ਨਵੀਂ ਦਿੱਲੀ (ਸਮਾਜ ਵੀਕਲੀ) : ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸੌਰਿਆ ਚੱਕਰ ਨਾਲ ਸਨਮਾਨਿਤ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਬੁੱਧਵਾਰ ਨੂੰ ਸ਼ੁਰੂ ਕਰ ਦਿੱਤੀ ਹੈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਥਿਤ ਖਾਲਿਸਤਾਨੀਆਂ ਅਤੇ ਆਈਐੱਸਆਈ ਵੱਲੋਂ ਘੜੀ ਗਈ ਸਾਜ਼ਿਸ਼ ਤਹਿਤ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਸੀ।
62 ਸਾਲ ਦੇ ਬਲਵਿੰਦਰ ਸੰਧੂ ਦਾ ਤਰਨਤਾਰਨ ਜ਼ਿਲ੍ਹੇ ਵਿੱਚ 16 ਅਕਤੂਬਰ 2020 ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੱਤਿਆ ਮਗਰੋਂ ਹਮਲਾਵਰ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ ਸਨ। ਪੰਜਾਬ ਵਿੱਚ ਦਹਿਸ਼ਤ ਦੇ ਦੌਰ ਦੌਰਾਨ ਬਲਵਿੰਦਰ ਸੰਧੂ ਨੇ ਅਤਿਵਾਦੀਆਂ ਦਾ ਨਿੱਡਰ ਹੋ ਕੇ ਮੁਕਾਬਲਾ ਕੀਤਾ ਸੀ। ਐੱਨਆਈਏ ਬੁਲਾਰੇ ਨੇ ਕਿਹਾ ਕਿ ਅਪਰਾਧ ਦੀ ਗੰਭੀਰਤਾ ਅਤੇ ਇਸ ਦੇ ਅੰਤਰ-ਰਾਜੀ ਅਤੇ ਕੌਮਾਂਤਰੀ ਪ੍ਰਭਾਵਾਂ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਐੱਨਆਈਏ ਨੂੰ ਇਸ ਮਾਮਲੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਸਨ। ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਐੱਨਆਈਏ ਨੇ ਮੁੜ ਤੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।