ਕਰੋਨਾ ਆਫ਼ਤ ਦੇ ਚਲਦਿਆਂ ਹੁਣੇ ਹੁਣੇ ਪੰਜਾਬ ਦੇ ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ, ਪੰਜਾਬ ਦੇ ਸਾਰੇ ਸਕੂਲਾਂ ਨੂੰ ਏਕਾਂਤਵਾਸ ਕੇਂਦਰਾਂ ਵਜੋਂ ਵਰਤਿਆ ਜਾਵੇਗਾ

ਜਲੰਧਰ (ਸਮਾਜ ਵੀਕਲੀ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰਾਂ ਵਜੋਂ ਵਰਤਣ ਦੇ ਨਾਲ-ਨਾਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ‘ਚ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਸਥਾਪਿਤ ਕੀਤੇ ਜਾ ਸਕਣ।
ਅੱਜ ਮੈਰੀਟੋਰੀਅਸ ਸਕੂਲ ਘਾਬਦਾਂ (ਸੰਗਰੂਰ) ਵਿਖੇ ਬਣਾਏ ਜਾ ਰਹੇ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਦਾ ਦੌਰਾ ਕਰਨ ਮੌਕੇ ਮੰਤਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ‘ਚ 10 ਰਿਹਾਇਸ਼ੀ ਸਕੂਲ ਮੌਜੂਦ ਹਨ ਅਤੇ ਇਨ੍ਹਾਂ ਸਕੂਲਾਂ ਦੇ ਹੋਸਟਲਾਂ ‘ਚ 8346 ਬਿਸਤਰੇ ਉਪਲਬਧ ਹਨ ਜੋ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ‘ਚ ਲਗਭਗ 200 ਕਲਾਸਰੂਮ ਵੀ ਮੌਜੂਦ ਹਨ ਜਿਨ੍ਹਾਂ ਨੂੰ ਮੈਡੀਕਲ ਸਟਾਫ਼ ਵੱਲੋਂ ਹੋਰਨਾਂ ਲੋੜਾਂ ਲਈ ਵਰਤਿਆ ਜਾ ਸਕਦਾ ਹੈ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ ਅਤੇ ਹੁਸ਼ਿਆਰਪੁਰ ਜ਼ਿਲਿਆਂ ‘ਚ ਸਥਿਤ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਮੁਸ਼ਕਿਲ ਦੀ ਇਸ ਘੜੀ ਵਿਚ ਵੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤ ਉਪਲਬਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ ਅਤੇ ਇਸ ਤੋਂ ਬਚਣ ਲਈ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰਾਂ ਦੀ ਸਥਾਪਤੀ ਨਾਲ ਇਸ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਅਲੱਗ ਰੱਖ ਕੇ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ‘ਚ ਮਦਦ ਮਿਲੇਗੀ। ਸਿੰਗਲਾ ਨੇ ਦੱਸਿਆ ਕਿ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਬੰਧਤ ਜ਼ਿਲਾ ਪ੍ਰਸ਼ਾਸਨ ਨਾਲ ਰਾਬਤਾ ਰੱਖਣ ਦੀ ਹਦਾਇਤ ਕੀਤੀ ਹੈ ਤਾਂ ਜੋ ਮੈਰੀਟੋਰੀਅਸ ਸਕੂਲਾਂ ‘ਚ ਇਨ੍ਹਾਂ ਕੇਂਦਰਾਂ ਦੇ ਨਿਰਮਾਣ ਸਮੇਂ ਕਿਸੇ ਵੀ ਲੋੜ ਨੂੰ ਤੁਰੰਤ ਪੂਰਾ ਕੀਤਾ ਜਾ ਸਕੇ।
ਨਕੋਦਰ (ਹਰਜਿੰਦਰ ਛਾਬੜਾ)ਪਤਰਕਾਰ 9592282333
Previous articleਸਰਕਾਰੀ ਕੰਨਿਆ ਸਕੂਲ ਮਹਿਤਪੁਰ ਦੇ ਅਧਿਆਪਕਾਂ ਦੁਆਰਾ ਬੱਚਿਆਂ ਨੂੰ ਕਰਵਾਈ ਜਾ ਰਹੀ ਹੈ ਆਨਲਾਈਨ ਪੜ੍ਹਾਈ
Next articleਪੰਜਾਬ ਬੁੱਧਿਸ਼ਟ ਸੁਸਾਇਟੀ (ਰਜਿ.) ਵੱਲੋਂ ਬੁੱਧੀਜੀਵੀਆਂ ਨੂੰ ਜੇਲ੍ਹ ‘ਚ ਬੰਦ ਕਰਨ ਦੀ ਸਖਤ ਸ਼ਬਦਾ ‘ਚ ਨਿੰਦਾ