ਮੁੱਖ ਮੰਤਰੀਆਂ ਨੂੰ ਟੈਸਟ ਅਤੇ ਪੀੜਤਾਂ ਦਾ ਪਤਾ ਲਗਾਉਣ ’ਤੇ ਧਿਆਨ ਕੇਂਦਰਤ ਕਰਨ ਲਈ ਕਿਹਾ
ਨਵੀਂ ਦਿੱਲੀ (ਸਮਾਜਵੀਕਲੀ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾਵਾਇਰਸ ਦੀ ਜੰਗ ’ਚ ਅਗਲੇ ਕੁਝ ਹਫ਼ਤੇ ਅਹਿਮ ਰਹਿਣ ਦਾ ਦਾਅਵਾ ਕਰਦਿਆਂ ਸਾਰਿਆਂ ਨੂੰ ਧਿਆਨ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਂਚ, ਪੀੜਤਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਇਕਾਂਤਵਾਸ ’ਚ ਰੱਖਣ ’ਤੇ ਕੇਂਦਰਤ ਕਰਨ ਲਈ ਕਿਹਾ। ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਲਈ ਵੱਖਰੇ ਅਤੇ ਸਮਰਪਿਤ ਹਸਪਤਾਲ ਤਿਆਰ ਕੀਤੇ ਜਾਣ ਦੀ ਲੋੜ ਹੈ। ਸ੍ਰੀ ਮੋਦੀ ਨੇ ਕਿਹਾ ਕਿ ਲੌਕਡਾਊਨ ਦਾ ਸਮਾਂ ਖ਼ਤਮ ਹੋਣ ਮਗਰੋਂ ਲੋਕਾਂ ਦੇ ਮੁੜ ਤੋਂ ਘਰੋਂ ਬਾਹਰ ਨਿਕਲਣ ਨੂੰ ਧਿਆਨ ’ਚ ਰਖਦਿਆਂ ਸੂਬਿਆਂ ਅਤੇ ਕੇਂਦਰ ਨੂੰ ਇਸ ਨਾਲ ਨਜਿੱਠਣ ਦੀ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ।
ਕਰੋਨਾਵਾਇਰਸ ਖ਼ਿਲਾਫ਼ ਜੰਗ ’ਚ ਸਾਂਝੇ ਯਤਨਾਂ ਦੀ ਲੋੜ ਨੂੰ ਦਰਸਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਇਸ ਮਕਸਦ ਲਈ ਆਫ਼ਤ ਪ੍ਰਬੰਧਨ ਗਰੁੱਪ ਬਣਾਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਜ਼ਿਲ੍ਹਾ ਨਿਗਰਾਨੀ ਅਧਿਕਾਰੀਆਂ ਨੂੰ ਨਿਯੁਕਤ ਕਰਨ ਦੀ ਵੀ ਲੋੜ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰੇ ਮੁਲਕ ਦਾ ਸਾਂਝਾ ਨਿਸ਼ਾਨਾ ਜ਼ਿੰਦਗੀਆਂ ਦਾ ਘੱਟ ਤੋਂ ਘੱਟ ਨੁਕਸਾਨ ਯਕੀਨੀ ਬਣਾਉਣਾ ਹੈ। ਉਨ੍ਹਾਂ ਮੁੱਖ ਮੰਤਰੀਆਂ ਨੂੰ ਕਿਹਾ ਕਿ ਕਰੋਨਾ ਸਬੰਧੀ ਅੰਕੜੇ ਮਾਨਤਾ ਪ੍ਰਾਪਤ ਲੈਬੋਰੇਟਰੀਆਂ ਤੋਂ ਹੀ ਲਏ ਜਾਣੇ ਚਾਹੀਦੇ ਹਨ। ਇਸ ਨਾਲ ਜ਼ਿਲ੍ਹੇ, ਸੂਬੇ ਅਤੇ ਕੇਂਦਰੀ ਪੱਧਰ ’ਤੇ ਅੰਕੜਿਆਂ ’ਚ ਸਮਾਨਤਾ ਆਵੇਗੀ। ਸ੍ਰੀ ਮੋਦੀ ਨੇ ਕਿਹਾ ਕਿ ਇਹ ਸਲਾਹੁਣਯੋਗ ਗੱਲ ਹੈ ਕਿ ਸਾਰੇ ਸੂਬਿਆਂ ਨੇ ਮਿਲ ਕੇ ਅਤੇ ਇਕ ਟੀਮ ਦੇ ਰੂਪ ’ਚ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੰਮ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਮੁੱਖ ਮੰਤਰੀਆਂ ਨੇ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨੂੰ ਆਪਣੇ ਆਪਣੇ ਸੂਬਿਆਂ ’ਚ ਕਰੋਨਾਵਾਇਰਸ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਸੰਕਟ ਵੇਲੇ ਉਨ੍ਹਾਂ (ਪ੍ਰਧਾਨ ਮੰਤਰੀ) ਦੀ ਅਗਵਾਈ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀਆਂ ਨੇ ਨਿਜ਼ਾਮੂਦੀਨ ਮਰਕਜ਼ ਦੇ ਸਾਹਮਣੇ ਆਏ ਮਾਮਲਿਆਂ ਨੂੰ ਫੈਲਣ ਤੋਂ ਰੋਕਣ ਲਈ ਉਠਾਏ ਗਏ ਕਦਮਾਂ ਦੀ ਵੀ ਜਾਣਕਾਰੀ ਦਿੱਤੀ। ਸ੍ਰੀ ਮੋਦੀ ਨੇ ਸਾਰੇ ਸੂਬਿਆਂ ਨੂੰ ਕਿਸਾਨਾਂ ਤੋਂ ਅਨਾਜ ਦੀ ਖ਼ਰੀਦ ਲਈ ਖੇਤੀ ਉਤਪਾਦ ਮੰਡੀਕਰਨ ਕਮੇਟੀ (ਏਪੀਐੱਮਸੀ) ਤੋਂ ਇਲਾਵਾ ਦੂਜੇ ਪ੍ਰਬੰਧਾਂ ਬਾਰੇ ਵੀ ਵਿਚਾਰ ਕਰਨ ਲਈ ਕਿਹਾ।
ਉਨ੍ਹਾਂ ਲੋੜੀਂਦੇ ਮੈਡੀਕਲ ਸਾਮਾਨਾਂ ਦੀ ਸਪਲਾਈ ਬਣਾਈ ਰੱਖਣ, ਦਵਾਈ ਦੇ ਉਤਪਾਦਨ ਲਈ ਕੱਚੇ ਮਾਲ ਅਤੇ ਮੈਡੀਕਲ ਉਪਕਰਨਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਸ੍ਰੀ ਮੋਦੀ ਨੇ ਕਿਹਾ ਕਿ ਮੁਲਕ ’ਚ ਸ਼ਾਂਤੀ ਅਤੇ ਕਾਨੂੰਨ ਦਾ ਸ਼ਾਸਨ ਬਣਾਏ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਨੇ ਸਾਡੇ ਧਰਮ ਅਤੇ ਵਿਸ਼ਵਾਸ ’ਤੇ ਹਮਲਾ ਕੀਤਾ ਹੈ ਅਤੇ ਇਹ ਸਾਡੇ ਜਿਊਣ ਦੇ ਢੰਗ ਲਈ ਖ਼ਤਰਾ ਹੈ। ਉਨ੍ਹਾਂ ਡਾਕਟਰਾਂ ਦੀ ਕਮੀ ਦੂਰ ਕਰਨ ਲਈ ਸੂਬਿਆਂ ਨੂੰ ਆਯੂਸ਼ ਡਾਕਟਰਾਂ ਦੀ ਸਹਾਇਤਾ ਦੇ ਨਾਲ ਨਾਲ ਪੈਰਾ-ਮੈਡੀਕਲ ਅਮਲੇ ਨੂੰ ਆਨਲਾਈਨ ਸਿਖਲਾਈ ਦੇਣ ਅਤੇ ਐੱਨਐੱਨਸੀ ਤੇ ਐੱਨਐੱਸਐੱਸ ਦੇ ਵਾਲੰਟੀਅਰਾਂ ਦਾ ਸਹਿਯੋਗ ਲੈਣ ਲਈ ਕਿਹਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬੈਂਕਾਂ ’ਚ ਭੀੜ ਨਾ ਹੋਵੇ, ਇਸ ਲਈ ਪੀਐੱਮ ਗਰੀਬ ਕਲਿਆਣ ਯੋਜਨਾ ਤਹਿਤ ਲਾਭਪਾਤਰੀਆਂ ਲਈ ਵੱਖ ਵੱਖ ਸਮੇਂ ’ਤੇ ਫੰਡ ਦਿੱਤੇ ਜਾਣਗੇ।
ਬੈਠਕ ’ਚ ਪ੍ਰਧਾਨ ਮੰਤਰੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਕਰੋਨਾਵਾਇਰਸ ਮਹਾਮਾਰੀ ਅਤੇ ਇਸ ਨਾਲ ਜੁੜੇ ਮੁੱਦਿਆਂ ਦੇ ਸਾਹਮਣੇ ਆਉਣ ਮਗਰੋਂ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ’ਚ ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਇਹ ਦੂਜੀ ਵਾਰਤਾ ਸੀ। ਉਨ੍ਹਾਂ ਪਹਿਲਾਂ 20 ਮਾਰਚ ਨੂੰ ਗੱਲਬਾਤ ਕੀਤੀ ਸੀ।