ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਾਰਤ, ਪੰਜਾਬ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਧੰਨਵਾਦ ਕਰਨ ਸਮੇਂ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਇਸ ਲਾਂਘੇ ਨੂੰ ਪਾਕਿਸਤਾਨ ਦੀ ਖ਼ੁਫੀਆ ਏਜੰਸੀ ਆਈਐਸਆਈ ਦੇ ਦਿਮਾਗ ਦੀ ਕਾਢ ਹੋਣ ਦਾ ਰਾਗ ਮੁੜ ਅਲਾਪਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ ਤੇ ਪਾਕਿ ਸੂਹੀਆ ਏਜੰਸੀ ਨੂੰ ਮੁੜ ਤੋਂ ਪੰਜਾਬ ਵਿੱਚ ਅਤਿਵਾਦ ਫੈਲਾਉਣ ਦੇ ਯਤਨਾਂ ਨੂੰ ਸਿਰੇ ਨਹੀਂ ਚੜ੍ਹਨ ਦੇਵਾਂਗਾ। ਇਸ ਮਤੇ ’ਤੇ ਹੋਏ ਬਹਿਸ ਦੌਰਾਨ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ ਮੁੱਖ ਮੰਤਰੀ ਨੂੰ ਲਾਂਘੇ ਦੇ ਮੁੱਦੇ ’ਤੇ ਨਾਕਾਰਾਤਮਕ ਪਹੁੰਚ ਨਾ ਅਪਨਾਉਣ ਦੀ ਨਸੀਹਤ ਦਿੱਤੀ ਜਦੋਂ ਕਿ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਸੋਮ ਪ੍ਰਕਾਸ਼ ਨੇ ਕੈਪਟਨ ਅਮਰਿੰਦਰ ਸਿੰਘ ਦੀ ਸੁਰ ਨਾਲ ਸੁਰ ਮਿਲਾਈ। ‘ਆਪ’ ਦੇ ਬਾਗੀ ਵਿਧਾਇਕ ਕੰਵਰ ਸੰਧੂ ਨੇ ਤਾਂ ਮੁੱਖ ਮੰਤਰੀ ਦੀ ਅਸਿੱਧੇ ਢੰਗ ਨਾਲ ਤਿੱਖੀ ਅਲੋਚਨਾ ਵੀ ਕੀਤੀ। ਮਹੱਤਵਪੂਰਨ ਤੱਥ ਇਹ ਹੈ ਕਿ ਆਪ ਅਤੇ ਅਕਾਲੀ ਦਲ ਦੇ ਮੈਂਬਰਾਂ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਮਾਮਲੇ ਵਿੱਚ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ। ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਕੁੱਝ ਮੈਂਬਰਾਂ ਨੇ ਆਪਣੇ ਮੰਤਰੀ ਦੀਆਂ ਕੋਸ਼ਿਸ਼ਾਂ ਦਾ ਜ਼ਿਕਰ ਤੱਕ ਨਾ ਕੀਤਾ। ਉਂਜ, ਕਾਂਗਰਸ ਦੇ ਹਰਮਿੰਦਰ ਸਿੰਘ ਗਿੱਲ ਨੇ ਸ੍ਰੀ ਸਿੱਧੂ ਦੀ ਸ਼ਲਾਘਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਗੱਲ ਚਲਾਈ ਹੈ ਉਦੋਂ ਤੋਂ ਪੰਜਾਬ ਦੇ ਸਿੱਖਾਂ ਦੀ ਪਾਕਿ ਨਾਲ ਹਮਦਰਦੀ ਵਧ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਲਾਂਘੇ ਨਾਲ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਨੂੰ ਪੰਜਾਬ ਵਿੱਚ ਹਾਲਾਤ ਖ਼ਰਾਬ ਕਰਾਉਣ ਲਈ ਨਵੇਂ ਰੰਗਰੂਟ ਮਿਲਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਜ਼ਰੂਰਤ ਹੈ ਕਿਉਂਕਿ ਪਾਕਿਸਤਾਨ ਦੀ ਫ਼ੌਜ ਦਾ ਰਣਨੀਤਕ ਰਵੱਈਆ ਲੁਕਵਾਂ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਸਮਝਣ ਦੀ ਜ਼ਰੂਰਤ ਹੈ ਕਿ ਪਾਕਿਸਤਾਨੀ ਫ਼ੌਜ ਦਾ ਸਾਡੇ ਨਾਲ ਕੋਈ ਪਿਆਰ ਨਹੀਂ ਕਿਉਂਕਿ ਸਰਹੱਦਾਂ ’ਤੇ ਰੋਜ਼ਾਨਾਂ ਦੋਵਾਂ ਪਾਸਿਆਂ ਤੋਂ ਹੀ ਇੱਕ ਦੂਜੇ ਦੇ ਜਵਾਨ ਮਰਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ 18 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੋਈਆਂ ਅਤਿਵਾਦੀ ਗਤੀਵਿਧੀਆਂ ਅਤੇ ਗ੍ਰਿਫਤਾਰ ਵਿਅਕਤੀਆਂ ਤੋਂ ਬਰਾਮਦ ਹਥਿਆਰਾਂ ਤੇ ਗੋਲੀ ਸਿੱਕੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵੀ ਚਲਦੀਆਂ ਰਹਿਣਗੀਆਂ ਤਾਂ ਸੋਚਣ ਵਾਲੀ ਗੱਲ ਹੈ ਕਿਉਂਕਿ ਪੰਜਾਬ ’ਚ ਚੱਲੀ ਅਤਿਵਾਦ ਦੇ ਹਨੇਰੀ ਦੌਰਾਨ 35 ਹਜ਼ਾਰ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ ਸਨ। ਉਨ੍ਹਾਂ ਦੁਹਰਾਇਆ ਕਿ ਇਮਰਾਨ ਖ਼ਾਨ ਨੂੰ ਫੌ਼ਜ ਨੇ ਹੀ ਲਾਂਘੇ ਦੀ ਤਰਕੀਬ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਚੰਗਾ ਕਾਰਜ ਹੈ ਇਸ ਲਈ ਨਾਕਾਰਾਤਮਕ ਸੋਚ ਦਾ ਪ੍ਰਗਟਾਵਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੂਰੀਆਂ ਢੁਕਵੀਆਂ ਪੇਸ਼ਬੰਦੀਆਂ ਨਾਲ ਹੀ ਲਾਂਘੇ ਲਈ ਸਿਸਟਮ ਅਖਤਿਆਰ ਕੀਤਾ ਜਾਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ 100 ਫੀਸਦੀ ਭਾਰਤ ਵਿੱਚੋਂ ਹੀ ਬੰਦਿਆਂ ਦੇ ਜਾਣ ਦੀ ਉਮੀਦ ਹੈ ਤਾਂ ਅਤਿਵਾਦੀ ਕਿੱਥੋਂ ਆ ਜਾਣਗੇ ਜਦੋਂ ਸਾਡੇ ਹੀ ਬੰਦਿਆਂ ਨੇ ਜਾਣਾ ਹੈ ਤੇ ਵਾਪਸ ਆ ਜਾਣਾ ਹੈ। ਉਨ੍ਹਾਂ ਇਹ ਵੀ ਪ੍ਰਸਤਾਵ ਦਿੱਤਾ ਕਿ ਪਾਕਿਸਤਾਨ ਨਾਲ ਜ਼ਮੀਨ ਦੇ ਤਬਾਦਲੇ ਸਬੰਧੀ ਵੀ ਮਤਾ ਪਾਸ ਕਰ ਕੇ ਭਾਰਤ ਸਰਕਾਰ ਨੂੰ ਭੇਜਿਆ ਜਾਵੇ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੋਹਾਂ ਮੁਲਕਾਂ ਦਰਮਿਆਨ ਪੈਦਾ ਹੋਈ ਨਫ਼ਰਤ ਹੀ ਪੁਆੜੇ ਦੀ ਜੜ੍ਹ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਤੇ ਪਿਆਰ ਦਾ ਸੰਦੇਸ਼ ਭੇਜਿਆ ਜਾਵੇ ਨਾ ਕਿ ਲੜਨ ਲੜਾਉਣ ਦੀਆਂ ਗੱਲਾਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਅਤਿਵਾਦੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇ ਕੇ ਪਾਕਿਸਤਾਨ ਵੀ ਇਸ ਸਮੇਂ ਸੁੱਖ ਨਹੀਂ ਭੋਗ ਰਿਹਾ। ਕੰਵਰ ਸੰਧੂ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਆਪਣੇ ਪਹਿਲੇ ਕਾਰਜਕਾਲ ਦੌਰਾਨ ਚੜ੍ਹਦੇ ਤੇ ਲਹਿੰਦੇ ਪੰਜਾਬ ਦੀਆਂ ਖੇਡਾਂ ਕਰਾਉਂਦੇ ਸਨ ਤੇ ਮਹਿਮਾਨਨਿਵਾਜ਼ੀ ਕਰਦੇ ਸਨ ਤੇ ਮਹਿਮਾਨ ਬਣ ਕੇ ਪਾਕਿਸਤਾਨ ਜਾਂਦੇ ਸਨ ਤਾਂ ਉਸ ਸਮੇਂ ਵੀ ਸਰਹੱਦਾਂ ’ਤੇ ਤਣਾਅ ਸੀ ਤੇ ਅਤਿਵਾਦੀ ਗਤੀਵਿਧੀਆਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਸਮਝੌਤਾ ਐਕਸਪ੍ਰੈਸ ਰੇਲਗੱਡੀ ਵਿੱਚ ਬੰਬ ਧਮਾਕਾ ਤਾਂ ਪਾਕਿਸਤਾਨ ਦੇ ਅਤਿਵਾਦੀਆਂ ਨੇ ਨਹੀਂ ਸੀ ਕੀਤਾ ਤੇ ਇਸ ਦਾ ਕੇਸ ਤਾਂ ਭਾਰਤੀਆਂ ’ਤੇ ਚੱਲ ਰਿਹਾ ਹੈ। ਗੁਰਪ੍ਰਤਾਪ ਸਿੰਘ ਵਡਾਲਾ ਨੇ ਆਪਣੇ ਪਿਤਾ ਦੇ ਪਾਏ ਯੋਗਦਾਨ ਨੂੰ ਯਾਦ ਕੀਤਾ ਅਤੇ ਨਵਜੋਤ ਸਿੰਘ ਸਿੱਧੂ ਤੇ ਹੋਰਨਾਂ ਵਿਅਕਤੀਆਂ ਦੀਆਂ ਤਾਰੀਫਾਂ ਵੀ ਕੀਤੀਆਂ।
HOME ਕਰਤਾਰਪੁਰ ਲਾਂਘਾ: ਕੈਪਟਨ ਨੇ ਮੁੜ ਅਲਾਪਿਆ ਆਈਐਸਆਈ ਦਾ ਰਾਗ