ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਤੋਂ ਕਰੋਨਾ ਪੀੜਤ ਪਰਿਵਾਰਾਂ ਨੂੰ ਦੋ ਲੱਖ ਰੁਪਏ ਮੁਆਵਜ਼ਾ, ਕਰੋਨਾ ਕਰਕੇ ਅਨਾਥ ਹੋਇਆਂ ਨੂੰ ਛੇ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਅਤੇ ਬੀਪੀਐੱਲ ਪਰਿਵਾਰਾਂ ਨੂੰ ਛੇ ਮਹੀਨੇ ਲਈ ਛੇ ਹਜ਼ਾਰ ਰੁਪਏ ਮਹੀਨਾ ਮਦਦ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਕਰਕੇ ਸੂਬੇ ਦੇ ਹਾਲਾਤ ਵਿਗੜਦੇ ਜਾ ਰਹੇ ਹਨ ਤੇ ਸੂਬਾ ਸਰਕਾਰ ਵੱਲੋਂ ਕਰੋਨਾ ਦੀ ਰੋਕਥਾਮ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ।
ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਨਿੱਜੀ ਹਸਪਤਾਲਾਂ ਹੱਥੋਂ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਨੂੰ ਰਾਹਤ ਦੇਣ ਵਿੱਚ ਨਾਕਾਮ ਰਹੇ ਹਨ। ਇਸੇ ਤਰ੍ਹਾਂ ਜੀਵਨ ਰੱਖਿਅਕ ਦਵਾਈਆਂ ਅਤੇ ਟੀਕਿਆਂ ਦੇ ਮਾਮਲੇ ਵਿੱਚ ਖੁੱਲ੍ਹੀ ਲੁੱਟ ਮੱਚੀ ਹੋਈ ਹੈ। ਉਨ੍ਹਾਂ ਸਰਕਾਰ ਤੋਂ 10 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਸਾਰੇ ਮਰੀਜ਼ਾਂ ਦੇ ਇਲਾਜ ਦਾ ਖਰਚਾ ਚੁੱਕਣ, ਤਾਲਾਬੰਦੀ ਕਰਕੇ ਬੇਰੁਜ਼ਗਾਰ ਹੋਏ ਪਰਿਵਾਰਾਂ ਦੀ ਵਿੱਤੀ ਮਦਦ ਕਰਨ, ਟੈਕਸੀ ਤੇ ਆਟੋ ਚਾਲਕਾਂ ਨੂੰ ਛੇ ਮਹੀਨਿਆਂ ਲਈ ਭੱਤਾ ਦੇਣ ਅਤੇ ਕਰੋੋਨਾ ਨਾਲ ਪ੍ਰਭਾਵਿਤ ਰਜਿਸਟਰਡ ਮਜ਼ਦੂਰਾਂ ਦਾ ਮੁਅਵਾਜ਼ਾ 1500 ਰੁਪਏ ਤੋਂ ਵਧਾ ਕੇ ਤਿੰਨ ਹਜ਼ਾਰ ਰੁਪਏ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਕਰਜ਼ਾ ਅਤੇ ਹੋਰ ਰਾਹਤਾਂ ਦੇਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਲਗਾਈ ਗਈ ਤਾਲਾਬੰਦੀ ਕਰਕੇ ਵਪਾਰ ਅਤੇ ਸਨਅਤ ਨੂੰ ਵੱਡੀ ਸੱਟ ਵੱਜੀ ਹੈ। ਇਸ ਖੇਤਰ ਨੂੰ ਚਾਰ ਮਹੀਨਿਆਂ ਲਈ ਮੁਫ਼ਤ ਬਿਜਲੀ ਦਿੱਤੀ ਜਾਣੀ ਚਾਹੀਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly