ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਤੋਂ ਚਾਰ ਕਿਲੋਮੀਟਰ ਲੰਬਾ ਮਾਰਗ ਬਣੇਗਾ

ਭਾਰਤ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਨਾਲ ਸਬੰਧਤ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਾਂਘੇ ਲਈ ਚਾਰ ਕਿਲੋਮੀਟਰ ਲੰਬੇ ਮਾਰਗ ਨੂੰ ਵਿਕਸਤ ਕੀਤਾ ਜਾਵੇਗਾ। ਲੋਕ ਸਭਾ ’ਚ ਲਿਖਤੀ ਜਵਾਬ ਦੌਰਾਨ ਰਾਜਮਾਰਗਾਂ ਬਾਰੇ ਰਾਜ ਮੰਤਰੀ ਮਨਸੁਖ ਐਲ ਮਾਂਡਵੀਆ ਨੇ ਇਹ ਜਾਣਕਾਰੀ ਦਿੱਤੀ। ਇਹ ਲਾਂਘਾ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਸਮਾਉਣ ਵਾਲੇ ਅਸਥਾਨ ਕਰਤਾਰਪੁਰ ਦੇ ਦਰਬਾਰ ਸਾਹਿਬ ਨਾਲ ਸਿੱਧਾ ਜੁੜੇਗਾ। ਸ੍ਰੀ ਮਾਂਡਵੀਆ ਤੋਂ ਸਵਾਲ ਪੁੱਛਿਆ ਗਿਆ ਸੀ ਕਿ ਕੀ ਕੌਮੀ ਰਾਜਮਾਰਗ ਅਥਾਰਟੀ ਵੱਲੋਂ ਲਾਂਘੇ ਸਬੰਧੀ ਕਿਸੇ ਪ੍ਰਾਜੈਕਟ ਨੂੰ ਵਿਕਸਤ ਕਰਨ ਦੀ ਕੋਈ ਯੋਜਨਾ ਹੈ। ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਡੇਰਾ ਬਾਬਾ ਨਾਨਕ ਤੋਂ ਲੈ ਕੇ ਪਾਕਿਸਤਾਨ ਨਾਲ ਲਗਦੀ ਕੌਮਾਂਤਰੀ ਸਰਹੱਦ ਤਕ ਲਾਂਘਾ ਵਿਕਸਤ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਧੀ ਸੜਕ ਕੱਢਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ। ਲਾਂਘਾ ਬਨਾਉਣ ਦਾ ਫ਼ੈਸਲਾ 22 ਨਵੰਬਰ ਨੂੰ ਕੇਂਦਰੀ ਵਜ਼ਾਰਤ ’ਚ ਲਿਆ ਗਿਆ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ 28 ਨਵੰਬਰ ਨੂੰ ਮੁਲਕ ’ਚ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ।

Previous articleAkali Dal condemns Congress move on Kamal Nath as CM
Next articleShah meets BJP office bearers, focusses on social engineering