ਪੰਜਾਬ ਰੋਡਵੇਜ਼ ਤੇ ਪੀਆਰਟੀਸੀ ’ਚ ਮਿਲਣ ਵਾਲੀ ਸਹੂਲਤ ਲਈ ਤਰੀਕ ਦਾ ਐਲਾਨ ਬਾਕੀ
* ਨਵੀਂ ਮਾਈਨਿੰਗ ਨੀਤੀ ਲਿਆਉਣ ਦਾ ਐਲਾਨ
* ਟਰਾਂਸਪੋਰਟ ਕਾਰੋਬਾਰ ’ਚ ਅਜਾਰੇਦਾਰੀ ਖ਼ਤਮ ਕਰਨ ਲਈ ਕਦਮ ਚੁੱਕਣ ਦਾ ਭਰੋਸਾ
ਚੰਡੀਗੜ੍ਹ– ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ ਬੱਸਾਂ ’ਚ ਸਫ਼ਰ ਕਰਨ ’ਤੇ ਸੂਬੇ ਦੀਆਂ ਔਰਤਾਂ ਨੂੰ ਕਿਰਾਏ ਵਿੱਚ 50 ਫ਼ੀਸਦ ਛੋਟ ਦੇਣ ਦਾ ਐਲਾਨ ਕੀਤਾ ਹੈ। ਟਰਾਂਸਪੋਰਟ ਕਾਰੋਬਾਰ ਵਿਚ ਅਜਾਰੇਦਾਰੀ ਅਤੇ ਮੁਨਾਫ਼ਾਖੋਰੀ ਨੂੰ ਰੋਕਣ ਲਈ ਕਦਮ ਚੁੱਕਣ ਅਤੇ ਰੇਤ ਮਾਫ਼ੀਆ ’ਤੇ ਲਗਾਮ ਕੱਸਣ ਲਈ ਵੀ ਛੇਤੀ ਨਵੀਂ ਮਾਈਨਿੰਗ ਨੀਤੀ ਲਿਆਉਣ ਦਾ ਐਲਾਨ ਵੀ ਕੀਤਾ ਗਿਆ ਹੈ। ਸੋਮਵਾਰ ਵਜ਼ਾਰਤ ਦੀ ਮੀਟਿੰਗ ਵਿਚ ਰੇਤ ਮਾਫ਼ੀਏ ਨੂੰ ਠੱਲ੍ਹਣ ਅਤੇ ਪੀਪੀਏ ਬਾਰੇ ਵਾਈਟ ਪੇਪਰ ਲਿਆਉਣ ਬਾਰੇ ਚਰਚਾ ਕੀਤੀ ਗਈ ਸੀ।
ਬੱਸ ਕਿਰਾਏ ਵਿਚ ਛੋਟ ਬਾਰੇ ਅਜੇ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ। ਕੈਪਟਨ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿਚ ਮਿੰਨੀ ਬੱਸਾਂ ਲਈ ਪੰਜ ਹਜ਼ਾਰ ਨਵੇਂ ਰੂਟ ਪਰਮਿਟ ਜਾਰੀ ਕੀਤੇ ਜਾਣਗੇ ਤਾਂ ਕਿ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਲਾਭ ਮਿਲ ਸਕੇ। ਅਗਲੇ ਦੋ ਸਾਲਾਂ ਦੌਰਾਨ 52 ਸੀਟਾਂ ਵਾਲੀਆਂ ਬੱਸਾਂ ਲਈ 2000 ਹੋਰ ਰੂਟ ਪਰਮਿਟ ਦਿੱਤੇ ਜਾਣਗੇ। ਸੂਬੇ ਦੀ ਟਰਾਂਸਪੋਰਟ ਨੀਤੀ ਦੇ ਮੁੱਦੇ ’ਤੇ ਹਾਕਮ ਧਿਰ ਦੇ ਕਈ ਮੈਂਬਰਾਂ ਤੇ ‘ਆਪ’ ਵਲੋਂ ਕੀਤੀ ਜਾ ਰਹੀ ਤਿੱਖੀ ਆਲੋਚਨਾ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਮਾਮਲਾ ਕਾਨੂੰਨੀ ਕਾਰਵਾਈ ਅਧੀਨ ਹੈ। ਜਦ ਵੀ ਮਸਲਾ ਹੱਲ ਹੋਇਆ ਤਾਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਦਨ ਨੂੰ ਭਰੋਸਾ ਦਿੱਤਾ ਕਿ ਜੇ ਕੋਈ ਵੀ ਟਰਾਂਸਪੋਰਟ ਪਰਮਿਟ ਗ਼ੈਰਕਾਨੂੰਨੀ ਪਾਇਆ ਗਿਆ ਤਾਂ ਉਸ ਨੂੰ ਰੱਦ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਈ ਪਰਮਿਟਾਂ ਲਈ ਕਾਰਨ ਦੱਸੋ ਨੋਟਿਸ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤੇ ਜਲਦੀ ਕਾਰਵਾਈ ਕੀਤੀ ਜਾਵੇਗੀ। ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ ਘਟਾਉਣ ਬਾਰੇ ਫ਼ੈਸਲੇ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਇਸ ਨਾਲ ਖਾਲੀ ਹੋਣ ਵਾਲੀਆਂ ਅਸਾਮੀਆਂ ਅਗਲੇ ਦੋ ਸਾਲਾਂ ਵਿੱਚ ਭਰੀਆਂ ਜਾਣਗੀਆਂ। ਉੱਚੇ ਤਨਖ਼ਾਹ ਸਕੇਲ ’ਤੇ ਸੇਵਾਮੁਕਤ ਹੋਣ ਵਾਲੇ ਇਕ ਕਰਮਚਾਰੀ ਬਦਲੇ ਘੱਟ ਸਕੇਲ ’ਤੇ ਤਿੰਨ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾ ਸਕੇਗੀ। ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਵੰਨ-ਸੁਵੰਨਤਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਦੀ ਮੱਕੀ ਵਰਗੀਆਂ ਬਦਲਵੀਆਂ ਫ਼ਸਲਾਂ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਦਾਲਾਂ, ਕਪਾਹ, ਬਾਸਮਤੀ ਤੇ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 108 ਐਂਬੂਲੈਂਸ ਰਾਹੀਂ ਐਂਬੂਲੈਂਸ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਐਂਬੂਲੈਂਸਾਂ ਦੀ ਗਿਣਤੀ ਵਧਾ ਕੇ 400 ਕੀਤੀ ਜਾਵੇਗੀ। ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਤਹਿਤ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਡਾਕਟਰਾਂ ਨੂੰ ਪ੍ਰਸ਼ਾਸਕੀ ਕੰਮਾਂ ਦੇ ਨਾਲ-ਨਾਲ ਕਲੀਨੀਕਲ ਕਾਰਜ (ਅਪਰੇਸ਼ਨ) ਕਰਨੇ ਚਾਹੀਦੇ ਹਨ।