ਹੁਸ਼ਿਆਰਪੁਰ ਦੇ ਵਿਅਕਤੀ ਨੇ ਅੰਮ੍ਰਿਤਸਰ ’ਚ ਦਮ ਤੋੜਿਆ
ਚੰਡੀਗੜ੍ਹ (ਸਮਾਜਵੀਕਲੀ) – ਪੰਜਾਬ ਵਿੱਚ ਕਰੋਨਾਵਾਇਰਸ ਦੀ ਜ਼ੱਦ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਪਿਛਲੇ 6 ਦਿਨਾਂ ਤੋਂ ਰਿਕਾਰਡ ਵਾਧਾ ਜਾਰੀ ਹੈ। ਇਹ ਖ਼ਤਰਨਾਕ ਵਾਇਰਸ ਹੁਣ ਤੱਕ ਸਮੁੱਚੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਚੁੱਕਾ ਹੈ। ਸਿਹਤ ਵਿਭਾਗ ਵੱਲੋਂ ਦੇਰ ਸ਼ਾਮ ਜਾਰੀ ਅੰਕੜਿਆਂ ਮੁਤਾਬਕ ਕਰੋਨਾ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 1232 ਨੂੰ ਅੱਪੜ ਗਈ ਹੈ।
ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੇਰ ਰਾਤ ਤੱਕ ਜ਼ਿਲ੍ਹਿਆਂ ਤੋਂ ਰਿਪੋਰਟਾਂ ਆਉਣ ਤੋਂ ਬਾਅਦ ਇਹ ਗਿਣਤੀ ਵਧ ਵੀ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ 115 ਤੋਂ ਵੱਧ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੌਰਾਨ ਹੁਸ਼ਿਆਰਪੁਰ ਨਾਲ ਸਬੰਧਤ ਇਕ ਵਿਅਕਤੀ ਦੀ ਅੱਜ ਅੰਮ੍ਰਿਤਸਰ ਵਿੱਚ ਕਰੋਨਾਵਾਇਰਸ ਕਰਕੇ ਮੌਤ ਹੋ ਗਈ। ਇਲਾਜ ਦੌਰਾਨ ਇਸ ਵਿਅਕਤੀ ਦੇ ਨਮੂਨੇ ਲਏ ਗਏ ਸੀ, ਜੋ ਅੱਜ ਮੌਤ ਮਗਰੋਂ ਕਰੋਨਾ ਪਾਜ਼ੇਟਿਵ ਪਾਏ ਗਏ ਹਨ।
ਉਧਰ ਲੰਘੀ ਰਾਤ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਇਕ ਮਹਿਲਾ ਕਰੋਨਾ ਅੱਗੇ ਜੰਗ ਹਾਰ ਗਈ ਸੀ। ਵਾਇਰਸ ਨੇ ਹੁਣ ਤੱਕ 6 ਮਹੀਨਿਆਂ ਦੀ ਬੱਚੀ ਸਮੇਤ ਕੁੱਲ 24 ਵਿਅਕਤੀਆਂ ਦੀ ਜਾਨ ਲੈ ਲਈ ਹੈ। ਹਜ਼ੂਰ ਸਾਹਿਬ ਅਤੇ ਹੋਰਨਾਂ ਸੂਬਿਆਂ ਤੋਂ ਪੰਜਾਬ ਆਏ ਵਿਅਕਤੀ ਸਰਕਾਰ ਲਈ ਵੱਡੀ ਫ਼ਿਕਰਮੰਦੀ ਦਾ ਵਿਸ਼ਾ ਬਣੇ ਹੋਏ ਹਨ।
ਸਿਹਤ ਵਿਭਾਗ ਵੱਲੋਂ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦੇ ਲਗਾਤਾਰ ਸੈਂਪਲ ਲਏ ਜਾ ਰਹੇ ਹਨ ਤੇ ਹੁਣ ਤੱਕ 28,545 ਸੈਂਪਲ ਲਏ ਗਏ ਹਨ। ਵਿਭਾਗ ਨੂੰ ਇਸ ਸਮੇਂ 6018 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਹੈ।
ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਹਜ਼ੂਰ ਸਾਹਿਬ ਤੇ ਹੋਰਨਾਂ ਥਾਵਾਂ ਤੋਂ ਆਏ ਵਿਅਕਤੀਆਂ ਨੂੰ ਜਿਸ ਤਰ੍ਹਾਂ ਲਾਗ ਲੱਗਣ ਦੇ ਲੱਛਣ ਸਾਹਮਣੇ ਆ ਰਹੇ ਹਨ, ਉਸ ਨੂੰ ਦੇਖਦਿਆਂ ਕਿਹਾ ਜਾ ਸਕਦਾ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 2 ਹਜ਼ਾਰ ਤੱਕ ਵੀ ਪਹੁੰਚ ਸਕਦੀ ਹੈ।
ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਦਿੱਤੀ ਖੁੱਲ੍ਹ ਸਦਕਾ ਹੁਣ 12 ਹਜ਼ਾਰ ਹੋਰ ਵਿਅਕਤੀ, ਜੋ ਬਾਹਰਲੇ ਸੂਬਿਆਂ ਵਿੱਚ ਬੈਠੇ ਹਨ, ਨੇ ਪੰਜਾਬ ਆਉਣ ਦੀ ਇੱਛਾ ਜਤਾਈ ਹੈ। ਸਿਹਤ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਸੰਗਰੂਰ ’ਚ 52, ਤਰਨਤਾਰਨ ’ਚ 26, ਫਰੀਦਕੋਟ ’ਚ 12, ਫਿਰੋਜ਼ਪੁਰ ’ਚ 13, ਜਲੰਧਰ ’ਚ 4, ਗੁਰਦਾਸਪੁਰ ’ਚ 6, ਪਠਾਨਕੋਟ ’ਚ 2, ਮਾਨਸਾ ਅਤੇ ਬਠਿੰਡਾ ਵਿੱਚ 1-1 ਨਵਾਂ ਕੇਸ ਰਿਪੋਰਟ ਹੋਇਆ ਹੈ।