ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਲਈ ਸਰਕਾਰ ਵੱਲੋਂ ਇਕ ਪਾਸੇ ਜਿਥੇ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ, ਉਥੇ ਦੂਜੇ ਪਾਸੇ ਪੀੜਤ ਪਰਿਵਾਰ ਨੂੰ ਦਰ ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਕੁਸਲਾ ਦੇ ਸ਼ਹੀਦ ਨਾਇਕ ਨਿਰਮਲ ਸਿੰਘ ਦੀ ਮਾਤਾ ਜੰਗੀਰ ਕੌਰ (80) ਦੋ ਵਕਤ ਦੀ ਰੋਟੀ ਨਹੀ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ। ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਉਹ ਮਨਰੇਗਾ ਜਾਂ ਖੇਤਾਂ ਵਿੱਚ ਮਜ਼ਦੂਰੀ ਕਰ ਕੇ ਦੋ ਡੰਗ ਦੀ ਰੋਟੀ ਕਮਾਉਣ ਲਈ ਮਜਬੂਰ ਹੈ। ਜੰਗੀਰ ਕੌਰ ਇਕ ਛੋਟੇ ਜਿਹੇ ਕਮਰੇ ਵਿੱਚ ਰਹਿੰਦੀ ਹੈ, ਜਿਸ ਦੀਆਂ ਕੰਧਾਂ ਵਿੱਚ ਤਰੇੜਾਂ ਆ ਚੁੱਕੀਆਂ ਹਨ ਅਤੇ ਮੀਂਹ ਦੌਰਾਨ ਬਰਸਾਤੀ ਪਾਣੀ ਘਰ ਵਿੱਚ ਦਾਖਲ ਹੋ ਜਾਂਦਾ ਹੈ। ਇਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਰਧ ਮਾਤਾ ਜੰਗੀਰ ਕੌਰ ਨੇ ਦੱਸਿਆ ਕਿ ਸ਼ਹੀਦ ਨਾਇਕ ਨਿਰਮਲ ਸਿੰਘ ਕਾਰਗਿੱਲ ਦੀ ਲੜਾਈ ਦੌਰਾਨ ਸ਼ਹੀਦ ਹੋ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਸਰਕਾਰੀ ਸੈਕੰਡਰੀ ਸਕੂਲ ਕੁਸਲਾ ਦਾ ਨਾਂ ਸ਼ਹੀਦ ਨਿਰਮਲ ਸਿੰਘ ਦੇ ਨਾਂ ’ਤੇ ਰੱਖ ਦਿੱਤਾ ਪਰ ਅੱਜ ਵੀ ਸ਼ਹੀਦ ਦੀ ਮਾਂ ਦਰ ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਹੈ। ਜੰਗੀਰ ਕੌਰ ਨੇ ਦੱਸਿਆ ਕਿ ਸ਼ਹੀਦ ਨਿਰਮਲ ਸਿੰਘ ਦੀ ਪਤਨੀ ਉਸ ਦੇ ਸ਼ਹੀਦ ਹੋਣ ਤੋਂ ਬਾਅਦ ਚਲੀ ਗਈ। ਇਸ ਤੋਂ ਬਾਅਦ ਉਹ ਘਰ ਵਿੱਚ ਇਕੱਲੀ ਰਹਿ ਗਈ ਅਤੇ ਸਮੇਂ ਦੀਆਂ ਸਰਕਾਰਾਂ ਨੇ ਉਸ ਦੀ ਸਾਰ ਤੱਕ ਨਹੀਂ ਲਈ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਨੂੰ ਸਿਰਫ਼ ਬੁਢਾਪਾ ਪੈਨਸ਼ਨ ਮਿਲਦੀ ਹੈ, ਜਿਸ ਨਾਲ ਗੁਜ਼ਾਰਾ ਵੀ ਨਹੀਂ ਹੁੰਦਾ। ਉਸ ਨੇ ਦੱਸਿਆ ਕਿ ਉਸ ਦੇ ਘਰ ਦੀ ਹਾਲਤ ਬਹੁਤ ਖਸਤਾ ਹੈ ਪਰ ਸਰਕਾਰ ਜਾਂ ਪ੍ਰਸ਼ਾਸਨ ਨੇ ਉਸ ਨੂੰ ਕਿਸੇ ਤਰ੍ਹਾਂ ਦੀ ਕੋਈ ਮਦਦ ਨਹੀਂ ਦਿੱਤੀ। ਐਸਡੀਐਮ ਅਭਿਜੀਤ ਕਪਲਿਸ਼ ਨੇ ਇਸ ਸਬੰਧੀ ਪੁੱਛੇ ਜਾਣ ’ਤੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਸ਼ਹੀਦ ਦੀ ਮਾਤਾ ਇਸ ਤਰ੍ਹਾਂ ਦਰ ਦਰ ਦੀਆਂ ਠੋਕਰਾਂ ਖਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਤੁਰਤ ਫੋਨ ’ਤੇ ਸ਼ਹੀਦ ਦੀ ਮਾਤਾ ਦੀ ਸਾਰ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬਿਰਧ ਜੰਗੀਰ ਕੌਰ ਨੂੰ ਬਣਦੀ ਮਦਦ ਮੁਹੱਈਆ ਕਰਾਈ ਜਾਵੇਗੀ।
INDIA ਕਾਰਗਿਲ ਸ਼ਹੀਦ ਦੀ ਮਾਤਾ ਦਰ ਦਰ ਠੋਕਰਾਂ ਖਾਣ ਲਈ ਮਜਬੂਰ