ਲੋਕ ਸਭਾ ਚੋਣਾਂ ਲਈ ਲੁਧਿਆਣਾ ਤੋਂ ਵੀਰਵਾਰ ਨੂੰ ਮੌਜੂਦਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਉਨ੍ਹਾਂ ਦੀ ਪਤਨੀ ਸਣੇ ਤਿੰਨ ਹੋਰ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ। ਅੱਜ ਨਾਮਜ਼ਦਗੀ ਭਰਨ ਵਾਲਿਆਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਰਵਨੀਤ ਸਿੰਘ ਬਿੱਟੂ ਅਤੇ ਅਨੁਪਮਾ ਸ਼ਾਮਿਲ ਹਨ, ਜਦਕਿ ਸ੍ਰੀ ਲਾਲ ਚੰਦ ਰਾਓ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ।
ਇਸ ਤਰ੍ਹਾਂ ਹੁਣ ਤੱਕ ਹਲਕਾ ਲੁਧਿਆਣਾ ਲਈ ਕਾਗਜ਼ ਦਾਖ਼ਲ ਕਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਪਹਿਲੇ ਦਿਨ ਦੋ ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਸਨ, ਜਿਨ੍ਹਾਂ ਵਿੱਚ ਨੈਸ਼ਨਲਿਸਟ ਜਸਟਿਸ ਪਾਰਟੀ ਤੋਂ ਬਲਦੇਵ ਰਾਜ ਕਤਨਾ ਅਤੇ ਆਜ਼ਾਦ ਉਮੀਦਵਾਰ ਵਜੋਂ ਜੈ ਪ੍ਰਕਾਸ਼ ਜੈਨ ਸ਼ਾਮਿਲ ਸਨ।
ਤੀਜੇ ਦਿਨ ਰਵਿੰਦਰਪਾਲ ਸਿੰਘ ਅਤੇ ਜਸਦੀਪ ਸਿੰਘ ਨੇ ਆਜ਼ਾਦ ਉਮੀਦਵਾਰ ਤੇ ਦਲਜੀਤ ਸਿੰਘ ਨੇ ਪੀਪਲਜ਼ ਪਾਰਟੀ ਆਫ਼ ਇੰਡੀਆ (ਸੈਕੂਲਰ) ਦੇ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ ਸਨ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ 2019 ਲਈ ਨਾਮਜ਼ਦਗੀਆਂ ਭਰਨ ਦਾ ਅਮਲ 29 ਅਪਰੈਲ ਤੱਕ ਜਾਰੀ ਰਹੇਗਾ। ਨਾਮਜ਼ਦਗੀਆਂ ਦੀ ਪੜਤਾਲ 30 ਅਪਰੈਲ ਨੂੰ ਹੋਵੇਗੀ, ਜਦਕਿ ਕਾਗਜ਼ 2 ਮਈ ਤੱਕ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੀਆਂ ਜਾਣਗੀਆਂ। 27 ਅਤੇ 28 ਅਪਰੈਲ (ਸ਼ਨਿੱਚਰਵਾਰ ਅਤੇ ਐਤਵਾਰ) ਨੂੰ ਕਾਗਜ਼ ਨਹੀਂ ਦਾਖ਼ਲ ਕੀਤੇ ਜਾ ਸਕਣਗੇ।
ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਰੋਡ ਸ਼ੋਅ ਕਰਦਿਆਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਡੀਸੀ ਦਫ਼ਤਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਸਨ।
INDIA ਕਾਂਗਰਸੀ ਉਮੀਦਵਾਰ ਰਵਨੀਤ ਬਿੱਟੂ ਨੇ ਨਾਮਜ਼ਦਗੀ ਪੱਤਰ ਭਰਿਆ