ਕਰਫਿਊ ਦੌਰਾਨ ਫੀਸ ਮੰਗਣ ਵਾਲੇ 6 ਸਕੂਲਾਂ ਨੂੰ ਨੋਟਿਸ ਭੇਜਿਆ

ਚੰਡੀਗੜ੍ਹ (ਸਮਾਜਵੀਕਲੀ)ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਰਫਿਊ ਦੌਰਾਨ ਮਾਪਿਆਂ ਤੋਂ ਫੀਸਾਂ ਮੰਗਣ ਵਾਲੇ ਪ੍ਰਾਈਵੇਟ ਸਕੂਲਾਂ ’ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਦੇ 6 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਇੱਕ ਬਿਆਨ ਰਾਹੀਂ ਸ੍ਰੀ ਸਿੰਗਲਾ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਾਲਾਤ ਆਮ ਵਾਂਗ ਹੋਣ ਤੱਕ ਸੂਬੇ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਅਤੇ ਫੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਰ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ।

ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਲਾਅ ਫਾਊਂਡੇਸ਼ਨ, ਪਟਿਆਲਾ ਜ਼ਿਲ੍ਹੇ ਦੇ ਭੁਪਿੰਦਰਾ ਰੋਡ ਸਥਿਤ ਡੀਏਵੀ ਪਬਲਿਕ ਸਕੂਲ ਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਸਥਿਤ ਦਿੱਲੀ ਪਬਲਿਕ ਸਕੂਲ, ਏਂਜਲਸ ਪੈਰਾਡਾਈਜ਼ ਸਕੂਲ ਅੰਮ੍ਰਿਤਸਰ ਅਤੇ ਫਰੀਦਕੋਟ ਜ਼ਿਲ੍ਹੇ ਦੇ ਮਾਊਂਟ ਲਿਟਰਾ ਜ਼ੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ਼ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨ੍ਹਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨਓਸੀ) ਰੱਦ ਕਰ ਦਿੱਤੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ 23 ਮਾਰਚ ਨੂੰ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਕਰੋਨਾਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਾਰੀਆਂ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖ਼ਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਭਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕਰਦਾ ਹੈ ਤਾਂ ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨ੍ਹਾਂ ਨੂੰ ਈ-ਮੇਲ vijayindersingla0gmail.com ’ਤੇ ਭੇਜ ਸਕਦੇ ਹਨ।

Previous articleਕਰੋਨਾ ਨੇ ਪੰਜਾਬ ਦੇ 12 ਜ਼ਿਲ੍ਹਿਆਂ ’ਚ ਪੈਰ ਪਸਾਰੇ, ਦੋ ਹੋਰ ਮੌਤਾਂ
Next articleਕਰਫਿਊ ’ਚ ਨਸ਼ਾ ਵੇਚਣ ਆਏ ਤਸਕਰਾਂ ਵੱਲੋਂ ਗੋਲੀਬਾਰੀ