ਕਰੋਨਾ ਪਾਬੰਦੀਆਂ ਦੀ ਉਲੰਘਣਾ ਬਰਦਾਸ਼ਤ ਨਹੀਂ: ਕੈਪਟਨ

 

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਕਰੋਨਾ ਦਾ ਫੈਲਾਅ ਰੋਕਣ ਲਈ ਲਾਈਆਂ ਪਾਬੰਦੀਆਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਰਾਜ ਸਰਕਾਰ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫਤ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ, ‘ਜ਼ਿੰਦਗੀਆਂ ਦਾਅ ਉਤੇ ਲੱਗੀਆਂ ਹੋਈਆਂ ਹਨ ਜਿਨ੍ਹਾਂ ਨੂੰ ਬਚਾਉਣਾ ਸਾਡੀ ਤਰਜੀਹ ਹੈ ਤੇ ਇਹ ਹਰੇਕ ਪੰਜਾਬੀ ਦੀ ਵੀ ਜ਼ਿੰਮੇਵਾਰੀ ਬਣਦੀ ਹੈ।’ ਉਨ੍ਹਾਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਨੇਤਾਵਾਂ ਨੂੰ ਇਸ ਮੁੱਦੇ ਉਤੇ ਬੀਤੇ ਦਿਨ ਉਨ੍ਹਾਂ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਹੋਰ ਰੰਗਤ ਨਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਜ ਮੁੜ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਮੁੱਖ ਮੰਤਰੀ ਨੇ ਕਿਹਾ ਕਿ ਦੋ ਜਥੇਬੰਦੀਆਂ ਦੇ ਆਗੂਆਂ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਦੇ ਇਰਾਦਿਆਂ ਬਾਰੇ ਸ਼ੰਕੇ ਪੈਦਾ ਕਰਨ ਲਈ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ। ਮੁੱਖ ਮੰਤਰੀ ਨੇ ਪੁੱਛਿਆ, ‘ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਖ਼ਿਲਾਫ਼ ਕਿਵੇਂ ਜਾ ਸਕਦੀ ਹੈ ਜਦਕਿ ਮੇਰੀ ਸਰਕਾਰ ਦੇਸ਼ ਵਿੱਚ ਪਹਿਲੀ ਸੀ ਜਿਸ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿੱਚ ਸੋਧ ਬਿੱਲ ਲਿਆਂਦੇ।’

ਉਨ੍ਹਾਂ ਕਿਹਾ, ‘ਇਹ ਰਾਜਨੀਤੀ ਕਰਨ ਦਾ ਵੇਲਾ ਨਹੀਂ ਬਲਕਿ ਹਰੇਕ ਵਿਅਕਤੀ ਦੀ ਜਾਨ ਬਚਾਉਣ ਲਈ ਸਾਨੂੰ ਸਾਰੀਆਂ ਸ਼ਕਤੀਆਂ ਜੋੜਨ ਦੀ ਲੋੜ ਹੈ।’ ਕੋਵਿਡ ਸੰਕਟ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਸੂਬਾ ਸਰਕਾਰ ਨੂੰ ਸਮਰਥਨ ਅਤੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਜ਼ਿੰਦਗੀਆਂ ਅਤੇ ਉਨ੍ਹਾਂ ਦੀ ਸੁਰੱਖਿਆ ਸੂਬਾ ਸਰਕਾਰ ਦੀ ਵੱਡੀ ਪਹਿਲ ਹੈ। ਉਨ੍ਹਾਂ ਇਹ ਦੁਹਰਾਇਆ ਕਿ ਕੋਵਿਡ ਸੰਕਟ ਦੇ ਚੱਲਦਿਆਂ ਉਹ ਕਿਸੇ ਵੀ ਪੰਜਾਬੀ ਦੀ ਜਾਨ ਨੂੰ ਖਤਰੇ ਵਿੱਚ ਨਹੀਂ ਪੈਣ ਦੇਣਗੇ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੀਆਰਡੀਓ ਵੱਲੋਂ ਤਿਆਰ ਕਰੋਨਾ ਰੋਕੂ ਦਵਾਈ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ
Next articleਕਰੋਨਾ ਦੇ ਟਾਕਰੇ ਲਈ ਰਾਧਾ ਸੁਆਮੀ ਸਤਿਸੰਗ ਤੋਂ ਸਹਿਯੋਗ ਮੰਗਿਆ