ਨਵੀਂ ਦਿੱਲੀ, (ਸਮਾਜ ਵੀਕਲੀ) : ਸਿੰਘੂ ਅਤੇ ਟਿਕਰੀ ਬਾਰਡਰ ’ਤੇ ਪੱਕੇ ਘਰ ਬਣਾਉਣ ਵਾਲੇ ਕਿਸਾਨਾਂ ਖ਼ਿਲਾਫ਼ ਹਰਿਆਣਾ ਪੁਲੀਸ ਵੱਲੋਂ ਪਰਚੇ ਦਰਜ ਕਰਨ ਦੀ ਕਿਰਤੀ ਕਿਸਾਨ ਯੂਨੀਅਨ ਨੇ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਕਿਸਾਨ ਨਾਲ ਧੱਕਾ ਕੀਤਾ ਗਿਆ ਤਾਂ ਲੋਕ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਤੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਅੜੀਅਲ ਰਵੱਈਆ ਅਪਣਾ ਕੇ ਕਿਸਾਨਾਂ ’ਤੇ ਤਸ਼ੱਦਦ ਦਾ ਰਾਹ ਲੱਭ ਰਹੀ ਹੈ। ਮੋਦੀ ਸਰਕਾਰ ਵੀ ਤਾਨਾਸ਼ਾਹ ਹੈ। ਇਸ ਲਈ ਇਹ ਲੜਾਈ ਵੀ ਲੰਮੀ ਜਾ ਸਕਦੀ ਹੈ ਪਰ ਲੋਕਾਂ ਦੀ ਜਿੱਤ ਯਕੀਨੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਰਮੀ ਤੋਂ ਬਚਣ ਲਈ ਪ੍ਰਬੰਧ ਕਰਨ ਅਤੇ ਕਾਨੂੰਨਾਂ ਦੀ ਪੂਰਨ ਵਾਪਸੀ ਤਕ ਅੰਦੋਲਨ ਜਾਰੀ ਰੱਖਣ।