ਮੁੰਬਈ (ਸਮਾਜ ਵੀਕਲੀ): ਹਵਾਈ ਜਹਾਜ਼ਾਂ ’ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਕੋਵਿਡ-19 ਪ੍ਰੋਟੋਕਾਲ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕਰਦਿਆਂ ਡੀਜੀਸੀਏ ਨੇ ਏਅਰਲਾਈਨਜ਼ ਨੂੰ ਕਿਹਾ ਹੈ ਕਿ ਜੇਕਰ ਕਿਸੇ ਮੁਸਾਫ਼ਰ ਨੇ ਚਿਤਾਵਨੀਆਂ ਦੇ ਬਾਵਜੂਦ ਸਹੀ ਢੰਗ ਨਾਲ ਮਾਸਕ ਨਹੀਂ ਪਾਇਆ ਹੈ ਤਾਂ ਉਸ ਨੂੰ ਜਹਾਜ਼ ’ਚੋਂ ਉਤਾਰ ਦਿੱਤਾ ਜਾਵੇ। ਉਨ੍ਹਾਂ ਏਅਰਲਾਈਨਜ਼ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਪ੍ਰੋਟੋਕਾਲ ਦੀ ਉਲੰਘਣਾ ਕਰਦਾ ਹੈ ਤਾਂ ਉਸ ਨਾਲ ਅਜਿਹਾ ਵਤੀਰਾ ਅਪਣਾਇਆ ਜਾਵੇ ਜਿਹੜਾ ਕਿਸੇ ‘ਖਰੂਦੀ’ ਨਾਲ ਅਪਣਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਹੈ ਕਿ ਹਵਾਈ ਅੱਡੇ ਅੰਦਰ ਦਾਖ਼ਲ ਹੋਣ ਅਤੇ ਵਾਪਸੀ ’ਤੇ ਬਾਹਰ ਨਿਕਲਣ ਸਮੇਂ ਤੱਕ ਚਿਹਰੇ ’ਤੇ ਸਹੀ ਢੰਗ ਨਾਲ ਮਾਸਕ ਹੋਣਾ ਚਾਹੀਦਾ ਹੈ। ਉਨ੍ਹਾਂ ਮੁਤਾਬਕ ਨੱਕ ਤੋਂ ਹੇਠਾਂ ਮਾਸਕ ਮਨਜ਼ੂਰ ਨਹੀਂ ਹੈ ਅਤੇ ਲੋਕਾਂ ਦਾ ਪੂਰਾ ਮੂੰਹ ਢੱਕਿਆ ਹੋਣਾ ਚਾਹੀਦਾ ਹੈ। ਦੇਸ਼ ਦੇ ਕੁਝ ਹਿੱਸਿਆਂ ’ਚ ਕਰੋਨਾਵਾਇਰਸ ਦੇ ਵਧ ਰਹੇ ਕੇਸਾਂ ਨੂੰ ਦੇਖਦਿਆਂ ਤਾਜ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਸ਼ਹਿਰੀ ਹਵਾਬਾਜ਼ੀ ਮਾਮਲਿਆਂ ਬਾਰੇ ਡਾਇਰੈਕਟੋਰੇਟ ਜਨਰਲ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਹਵਾਈ ਸਫ਼ਰ ਦੌਰਾਨ ਸਮਾਜਿਕ ਦੂਰੀ ਦੇ ਨੇਮਾਂ ਦਾ ਵੀ ਪਾਲਣ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੇਮਾਂ ਦਾ ਪਾਲਣ ਨਹੀਂ ਕਰਦਾ ਹੈ ਤਾਂ ਉਸ ਨਾਲ ਕਾਨੂੰਨ ਮੁਤਾਬਕ ਨਜਿੱਠਿਆ ਜਾ ਸਕਦਾ ਹੈ।