ ਖਵਾਸਪੁਰ ਦੀ ਸ਼ਾਮਲਾਟ ਜ਼ਮੀਨ ਨੂੰ ਲੈ ਕੇ ਛਿੜਿਆ ਵਿਵਾਦ ਦਿਨੋ ਦਿਨ ਭਖਦਾ ਨਜ਼ਰ ਆ ਰਿਹਾ ਹੈ। ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਵੱਲੋ ਪਿੰਡ ਦੀ ਦਲਿਤ ਬਰਾਦਰੀ ਨੂੰ ਨਾਲ ਲੈ ਕੇ ਇਸ ਜਗ੍ਹਾ ’ਤੇ ਬੈਠੇ ਲੋਕਾਂ ਨਾਲ ਪ੍ਰੈਸ ਕਾਨਫਰੰਸ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਬਲਜਿੰਦਰ ਸਿੰਘ ਬਾਜਵਾ ’ਤੇ ਸ਼ਰਾਬ ਪੀ ਕੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਸਨ। ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਅੱਜ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਿੱਟੂ ਖਵਾਸਪੁਰ ਵੱਲੋ ਲਗਾਏ ਦੋਸ਼ ਬੁਖਲਾਹਟ ਦਾ ਨਤੀਜਾ ਹਨ ਥਾਣਾ ਮੁਖੀ ਨੇ ਕਿਹਾ ਕਿ ਉਹ ਆਪਣਾ ਡੋਪ ਟੈਸਟ ਕਰਵਾ ਕੇ ਬਿੱਟੂ ਖਵਾਸਪੁਰ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦਾ ਦਾਅਵਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਿਵਾਦਤ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਬਿੱਟੂ ਖਵਾਸਪੁਰ ਅਤੇ ਉਸ ਦੇ ਸਾਥੀਆਂ ਵੱਲੋਂ ਪਿੰਡ ਦੀ ਔਰਤ ਨਾਲ ਜੋ ਖਿੱਚ-ਧੂਹ ਅਤੇ ਅਸ਼ਲੀਲ ਹਰਕਤਾਂ ਸਬੰਧੀ ਮਾਮਲਾ ਦਰਜ ਹੈ ਜਿਸ ਵਿੱਚ ਬਿੱਟੂ ਖਵਾਸਪੁਰ ਸਮੇਤ 19 ਵਿਅਕਤੀਆਂ ਸ਼ਾਮਲ ਹਨ ਅਤੇ ਉਹ ਆਪਣੀ ਗ੍ਰਿਫ਼ਤਾਰੀ ਦੇ ਡਰ ਕਾਰਨ ਉਸ ’ਤੇ ਝੂਠੇ ਦੋਸ਼ ਲਾ ਕੇ ਡਰਾਉਣਾ ਚਾਹੁੰਦਾ ਹੈ। ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਐਸਐਸਪੀ ਧਰੁਵ ਦਹੀਆ ਦੇ ਧਿਆਨ ਵਿਚ ਮਾਮਲਾ ਲਿਆ ਕੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹ ਇਸ ਮਾਮਲੇ ਵਿੱਚ ਨਾਮਜ਼ਦ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਅਤੇ ਉਸ ਦੇ ਸਾਥੀਆਂ ਨੂੰ ਜਲਦ ਕਾਬੂ ਕਰ ਕੇ ਜੇਲ੍ਹ ਦਾ ਰਸਤਾ ਦਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸਐਸਪੀ ਧਰੁਵ ਦਹੀਆ ਦੀਆਂ ਹਦਾਇਤਾਂ ਅਨੁਸਾਰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰ ਰਹੇ ਹਨ। ਥਾਣਾ ਮੁਖੀ ਨੇ ਸਪੱਸ਼ਟ ਕੀਤਾ ਕਿ ਉਹ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਗੇ ਅਤੇ ਕਿਸੇ ਨੂੰ ਮਾਹੌਲ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਵੇਂ ਉਹ ਵਿਅਕਤੀ ਕਿਸੇ ਵੀ ਸਿਆਸੀ ਧਿਰ ਨਾਲ ਸਬੰਧਤ ਹੋਵੇ।