ਮਹਿਲਕਲਾਂ ਦੇ ਬਹੁ-ਚਰਚਿਤ ਕਿਰਨਜੀਤ ਕੌਰ ਸਮੂਹਿਕ ਜਬਰ-ਜਨਾਹ ਤੇ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਆਗੂ ਮਨਜੀਤ ਧਨੇਰ ਨੂੰ ਹਾਈ ਕੋਰਟ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ ਹੈ। ਜ਼ਿਕਰਯੋਗ ਹੈ ਕਿ ਵਿਦਿਆਰਥਣ ਕਿਰਨਜੀਤ ਕੌਰ ਨੂੰ 29 ਜੁਲਾਈ 1997 ਨੂੰ ਕਾਲਜ ਤੋਂ ਵਾਪਸ ਪਰਤਦਿਆਂ ਰਸਤੇ ਵਿਚੋਂ ਅਗਵਾ ਕਰਕੇ ਮੁਲਜ਼ਮਾਂ ਨੇ ਸਮੂਹਿਕ ਜਬਰ-ਜਨਾਹ ਤੋਂ ਬਾਅਦ ਕਤਲ ਕਰਕੇ ਲਾਸ਼ ਨੂੰ ਆਪਣੇ ਖੇਤਾਂ ਵਿੱਚ ਹੀ ਦੱਬ ਦਿੱਤਾ ਸੀ। ਐਕਸ਼ਨ ਕਮੇਟੀ ਦੀ ਅਗਵਾਈ ਹੇਠ ਚੱਲੇ ਸੰਘਰਸ਼ ਦੀ ਬਦੌਲਤ ਹੀ ਪੁਲੀਸ ਵੱਲੋਂ ਕਿਰਨਜੀਤ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਸਜ਼ਾਵਾਂ ਸੁਣਾਈਆਂ ਗਈਆਂ ਸਨ। ਪਰ 3 ਮਾਰਚ 2001 ਨੂੰ ਬਰਨਾਲਾ ਅਦਾਲਤ ਵਿਚ ਕਿਰਨਜੀਤ ਕੌਰ ਦਾ ਕਤਲ ਕਰਨ ਵਾਲੇ ਪਰਿਵਾਰ ਨਾਲ ਸਬੰਧਤ ਬਜ਼ੁਰਗ ਦਲੀਪ ਸਿੰਘ ਦਾ ਮਹਿਲ ਕਲਾਂ ਨਾਲ ਸਬੰਧਤ ਕੁਝ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਉਸ ਕੇਸ ਵਿੱਚ ਕਤਲ ਕਰਨ ਵਾਲਿਆਂ ਦੇ ਨਾਲ-ਨਾਲ ਐਕਸ਼ਨ ਕਮੇਟੀ ਦੇ ਤਿੰਨ ਮੋਹਰੀ ਮੈਂਬਰਾਂ ਨਰਾਇਣ ਦੱਤ, ਮਨਜੀਤ ਧਨੇਰ ਅਤੇ ਪ੍ਰੇਮ ਕੁਮਾਰ ਨੂੰ ਵੀ ਸ਼ਾਮਲ ਕਰ ਲਿਆ ਗਿਆ ਸੀ। ਸੈਸ਼ਨ ਕੋਰਟ ਬਰਨਾਲਾ ਵੱਲੋਂ 30 ਮਾਰਚ 2005 ਨੂੰ ਇਸ ਕੇਸ ’ਚ ਕਤਲ ਕਰਨ ਵਾਲਿਆਂ ਸਮੇਤ ਤਿੰਨਾਂ ਐਕਸ਼ਨ ਕਮੇਟੀ ਆਗੂਆਂ ਨੂੰ ਵੀ ਉਮਰ ਕੈਦ ਸਜ਼ਾ ਸੁਣਾ ਦਿੱਤੀ ਗਈ ਸੀ।
HOME ਕਿਰਨਜੀਤ ਹੱਤਿਆ ਕਾਂਡ: ਧਨੇਰ ਦੀ ਉਮਰ ਕੈਦ ਬਰਕਰਾਰ