‘ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਘੱਟ ਭਾਅ ’ਤੇ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਥਾਂ ਤਿੰਨ ਵਾਰ ਬਿਜਲੀ ਦਰਾਂ ਵਿਚ ਵਾਧਾ ਕਰ ਕੇ ਸੂਬੇ ਦੀ ਬਿਜਲੀ ਦੇਸ਼ ਭਰ ਦੇ ਬਾਕੀ ਸੂਬਿਆਂ ਦੇ ਮੁਕਾਬਲੇ ਸਭ ਤੋਂ ਮਹਿੰਗੀ ਕਰ ਦਿੱਤੀ ਹੈ ਅਤੇ ਹੁਣ ਤਕ 12 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਦਾ ਲੋਕਾਂ ਉੱਪਰ ਬੋਝ ਪਾਇਆ ਹੈ। ਇਸੇ ਤਰ੍ਹਾਂ ਡੀਜ਼ਲ ਅਤੇ ਪੈਟਰੋਲ ਦੇ ਭਾਅ ਦੂਸਰੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿਚ ਜ਼ਿਆਦਾ ਹਨ।’ ਇਹ ਗੱਲ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੇ ਅੱਜ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਕੀਤੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਹੀ। ਕਾਂਗਰਸ ਦੀ ਆਲੋਚਨਾ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਪਾਰਟੀ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਤੇ ਹੁਣ ‘ਆਪ’ ਅਤੇ ਟਕਸਾਲੀ ਅਕਾਲੀ ਦਲ ਦੇ ਨਾਮ ’ਤੇ ਏ ਅਤੇ ਬੀ ਟੀਮਾਂ ਬਣਾ ਕੇ ਕਾਂਗਰਸ ਵਿਰੋਧੀ ਵੋਟ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਜਿਤਾਉਣਗੇ। ਉਨ੍ਹਾਂ ਪ੍ਰਨੀਤ ਕੌਰ ਨਾਲ ਗੈਂਗਸਟਰ ਦੀ ਫ਼ੋਟੋ ਵਾਇਰਲ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿਚ ਲੋਕਾਂ ਦੀ ਜਾਨ ਅਤੇ ਮਾਲ ਖ਼ਤਰੇ ਵਿਚ ਹੈ।
INDIA ਕਾਂਗਰਸ ਨੇ ਪੰਜਾਬ ’ਚ ਬਿਜਲੀ ਸਭ ਤੋਂ ਮਹਿੰਗੀ ਕੀਤੀ: ਮਜੀਠੀਆ