ਕਰੋਨਾ ਦੇ ਟਾਕਰੇ ਲਈ ਰਾਧਾ ਸੁਆਮੀ ਸਤਿਸੰਗ ਤੋਂ ਸਹਿਯੋਗ ਮੰਗਿਆ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਮਹਾਮਾਰੀ ਵਿਰੁੱਧ ਲੜਾਈ ’ਚ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਸਹਿਯੋਗ ਮੰਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।

ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਸਾਰੀਆਂ ਸ਼ਾਖਾਵਾਂ ਉਪਲੱਬਧ ਕਰਵਾਉਣ ਅਤੇ ਇਸ ਉਦੇਸ਼ ਲਈ ਅਟੈਡੈਂਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਤਿਸੰਗ ਦੇ ਮੁਖੀ ਨੂੰ ਸੂਬਾ ਭਰ ਵਿਚ ਕੋਵਿਡ ਪ੍ਰਭਾਵਿਤ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿਚ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ‘ਮਿਸ਼ਨ ਫਤਹਿ’ ਦੇ ਤਹਿਤ ਕੋਵਿਡ ਮਰੀਜ਼ਾਂ ਦੇ ਬਿਹਤਰ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਪਰ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਧਾਰਮਿਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਅਜਿਹੀਆਂ ਜਥੇਬੰਦੀਆਂ ਦੇ ਵਿਆਪਕ ਸਹਿਯੋਗ ਦੀ ਲੋੜ ਹੈ। ਮੁੱਖ ਮੰਤਰੀ ਨੇ ਬੀਤੇ ਸਾਲ ਸੂਬੇ ਦੀ ਕੋਵਿਡ ਵਿਰੁੱਧ ਜੰਗ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਨਾਲ ਹਾਲਾਤ ਸਥਿਰ ਬਣਾਉਣ ਵਿਚ ਮਦਦ ਮਿਲੀ ਸੀ। ਉਨ੍ਹਾਂ ਕਿਹਾ ਕਿ ਮਾਹਿਰਾਂ ਨੇ ਅਗਲੀ ਲਹਿਰ ਦੀ ਵੀ ਚਿਤਾਵਨੀ ਦਿੱਤੀ ਹੈ। ਇਸ ਲਈ ਸਾਂਝੇ ਯਤਨਾਂ ਦੀ ਜ਼ਰੂਰਤ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰੋਨਾ ਪਾਬੰਦੀਆਂ ਦੀ ਉਲੰਘਣਾ ਬਰਦਾਸ਼ਤ ਨਹੀਂ: ਕੈਪਟਨ
Next articleਦੁਕਾਨਾਂ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਮਾਰਚ