ਕਰੋਨਾ: ਮਰੀਜ਼ਾਂ ਦੀ ਵਧਦੀ ਗਿਣਤੀ ਨੇ ਪ੍ਰਸ਼ਾਸਨ ਨੂੰ ਤਰੇਲੀਆਂ ਲਿਆਂਦੀਆਂ

ਅੰਮ੍ਰਿਤਸਰ (ਸਮਾਜਵੀਕਲੀ): ਰੋਜ਼ਾਨਾ ਵਧ ਰਹੇ ਕਰੋਨਾ ਮਰੀਜ਼ਾਂ ਕਾਰਨ ਸ਼ਹਿਰ ਦੇ ਛੇ ਇਲਾਕਿਆਂ ਨੂੰ ਕੰਨਟੇਨਮੈਂਟ ਜ਼ੋਨ ਵਿਚ ਤਬਦੀਲ ਕੀਤਾ ਗਿਆ ਹੈ, ਜਿੱਥੇ ਅੱਜ ਲੋਕਾਂ ਨੂੰ ਬਾਹਰ ਨਾ ਆਉਣ ਦੀ ਹਦਾਇਤ ਦਿੰਦਿਆਂ  ਪ੍ਰਸ਼ਾਸਨ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਇਸ ਦੌਰਾਨ ਪ੍ਰਭਾਵਿਤ ਇਲਾਕਿਆਂ ’ਚੋਂ ਰੋਜ਼ਾਨਾ ਇਕ ਹਜ਼ਾਰ ਵਿਅਕਤੀਆਂ ਦੇ ਕਰੋਨਾ ਟੈਸਟ ਲੈਣ ਅਤੇ ਇਨ੍ਹਾਂ ਇਲਾਕਿਆਂ ਨੂੰ ਲਗਾਤਾਰ ਸੈਨੇਟਾਈਜ਼ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ।

ਇਸ ਵੇਲੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਬੰਧ ਹੇਠ ਗੁਰੂ ਨਾਨਕ ਦੇਵ ਹਸਪਤਾਲ ਵਿਚ ਸਥਾਪਤ ਕੀਤੇ ਆਈਸੋਲੇਸ਼ਨ ਵਾਰਡ ਵਿਚ 125 ਤੋਂ ਵੱਧ ਕਰੋਨਾ ਮਰੀਜ਼ ਜ਼ੇਰੇ ਇਲਾਜ ਹਨ। ਬੀਤੇ ਦਿਨ ਤਿੰਨ ਮੌਤਾਂ ਹੋ ਗਈਆਂ, ਜਿਸ ਤੋਂ ਬਾਅਦ ਹਰਕਤ ਵਿਚ ਆਏ ਪ੍ਰਸ਼ਾਸਨ ਨੇ ਸ਼ਹਿਰ ਦੇ ਅੰਦਰੂਨੀ ਇਲਾਕੇ ਦੀਆਂ ਛੇ ਰਿਹਾਇਸ਼ੀ ਕਲੋਨੀਆਂ ਨੂੰ ਕੰਨਟੇਨਮੈਂਟ ਜ਼ੋਨ ਵਿਚ ਤਬਦੀਲ ਕਰ ਦਿੱਤਾ ਹੈ। ਇਨ੍ਹਾਂ ਇਲਾਕਿਆਂ ਵਿਚ ਬੰਬੇ ਵਾਲਾ ਖੂਹ, ਕਟੜਾ ਪਰਜਾ, ਕਟੜਾ ਮੋਤੀ ਰਾਮ, ਗੰਜ ਦੀ ਮੋਰੀ, ਗਲੀ ਕੰਦਾਂਵਾਲੀ, ਰਾਮ ਬਾਗ ਵਾਲੀ ਗਲੀ ਆਦਿ ਸ਼ਾਮਲ ਹਨ।

ਇਸੇ ਦੌਰਾਨ ਅੱਜ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਅੰਦਰੂਨੀ ਸ਼ਹਿਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਦੁਕਾਨਾਂ ’ਤੇ ਲੱਗੀ ਭੀੜ ਅਤੇ ਆਵਾਜਾਈ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨਾਲ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਸਮੇਤ ਜ਼ਿਲ੍ਹਾ ਅਧਿਕਾਰੀਆਂ ਨਾਲ ਹਾਲ ਬਾਜ਼ਾਰ, ਕਟੜਾ ਸ਼ੇਰ ਸਿੰਘ, ਢਾਬ ਖਟੀਕਾ, ਸ਼ਕਤੀ ਨਗਰ ਆਦਿ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਤਾਲਾਬੰਦੀ ਦੌਰਾਨ ਛੋਟ ਦਿੱਤੀ ਹੈ ਪਰ ਲੋਕਾਂ ਦਾ ਆਪਣਾ ਵੀ ਫਰਜ਼ ਬਣਦਾ ਹੈ ਕਿ ਉਹ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਰਕਟ ਹਾਊਸ ਵਿੱਚ ਕਰੋਨਾ ਨਾਲ ਨਜਿੱਠਣ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋ, ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਨਗਰ ਨਿਗਮ ਦੀ ਕਮਿਸ਼ਨਰ ਕੋਮਲ ਮਿੱਤਲ, ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਤੇ ਹੋਰ ਹਾਜ਼ਰ ਸਨ। ਉਨ੍ਹਾਂ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਅੰਦਰੂਨੀ ਇਲਾਕਿਆਂ ’ਚੋਂ ਰੋਜ਼ਾਨਾ 1000 ਲੋਕਾਂ ਦੇ ਟੈਸਟ ਕੀਤੇ ਜਾਣ ਅਤੇ ਜਿਨ੍ਹਾਂ ਇਲਾਕਿਆਂ ’ਚੋਂ ਕਰੋਨਾ ਪਾਜ਼ੇਟਿਵ ਮਰੀਜ਼ ਪਾਏ ਗਏ ਹਨ, ਉਨ੍ਹਾਂ ਨੂੰ ਲਗਾਤਾਰ ਸੈਨੇਟਾਈਜ਼ ਕੀਤਾ ਜਾਵੇ।

Previous articleਕੁਵੈਤ ’ਚ ਫਸੇ ਪੰਜਾਬੀਆਂ ਨੂੰ ਧਮਕਾਉਣ ਲੱਗੀਆਂ ਕੰਪਨੀਆਂ
Next articleਕੋਟਕਪੂਰਾ ’ਚ ਇੱਕੋ ਪਰਿਵਾਰ ਦੇ 13 ਮੈਂਬਰ ਕਰੋਨਾ ਪਾਜ਼ੇਟਿਵ