ਭੋਪਾਲ/ਲਖਨਊ (ਸਮਾਜਵੀਕਲੀ) : ਉੱਤਰ ਪ੍ਰਦੇਸ਼ ਦੇ ਕਾਨਪੁਰ ’ਚ ਅੱਠ ਪੁਲੀਸ ਮੁਲਾਜ਼ਮਾਂ ਨੂੰ ਕਤਲ ਕਰਨ ਦੇ ਮਾਮਲੇ ’ਚ ਮੁੱਖ ਦੋਸ਼ੀ ਵਿਕਾਸ ਦੂਬੇ ਨੂੰ ਅੱਜ ਸਵੇਰੇ ਮੱਧ ਪ੍ਰਦੇਸ਼ ਦੇ ਉਜੈਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਦੂਬੇ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ, ‘ਦੂਬੇ ਉਜੈਨ ’ਚ ਸੂਬਾ ਪੁਲੀਸ ਦੀ ਹਿਰਾਸਤ ’ਚ ਹੈ।’ ਦੂਬੇ ਦੀ ਗ੍ਰਿਫ਼ਤਾਰੀ ਤੋਂ ਕੁਝ ਘੰਟੇ ਪਹਿਲਾਂ ਉਸ ਦੇ ਕਥਿਤ ਦੋ ਸਾਥੀ ਉੱਤਰ ਪ੍ਰਦੇਸ਼ ਪੁਲੀਸ ਨਾਲ ਹੋਏ ਵੱਖ ਵੱਖ ਮੁਕਾਬਲਿਆਂ ’ਚ ਮਾਰੇ ਗਏ।
ਇਨ੍ਹਾਂ ’ਚੋਂ ਇੱਕ ਨੂੰ ਫਰੀਦਾਬਾਦ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਉੱਤਰ ਪ੍ਰਦੇਸ਼ ਲਿਆਂਦਾ ਗਿਆ ਸੀ। ਉਸ ਨੇ ਇੱਕ ਪੁਲੀਸ ਮੁਲਾਜ਼ਮ ਤੋਂ ਕਥਿਤ ਤੌਰ ’ਤੇ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਇਲਾਵਾ ਦੋ ਪੁਲੀਸ ਮੁਲਾਜ਼ਮਾਂ ਸਮੇਤ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਏਡੀਜੀ (ਕਾਨੂੰਨ ਪ੍ਰਬੰਧ) ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਦੂਬੇ ਨੂੰ ਟਰਾਂਜ਼ਿਟ ਰਿਮਾਂਡ ’ਤੇ ਯੂਪੀ ਲਿਆਂਦਾ ਜਾਵੇਗਾ।
ਦੂਜੇ ਪਾਸੇ ਦੂਬੇ ਦੀ ਗ੍ਰਿਫ਼ਤਾਰੀ ’ਤੇ ਸਵਾਲ ਚੁੱਕਿਆਂ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ੇ ਟਵੀਟ ਕੀਤਾ, ‘ਖ਼ਬਰ ਆ ਰਹੀ ਹੈ ਕਿ ਕਾਨਪੁਰ ਕਾਂਡ ਦਾ ਮੁੱਖ ਦੋਸ਼ੀ ਪੁਲੀਸ ਹਿਰਾਸਤ ’ਚ ਹੈ। ਜੇਕਰ ਇਹ ਸੱਚ ਹੈ ਤਾਂ ਸਰਕਾਰ ਸਪੱਸ਼ਟ ਕਰੇ ਕਿ ਇਹ ਆਤਮ ਸਮਰਪਣ ਹੈ ਜਾਂ ਗ੍ਰਿਫ਼ਤਾਰੀ। ਨਾਲ ਹੀ ਉਸ ਦੇ ਮੋਬਾਈਲ ਦੀ ਕਾਲ ਡਿਟੇਲ ਜਨਤਕ ਕਰੇ ਜਿਸ ਨਾਲ ਅਸਲੀ ਮਿਲੀਭਗਤ ਦਾ ਭਾਂਡਾ ਭੰਨਿਆ ਜਾ ਸਕੇ।’