ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਕਰਕੇ ਕਰਤਾਰਪੁਰ ਲਾਂਘੇ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਇਸ ਵੱਕਾਰੀ ਪ੍ਰਾਜੈਕਟ ਨੂੰ ਫ਼ੁਰਤੀ ਨਾਲ ਮੁਕੰਮਲ ਕਰਵਾਉਣ ਵਾਸਤੇ ਸਰਕਾਰ ਨੂੰ ਆਪਣੀ ਕਾਰਜਸ਼ੈਲੀ ਸੁਧਾਰਨ ਲਈ ਆਖਿਆ। ਇਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ 12 ਦਸੰਬਰ ਨੂੰ ਵਧੀਕ ਮੁੱਖ ਸਕੱਤਰ ਦੀ ਅਗਵਾਈ ਵਿਚ ਮੀਟਿੰਗ ਹੋਈ ਸੀ, ਜਿਸ ਵਿਚ ਇਸ ਲਾਂਘੇ ਦੀ ਉਸਾਰੀ ਲਈ ਢੁਕਵੇਂ ਤਾਲਮੇਲ ਸਬੰਧੀ ਫ਼ੈਸਲੇ ਲਏ ਗਏ ਸਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਇਸ ਮੀਟਿੰਗ ਵਿਚ ਲਏ ਫ਼ੈਸਲਿਆਂ ਦਾ ਵੇਰਵਾ ਕੇਂਦਰ ਸਰਕਾਰ ਨੂੰ ਨਹੀਂ ਭੇਜਿਆ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਲਏ ਫ਼ੈਸਲਿਆਂ ਦੀ ਜਾਣਕਾਰੀ ਸਿਰਫ਼ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੂੰ ਮਿਲੀ ਹੈ। ਇਸ ਬੇਲੋੜੀ ਦੇਰੀ ਦੇ ਬਾਵਜੂਦ ਐਨਐਚਏਆਈ ਨੇ ਤੁਰੰਤ ਪ੍ਰਾਜੈਕਟ ਉੱਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਲਾਂਘੇ ਲਈ ਗ੍ਰਹਿਣ ਕੀਤੇ ਜਾਣ ਵਾਲੇ ਖਸਰਾ ਨੰਬਰਾਂ ਦੀ ਸੂਚੀ ਵੀ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਅਗਲੇ 48 ਘੰਟਿਆਂ ਦੌਰਾਨ ਇਹ ਸਾਰੀ ਜਾਣਕਾਰੀ ਪੰਜਾਬ ਸਰਕਾਰ ਨਾਲ ਸਾਂਝੀ ਕੀਤੀ ਜਾਵੇਗੀ ਤਾਂ ਕਿ ਇਸ ਪ੍ਰਾਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਹੋ ਸਕੇ। ਕੇਂਦਰੀ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਜਾਇਜ਼ਾ ਲੈਣ ਲਈ ਸਮੇਂ ਸਮੇਂ ਮੀਟਿੰਗਾਂ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਚੰਗਾ ਹੋਵੇਗਾ ਜੇ ਇਸ ਕੋਤਾਹੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਬੀਬੀ ਬਾਦਲ ਨੇ ਕੈਪਟਨ ਅਮਰਿੰਦਰ ਇਸ ਪਵਿੱਤਰ ਮੁੱਦੇ ਦਾ ਸਿਆਸੀਕਰਨ ਨਾ ਕਰਨ।
HOME ਕਾਂਗਰਸ ਦੀਆਂ ਨਾਕਾਮੀਆਂ ਕਾਰਨ ਲਾਂਘੇ ਦਾ ਕੰਮ ਪ੍ਰਭਾਵਿਤ: ਹਰਸਿਮਰਤ