ਨਵੀਂ ਦਿੱਲੀ (ਸਮਾਜ ਵੀਕਲੀ) : ਸਰਕਾਰ ਨੇ ਇਸ ਸਾਲ ਫਰਵਰੀ ਵਿਚ ਸਿੱਖ ‘ਜਥੇ’ ਨੂੰ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਤੋਂ ਇਨਕਾਰ ਕਰਨ ਦਾ ਕਾਰਨ ਪਾਕਿਸਤਾਨ ਵਿਚ ਕੋਵਿਡ-19 ਦੇ ਵੱਧ ਰਹੇ ਕੇਸ ਅਤੇ ਸੁਰੱਖਿਆ ਚਿੰਤਾਵਾਂ ਸਨ। ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਮਝੌਤੇ ਤਹਿਤ ਹਰ ਸਾਲ ਚਾਰ ਮੌਕਿਆਂ ਵਿਸਾਖੀ, ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾ ਸਕਦੇ ਹਨ।
ਮੰਤਰੀ ਨੇ ਕਿਹਾ ਕਿ 18 ਫਰਵਰੀ ਨੂੰ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਲਈ ਪ੍ਰਸਤਾਵਿਤ ਜਥਾ 1974 ਵਿਚ ਹੋਏ ਸਮਝੌਤੇ ਅਧੀਨ ਨਹੀਂ ਹੈ। ਇਸ ਤੋਂ ਇਲਾਵਾ ਸਰਕਾਰ ਕੋਲ ਜਿਹੜੀ ਜਾਣਕਾਰੀ ਹੈ ਉਸ ਮੁਤਾਬਕ ਇਸ ਤੋਂ ਪਹਿਲਾਂ ਅਜਿਹੇ ਮੌਕੇ ’ਤੇ ਕੋਈ ਵੀ’ ਜਥਾ ਪਾਕਿਸਤਾਨ ਨਹੀਂ ਗਿਆ ਸੀ। ਪਾਕਿਸਤਾਨ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ, ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਹੀਂ ਦਿੱਤੀ ਗਈ।