ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀ ਅੱਜ ਦੇ ਦਿਨ 1975 ’ਚ ਲਾਈ ਗਈ ਐਮਰਜੈਂਸੀ ਕਰਕੇ ਇਸ ਦਿਨ ਨੂੰ ‘ਕਾਲੇ ਦਿਵਸ’ ਵਜੋਂ ਮਨਾਉਂਦੇ ਰਹਿਣਗੇ ਤੇ ਕਾਂਗਰਸ ਪਾਰਟੀ ਵੱਲੋਂ ਸਿੱਖਾਂ ‘ਤੇ ਵਾਰ-ਵਾਰ ਢਾਹੇ ਗਏ ਅੱਤਿਆਚਾਰਾਂ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ। ਦਿੱਲੀ ’ਚ ਦਿੱਲੀ ਕਮੇਟੀ ਵੱਲੋਂ ਕਰਵਾਏ ਗਏ ਇੱਕ ਸਮਾਗਮ ਦੌਰਾਨ ਸ੍ਰੀ ਬਾਦਲ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਾਰੀਆਂ ਤਾਕਤਾਂ ਆਪਣੇ ਹੱਥ ‘ਚ ਲੈਂਦਿਆਂ ਲੋਕਤੰਤਰ ਦਾ ਗਲਾ ਘੁੱਟ ਦਿੱਤਾ ਸੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਪੂਰੇ ਦੇਸ਼ ‘ਚ ਲੱਗੀ ਸੀ ਪਰ ਇਹ ਸਿਰਫ ਅਕਾਲੀ ਦਲ ਹੀ ਸੀ, ਜਿਸ ਨੇ ਸਭ ਤੋਂ ਪਹਿਲਾਂ ਇਸ ਲੋਕਤੰਤਰ-ਵਿਰੋਧੀ ਕਦਮ ਖ਼ਿਲਾਫ਼ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 9 ਜੁਲਾਈ 1975 ਨੂੰ ਸ਼ੁਰੂ ਹੋਏ ਇਨ੍ਹਾਂ ਰੋਸ ਪ੍ਰਦਰਸ਼ਨਾਂ ਦੌਰਾਨ ਪਾਰਟੀ ਵਰਕਰਾਂ ਦੇ ਪਹਿਲੇ ਜਥੇ ਦੀ ਖੁਦ ਅਗਵਾਈ ਕੀਤੀ ਸੀ। ਸ੍ਰੀ ਬਾਦਲ ਨੇ ਕਿਹਾ ਕਿ ਦੇਸ਼ ਅੰਦਰ ਐਮਰਜੈਂਸੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ 90 ਹਜ਼ਾਰ ਵਿਅਕਤੀਆਂ ‘ਚੋਂ 60 ਹਜ਼ਾਰ ਸਿਰਫ਼ ਪੰਜਾਬ ’ਚੋਂ ਸਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਤੋਪਾਂ ਤੇ ਟੈਂਕਾਂ ਨਾਲ ਕੀਤੇ ਹਮਲੇ ਤੇ 1984 ‘ਚ ਦਿੱਲੀ ਅੰਦਰ ਸਿੱਖਾਂ ਦੇ ਕੀਤੇ ਗਏ ਕਤਲੇਆਮ ਵਿਰੁੱਧ ਉਹ ਆਪਣੀ ਲੜਾਈ ਜਾਰੀ ਰੱਖਣਗੇ। ਡਾ. ਦਲਜੀਤ ਸਿੰਘ ਚੀਮਾ, ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ, ਮਹਿੰਦਰ ਸਿੰਘ ਭੁੱਲਰ, ਹਰਮਨਜੀਤ ਸਿੰਘ ਤੇ ਹੋਰ ਲੋਕ ਵੀ ਹਾਜ਼ਰ ਹੋਏ।
INDIA ਕਾਂਗਰਸ ਦੇ ਅੱਤਿਆਚਾਰ ਖ਼ਿਲਾਫ਼ ਲੜਾਈ ਜਾਰੀ ਰਹੇਗੀ: ਸੁਖਬੀਰ