ਅੰਮ੍ਰਿਤਸਰ (ਸਮਾਜਵੀਕਲੀ): ਕਰੋਨਾ ਸੰਕਟ ਦੌਰਾਨ ਸਰਕਾਰ ਵਲੋਂ 8 ਜੂਨ ਤੋਂ ਧਾਰਮਿਕ ਸਥਾਨਾਂ ਨੂੰ ਸੰਗਤਾਂ ਲਈ ਖੋਲ੍ਹਣ ਦੀ ਦਿੱਤੀ ਪ੍ਰਵਾਨਗੀ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਤੋਂ ਬਾਅਦ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ 8 ਜੂਨ ਨੂੰ ਸੰਗਤ ਦੀ ਆਮਦ ’ਤੇ ਗੁਰਦੁਆਰਿਆਂ ਅੰਦਰ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ ਕਿਉਂਕਿ ਕਰੋਨਾ ਕਾਰਨ ਅਜੇ ਵੀ ਸੁਚੇਤ ਰੂਪ ਵਿਚ ਵਿਚਰਨ ਦੀ ਲੋੜ ਹੈ। ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਸੰਗਤ ਦੀ ਆਪਸੀ ਦੂਰੀ ਨੂੰ ਯਕੀਨੀ ਬਣਾਇਆ ਜਾਵੇਗਾ। ਸੰਗਤ ਦੇ ਹੱਥ ਸਾਫ਼ ਕਰਵਾਉਣ ਲਈ ਸੈਨੇਟਾਈਜ਼ਰ ਦੇ ਪ੍ਰਬੰਧ ਕੀਤੇ ਗਏ ਹਨ।
ਹਰ ਗੁਰਦੁਆਰੇ ਦੇ ਸੇਵਾਦਾਰਾਂ ਨੂੰ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ, ਮੁੱਖ ਸਕੱਤਰ ਡਾ. ਰੂਪ ਸਿੰਘ ਸ਼ਾਮਲ ਸਨ।