ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਕਿਸੇ ਵੀ ਤਰ੍ਹਾਂ ਸਿਆਸੀ ਰੰਗਤ ਨਹੀਂ ਦੇਣੀ ਚਾਹੀਦੀ ਸਗੋਂ ਗੁਰੂ ਨਾਨਕ ਦੇਵ ਦੀਆਂ ਸਿਖਿਆਵਾਂ ’ਤੇ ਚਲਦਿਆਂ ਸਾਨੂੰ ਦਿਲ ਵੱਡੇ ਕਰਨੇ ਚਾਹੀਦੇ ਹਨ। ਕੇਂਦਰੀ ਮੰਤਰੀ ਨੇ ਇਹ ਟਿੱਪਣੀ ਅੱਜ ਉਦੋਂ ਕੀਤੀ ਜਦੋਂ ਉਹ ਸੁਲਤਾਨਪੁਰ ਲੋਧੀ ਵਿਚ ਚੱਲ ਰਹੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਆਏ ਸਨ। ਉਨ੍ਹਾਂ ਗੁਰਦੁਆਰਾ ਬੇਰ ਸਾਹਿਬ ਵਿਚ ਨਤਮਸਤਕ ਹੋਣ ਤੋਂ ਬਾਅਦ ਗੁਰੂ ਨਾਨਕ ਦੇਵ ਸਟੇਡੀਅਮ ਵਿਚ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਸ ਉਦਘਾਟਨ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ।
ਇਸ ਦੌਰਾਨ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਲਾਂਘੇ ਨੂੰ ਵੱਡੀ ਪ੍ਰਾਪਤੀ ਵਜੋਂ ਦੱਸ ਰਹੇ ਹਨ ਜਦੋਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਲਾਂਘੇ ਨੂੰ ਆਈਐਸਆਈ ਦੀ ਸਾਜ਼ਿਸ਼ ਕਰਾਰ ਦੇ ਰਹੇ ਹਨ ਤਾਂ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਸਿਆਸੀ ਰੰਗਤ ਨਹੀਂ ਦੇਣੀ ਚਾਹੀਦੀ। ਉਨ੍ਹਾਂ ਗੁਰੂ ਨਾਨਕ ਦੇਵ ਵੱਲੋਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਿਖਿਆਵਾਂ ਅੱਜ ਵੀ ਸਾਰਥਿਕ ਹਨ ਜਿਨ੍ਹਾਂ ’ਤੇ ਚੱਲ ਕੇ ਮਨੁੱਖਤਾ ਦੀ ਭਲਾਈ ਕਰਨੀ ਚਾਹੀਦੀ ਹੈ।
ਇਸੇ ਦੌਰਾਨ ਉਨ੍ਹਾਂ ਦੇ ਨਾਲ ਆਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਜਦੋਂ ਇਹ ਸਵਾਲ ਕੀਤਾ ਗਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕੀਤਾ ਗਿਆ ਹੈ ਕਿ ਦਰਬਾਰ ਸਾਹਿਬ ਵਿਚ ਔਰਤਾਂ ਨੂੰ ਵੀ ਕੀਰਤਨ ਕਰਨ ਦਾ ਅਧਿਕਾਰ ਹੋਵੇਗਾ ਤਾਂ ਉਨ੍ਹਾਂ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਚ ਮੱਥਾ ਟੇਕਣ ਤੋਂ ਬਾਅਦ ਜਗੀਰ ਕੌਰ ਅਤੇ ਗੁਰਦੁਆਰਾ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਨੇ ਪ੍ਰਕਾਸ਼ ਜਾਵੜੇਕਰ ਨੂੰ ਸਿਰੋਪੇ ਦੀ ਬਖ਼ਸ਼ਿਸ਼ ਕੀਤੀ।
ਇਸ ਮੌਕੇ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕਰਦਿਆਂ ਕੇਂਦਰੀ ਮੰਤਰੀ ਜਾਵੜੇਕਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਬਰਾਬਰੀ, ਪਿਆਰ ਅਤੇ ਮਿਲਵਰਤਨ ਦਾ ਸੰਦੇਸ਼ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਦੀ ਭਲਾਈ ਲਈ ਸਾਰਥਕ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਧਾਰਨ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
INDIA ਕਰਤਾਰਪੁਰ ਲਾਂਘੇ ਨੂੰ ਸਿਆਸੀ ਰੰਗਤ ਨਾ ਦਿੱਤੀ ਜਾਵੇ: ਜਾਵੜੇਕਰ