ਬਠਿੰਡਾ (ਸਮਾਜ ਵੀਕਲੀ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮੁਲਾਜ਼ਮ, ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਾਂਝੇ ਤੌਰ ’ਤੇ ਇੱਥੇ ਮਿੰਨੀ ਸਕੱਤਰੇਤ ਨੇੜੇ ਕਾਰਪੋਰੇਟ ਪੱਖੀ ਨਿੱਜੀਕਰਨ ਦੀਆਂ ਨੀਤੀਆਂ ਵਿਰੁੱਧ ਜ਼ਿਲ੍ਹਾ ਪੱਧਰੀ ਧਰਨਾ ਦੇਣ ਮਗਰੋਂ ਸ਼ਹਿਰ ’ਚ ਰੋਸ ਮਾਰਚ ਕੱਢਿਆ ਗਿਆ।
ਬੁਲਾਰਿਆਂ ਨੇ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਅਤੇ ਸੋਧੇ ਕਿਰਤ ਕਾਨੂੰਨ ਮਨਸੂਖ਼ ਕੀਤੇ ਜਾਣ, ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਹੋਵੇ, ਸਰਕਾਰੀ ਵਿਭਾਗਾਂ ਵਿੱਚ ਠੇਕਾ ਭਰਤੀ ਬੰਦ ਕਰਕੇ ਪੱਕੀ ਭਰਤੀ ਕੀਤੀ ਜਾਵੇ, ਆਹਲੂਵਾਲੀਆ ਕਮੇਟੀ ਭੰਗ ਹੋਵੇ ਅਤੇ ਇਸ ਦੀਆਂ ਸਿਫਾਰਸ਼ਾਂ ਰੱਦ ਹੋਣ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਤੇ ਰੈਗੂਲਰ ਮੁਲਾਜ਼ਮਾਂ ਦੀਆਂ ਤਨਖਾਹਾਂ, ਭੱਤਿਆਂ, ਪੈਨਸ਼ਨਾਂ ਅਤੇ ਹੋਰ ਸਹੂਲਤਾਂ ’ਤੇ ਕੱਟ ਲਾਉਣੇ ਬੰਦ ਹੋਣ। ਬੁਲਾਰਿਆਂ ਨੇ ਮੰਗ ਕੀਤੀ ਕਿ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਜੇਲ੍ਹੀਂ ਡੱਕੇ ਬੁੱਧੀਜੀਵੀਆਂ, ਲੇਖਕਾਂ ਤੇ ਪੱਤਰਕਾਰਾਂ ਨੂੰ ਬਗ਼ੈਰ ਸ਼ਰਤ ਰਿਹਾ ਕੀਤਾ ਜਾਵੇ।
ਪ੍ਰਦਰਸ਼ਨ ਦੌਰਾਨ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪਨੂੰ, ਜਗਸੀਰ ਸਿੰਘ ਭੰਗੂ, ਖੁਸ਼ਦੀਪ ਸਿੰਘ, ਵਰਿੰਦਰ ਸਿੰਘ ਬੀਬੀਵਾਲਾ, ਸੰਦੀਪ ਖ਼ਾਨ, ਨੌਜਵਾਨ ਭਾਰਤ ਸਭਾ ਦੇ ਅਸ਼ਵਨੀ ਘੁੱਦਾ, ਬੀਕੇਯੂ (ਉਗਰਾਹਾਂ) ਤੋਂ ਦਰਸ਼ਨ ਸਿੰਘ ਮਾਈਸਰਖਾਨਾ, ਡੀਟੀਐੱਫ ਤੋਂ ਮਾ. ਰੇਸ਼ਮ ਸਿੰਘ ਅਤੇ ਨਵਚਰਨਪ੍ਰੀਤ ਕੌਰ, ਪੀਐੱਸਯੂ (ਸ਼ਹੀਦ ਰੰਧਾਵਾ) ਤੋਂ ਅਮਿਤੋਜ ਸਿੰਘ, ਟੀਐੱਸਯੂ (ਭੰਗਲ) ਤੋਂ ਜਗਜੀਤ ਸਿੰਘ ਨੇ ਸੰਬੋਧਨ ਕੀਤਾ।