ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਤਵਾਰ ਨੂੰ ਕਿਹਾ ਕਿ ਕਰਤਾਰਪੁਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਨ ਲਈ ਤਿਆਰ ਹੈ। ਇਮਰਾਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਕਰਤਾਰਪੁਰ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੀਆਂ ਕੁਝ ਸ਼ਾਨਦਾਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਕਰਤਾਰਪੁਰ ਲਾਂਘੇ ਦਾ ਉਦਘਾਟਨ ਨੌਂ ਨਵੰਬਰ ਨੂੰ ਹੋਣਾ ਹੈ। ਉਨ੍ਹਾਂ ਟਵੀਟ ਕੀਤਾ, ‘ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਨ ਲਈ ਤਿਆਰ ਹੈ ਕਰਤਾਰਪੁਰ।’ ਇਹ ਹੋਰ ਟਵੀਟ ਵਿਚ ਉਨ੍ਹਾਂ ਨੇ ਨਿਰਮਾਣ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਆਪਣੀ ਸਰਕਾਰ ਨੂੰ ਵਧਾਈ ਦਿੱਤੀ। ਇਮਰਾਨ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਕਰਤਾਰਪੁਰ ਨੂੰ ਰਿਕਾਰਡ ਸਮੇਂ ਵਿਚ ਤਿਆਰ ਕਰਨ ਲਈ ਮੈਂ ਆਪਣੀ ਸਰਕਾਰ ਨੂੰ ਵਧਾਈ ਦੇਣਾ ਚਾਹੁੰਦਾ ਹਾਂ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਅਜਿਹਾ ਕਰਕੇ ਇਮਰਾਨ ਖ਼ਾਨ ਧਾਰਮਿਕ ਸੈਰਸਪਾਟੇ ਨੂੰ ਉਤਸ਼ਾਹ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਪਹਿਲੇ ਉਨ੍ਹਾਂ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਸੀ ਤੇ ਲਾਂਘੇ ਲਈ ਰੱਖੀ 20 ਡਾਲਰ ਫੀਸ ਵੀ ਉਦਘਾਟਨ ਅਤੇ ਪ੍ਰਕਾਸ਼ ਪੁਰਬ ‘ਤੇ ਮਾਫ਼ ਕਰਨ ਦਾ ਐਲਾਨ ਕੀਤਾ ਸੀ। ਦੱਸਣਯੋਗ ਹੈ ਕਿ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਕਰਤਾਰਪੁਰ ਵਿਖੇ ਬਤੀਤ ਕੀਤੇ ਸਨ।